ਇਤਿਹਾਸਕ ਨਗਰ ਕੀਰਤਨ ਪ੍ਰਯਾਗਰਾਜ ਤੋਂ ਅਗਲੇ ਪੜਾਅ ਲਈ ਰਵਾਨਾ

Friday, Aug 23, 2019 - 05:01 PM (IST)

ਅੰਮ੍ਰਿਤਸਰ (ਦੀਪਕ ਸ਼ਰਮਾ) : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰਦੁਆਰਾ ਪ੍ਰਕਾਸ਼ ਅਸਥਾਨ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਤੋਂ ਆਰੰਭ ਹੋਇਆ ਅੰਤਰਰਾਸ਼ਟਰੀ ਨਗਰ ਕੀਰਤਨ ਅੱਜ ਪ੍ਰਯਾਗਰਾਜ (ਇਲਾਹਾਬਾਦ) ਤੋਂ ਅਗਲੇ ਪੜਾਅ ਵਾਰਾਨਸੀ (ਯੂ.ਪੀ.) ਲਈ ਰਵਾਨਾ ਹੋਇਆ। ਬੀਤੀ ਰਾਤ ਨਗਰ ਕੀਰਤਨ ਦਾ ਪ੍ਰਯਾਗਰਾਜ ਪੁੱਜਣ ਸਮੇਂ ਸੰਗਤਾਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ। ਜਿਵੇਂ ਹੀ ਨਗਰ ਕੀਰਤਨ ਇਲਾਹਾਬਾਦ 'ਚ ਦਾਖਲ ਹੋਇਆ ਤਾਂ ਸੰਗਤਾਂ ਨੇ 'ਬੋਲੇ ਸੋ ਨਿਹਾਲ' ਦੇ ਜੈਕਾਰਿਆਂ ਨਾਲ ਅਸਮਾਨ ਗੂੰਜਾ ਦਿੱਤਾ। ਨਗਰ ਕੀਰਤਨ ਨਾਲ ਚੱਲ ਰਹੀ ਵਿਸ਼ੇਸ਼ ਬੱਸ 'ਚ ਰੱਖੇ ਗੁਰੂ ਸਾਹਿਬਾਨ ਦੇ ਸ਼ਸਤਰਾਂ ਅਤੇ ਨਿਸ਼ਾਨੀਆਂ ਨੂੰ ਸੰਗਤਾਂ ਰੀਝ ਨਾਲ ਨਿਹਾਰਦੀਆਂ ਰਹੀਆਂ। 
PunjabKesari
ਅੱਜ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਖੁਰਦਾਬਾਦ ਪ੍ਰਯਾਗਰਾਜ ਤੋਂ ਨਗਰ ਕੀਰਤਨ ਦੀ ਰਵਾਨਗੀ ਸਮੇਂ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਨੇ ਪੰਜ ਪਿਆਰੇ ਸਾਹਿਬਾਨ, ਨਿਸ਼ਾਨਚੀ ਸਿੰਘਾਂ ਤੇ ਨਗਰ ਕੀਰਤਨ ਦੇ ਪ੍ਰਬੰਧਕਾਂ ਨੂੰ ਸਿਰੋਪਾਓ ਭੇਟ ਕਰ ਕੇ ਸਨਮਾਨਿਤ ਕੀਤਾ। ਧਾਰਮਿਕ ਦੀਵਾਨ ਉਪਰੰਤ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਪਟਿਆਲਾ ਦੇ ਹੈੱਡ ਗ੍ਰੰਥੀ ਭਾਈ ਪ੍ਰਣਾਮ ਸਿੰਘ ਨੇ ਆਰੰਭਤਾ ਦੀ ਅਰਦਾਸ ਕੀਤੀ। ਇਸ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਕੀਤਾ ਗਿਆ। ਗੁਰਦੁਆਰਾ ਸਾਹਿਬ ਤੋਂ ਪਾਲਕੀ ਸਾਹਿਬ ਤੱਕ ਸੰਗਤਾਂ ਨੇ ਫੁੱਲਾਂ ਦੀ ਵਿਛਾਈ ਕੀਤੀ ਹੋਈ ਸੀ। ਇਸ ਮੌਕੇ ਆਈ.ਏ.ਐੱਸ. ਕਵਿੰਦਰਪ੍ਰਤਾਪ ਸਿੰਘ, ਡੀ.ਆਈ.ਜੀ. ਪ੍ਰਯਾਗਰਾਜ ਦੀ ਨਿਗਰਾਨੀ ਹੇਠ ਸਥਾਨਕ ਪੁਲਸ ਦੀ ਟੁਕੜੀ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸਲਾਮੀ ਦੇ ਕੇ ਸਤਿਕਾਰ ਭੇਟ ਕੀਤਾ। ਵੱਖ-ਵੱਖ ਧਰਮਾਂ ਦੇ ਲੋਕਾਂ ਵਲੋਂ ਇਸ ਇਤਿਹਾਸਕ ਨਗਰ ਕੀਰਤਨ ਮੌਕੇ ਕੀਤੀ ਜਾ ਰਹੀ ਸੰਗਤਾਂ ਦੀ ਸੇਵਾ ਗੁਰੂ ਸਾਹਿਬ ਵਲੋਂ ਬਖਸ਼ੇ ਸਾਂਝੀਵਾਲਤਾ ਦੇ ਸਿਧਾਂਤ ਨੂੰ ਅਮਲੀ ਰੂਪ 'ਚ ਪੇਸ਼ ਕਰ ਰਹੀ ਸੀ। ਹਰ ਧਰਮ ਦੇ ਲੋਕਾਂ 'ਚ ਗੁਰੂ ਸਾਹਿਬ ਦੇ ਦਰਸ਼ਨਾਂ ਪ੍ਰਤੀ ਭਾਰੀ ਉਤਸ਼ਾਹ ਸੀ। ਵੱਡੀ ਗਿਣਤੀ 'ਚ ਸਥਾਨਕ ਨੌਜਵਾਨ ਮੋਟਰਸਾਈਕਲਾਂ ਉਪਰ ਕਾਫਲੇ ਦੇ ਰੂਪ ਵਿਚ ਨਗਰ ਕੀਰਤਨ ਨਾਲ ਸ਼ਾਮਲ ਹੋਏ। 
PunjabKesari
ਇਸ ਮੌਕੇ ਜੋਗਿੰਦਰ ਸਿੰਘ ਪ੍ਰਧਾਨ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਪ੍ਰੀਤਮ ਸਿੰਘ ਜਨਰਲ ਸਕੱਤਰ, ਹਰਬਿੰਦਰ ਸਿੰਘ ਮੀਤ ਪ੍ਰਧਾਨ, ਜਤਿੰਦਰ ਸਿੰਘ ਖ਼ਜ਼ਾਨਚੀ, ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਹਰਜੀਤ ਸਿੰਘ ਲਾਲੂ ਘੁੰਮਣ, ਇੰਚਾਰਜ ਗੁਰਚਰਨ ਸਿੰਘ ਕੁਹਾਲਾ, ਸ੍ਰੀ ਦਰਬਾਰ ਸਾਹਿਬ ਦੇ ਵਧੀਕ ਮੈਨੇਜਰ ਨਰਿੰਦਰ ਸਿੰਘ ਮਥਰੇਵਾਲ, ਭਾਈ ਬ੍ਰਿਜਪਾਲ ਸਿੰਘ ਇੰਚਾਰਜ ਸਿੱਖ ਮਿਸ਼ਨ ਹਾਪੜ, ਅਜੀਤ ਸਿੰਘ, ਦਵਿੰਦਰ ਸਿੰਘ, ਜਗਜੀਤ ਸਿੰਘ, ਜਗਜੀਤ ਸਿੰਘ ਪ੍ਰਚਾਰਕ ਆਦਿ ਮੌਜੂਦ ਸਨ। ਨਗਰ ਕੀਰਤਨ ਭਲਕੇ 24 ਅਗਸਤ ਨੂੰ ਵਾਰਾਨਸੀ ਤੋਂ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ, ਬਿਹਾਰ ਲਈ ਰਵਾਨਾ ਹੋਵੇਗਾ।


Baljeet Kaur

Content Editor

Related News