ਇਤਿਹਾਸਕ ਨਗਰ ਕੀਰਤਨ ਅੱਜ ਪਹੁੰਚੇਗਾ ਡੇਰਾ ਬਾਬਾ ਨਾਨਕ

08/02/2019 2:15:39 PM

ਅੰਮ੍ਰਿਤਸਰ (ਸੁਮਿਤ ਖੰਨਾ) :  ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਅਸਥਾਨ ਗੁ. ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਬੀਤੇ ਕੱਲ ਆਰੰਭ ਹੋਣ ਮਗਰੋਂ ਵਾਹਗਾ-ਅਟਾਰੀ ਸਰਹੱਦ ਰਾਹੀਂ ਭਾਰਤ ਪੁੱਜਾ ਅੰਤਰਰਾਸ਼ਟਰੀ ਨਗਰ ਕੀਰਤਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਰਾਤ ਦੇ ਵਿਸ਼ਰਾਮ ਮਗਰੋਂ ਅਗਲੇ ਪੜਾਅ ਲਈ ਰਵਾਨਾ ਹੋਇਆ। ਨਗਰ ਕੀਰਤਨ ਦਾ ਅੱਜ ਰਾਤ ਦਾ ਵਿਸ਼ਰਾਮ ਪਹਿਲੇ ਪਾਤਸ਼ਾਹ ਨਾਲ ਸਬੰਧਤ ਗੁ. ਸ੍ਰੀ ਦਰਬਾਰ ਸਾਹਿਬ ਡੇਰਾ ਬਾਬਾ ਨਾਨਕ (ਗੁਰਦਾਸਪੁਰ) ਵਿਖੇ ਹੋਵੇਗਾ। ਸੰਗਤ 'ਚ ਭਾਰੀ ਉਤਸ਼ਾਹ ਕਰ ਕੇ ਇਹ ਨਗਰ ਕੀਰਤਨ ਰਾਤ ਦੀ ਬਜਾਏ ਅੱਜ ਸਵੇਰੇ 5 ਵਜੇ ਦੇ ਕਰੀਬ ਅੰਮ੍ਰਿਤਸਰ ਪੁੱਜਾ।

ਇਥੋਂ ਰਵਾਨਗੀ ਤੋਂ ਪਹਿਲਾਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਕੀਤੀ ਗਈ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਪਾਲਕੀ ਸਾਹਿਬ 'ਚ ਸੁਸ਼ੋਭਿਤ ਕੀਤਾ। ਪੰਜ ਪਿਆਰਿਆਂ ਅਤੇ ਨਿਸ਼ਾਨਚੀ ਸਿੰਘਾਂ ਨੂੰ ਸਿੰਘ ਸਾਹਿਬਾਨ ਨੇ ਗੁਰੂ ਬਖਸ਼ਿਸ਼ ਸਿਰੋਪਾਓ ਦਿੱਤੇ। ਆਰੰਭਤਾ ਸਮੇਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿ. ਹਰਪ੍ਰੀਤ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਸਾਬਕਾ ਜਥੇਦਾਰ ਗਿ. ਗੁਰਬਚਨ ਸਿੰਘ, ਅੰਤ੍ਰਿੰਗ ਕਮੇਟੀ ਮੈਂਬਰ ਭਾਈ ਮਨਜੀਤ ਸਿੰਘ, ਭਾਈ ਰਾਮ ਸਿੰਘ, ਬਲਦੇਵ ਸਿੰਘ ਚੂੰਘਾ, ਭਾਈ ਰਾਜਿੰਦਰ ਸਿੰਘ ਮਹਿਤਾ, ਭਗਵੰਤ ਸਿੰਘ ਸਿਆਲਕਾ, ਹੈੱਡ ਗ੍ਰੰਥੀ ਭਾਈ ਮਲਕੀਤ ਸਿੰਘ ਤੇ ਗਿ. ਗੁਰਮੁੱਖ ਸਿੰਘ, ਗੁਰਿੰਦਰਪਾਲ ਸਿੰਘ ਗੋਰਾ, ਜਗਸੀਰ ਸਿੰਘ ਮਾਂਗੇਆਣਾ, ਮਿੱਠੂ ਸਿੰਘ ਕਾਹਨੇਕੇ, ਮਨਜੀਤ ਸਿੰਘ ਬੱਪੀਆਣਾ, ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਮਨਜੀਤ ਸਿੰਘ ਬਾਠ, ਮਹਿੰਦਰ ਸਿੰਘ ਆਹਲੀ, ਨਿੱਜੀ ਸਕੱਤਰ ਇੰਜ. ਸੁਖਮਿੰਦਰ ਸਿੰਘ, ਮੈਨੇਜਰ ਜਸਵਿੰਦਰ ਸਿੰਘ ਦੀਨਪੁਰ ਆਦਿ ਮੌਜੂਦ ਸਨ।

ਸ੍ਰੀ ਦਰਬਾਰ ਸਾਹਿਬ ਦੇ ਬਾਹਰ ਬਣੇ ਪਲਾਜ਼ਾ ਤੋਂ ਨਗਰ ਕੀਰਤਨ ਅੱਗੇ ਰਵਾਨਾ ਹੋਣ ਸਮੇਂ ਵੱਡੀ ਗਿਣਤੀ 'ਚ ਸੰਗਤਾਂ ਪੁੱਜੀਆਂ ਹੋਈਆਂ ਸਨ, ਜਿਨ੍ਹਾਂ ਨੇ ਫੁੱਲਾਂ ਦੀ ਵਰਖਾ ਕਰ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਪ੍ਰਤੀ ਸ਼ਰਧਾ ਪ੍ਰਗਟਾਈ। ਦੱਸਣਯੋਗ ਹੈ ਕਿ ਨਗਰ ਕੀਰਤਨ ਨਾਲ ਗੁਰੂ ਸਾਹਿਬਾਨ ਦੇ ਇਤਿਹਾਸਕ ਸ਼ਸਤਰਾਂ-ਬਸਤਰਾਂ ਵਾਲੀ ਬੱਸ ਵੀ ਖਿੱਚ ਦਾ ਕੇਂਦਰ ਬਣੀ ਹੋਈ ਹੈ। ਇਸ ਦੌਰਾਨ ਗਤਕਾ ਪਾਰਟੀਆਂ ਸਿੱਖ ਸ਼ਸਤਰ ਕਲਾ ਦੇ ਜੌਹਰ ਦਿਖਾ ਰਹੀਆਂ ਸਨ। ਬੈਂਡ ਦੀਆਂ ਧੁਨਾਂ ਮਾਹੌਲ ਨੂੰ ਖ਼ੂਬਸੂਰਤ ਬਣਾ ਰਹੀਆਂ ਸਨ। ਸਕੂਲਾਂ ਦੇ ਬੱਚਿਆਂ ਵੱਲੋਂ ਕੀਤੀ ਗਈ ਸ਼ਮੂਲੀਅਤ ਵੀ ਖਿੱਚ ਦਾ ਕੇਂਦਰ ਸੀ। ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਦਿਆਂ ਵੱਖ-ਵੱਖ ਸਿੱਖ ਸੰਸਥਾਵਾਂ ਤੇ ਸੰਗਤ ਦਾ ਦਿੱਤੇ ਸਹਿਯੋਗ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਹ ਪਲ ਬੇਹੱਦ ਇਤਿਹਾਸਕ ਹਨ ਅਤੇ ਸੰਗਤਾਂ ਇਸ ਨੂੰ ਸਦਾ ਯਾਦ ਰੱਖਣਗੀਆਂ।

ਇਥੋਂ ਰਵਾਨਗੀ ਸਮੇਂ ਨਿੱਜੀ ਸਕੱਤਰ ਇੰਜ. ਸੁਖਮਿੰਦਰ ਸਿੰਘ, ਸੁਖਦੇਵ ਸਿੰਘ ਭੂਰਾਕੋਹਨਾ, ਮੈਨੇਜਰ ਜਸਵਿੰਦਰ ਸਿੰਘ ਦੀਨਪੁਰ, ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ, ਕਰਮਬੀਰ ਸਿੰਘ ਕਿਆਮਪੁਰ, ਬਲਵਿੰਦਰ ਸਿੰਘ ਕਾਹਲਵਾਂ, ਸੁਲੱਖਣ ਸਿੰਘ ਭੰਗਾਲੀ ਤੇ ਤੇਜਿੰਦਰ ਸਿੰਘ ਪੱਡਾ ਸਮੇਤ ਵੱਡੀ ਗਿਣਤੀ 'ਚ ਸੰਗਤਾਂ ਹਾਜ਼ਰ ਸਨ।
 

 

Baljeet Kaur

This news is Content Editor Baljeet Kaur