ਇਤਿਹਾਸਕ ਨਗਰ ਕੀਰਤਨ ਕਾਨਪੁਰ ਤੋਂ ਜੈਕਾਰਿਆਂ ਦੀ ਗੂੰਜ 'ਚ ਅਗਲੇ ਪੜਾਅ ਲਈ ਰਵਾਨਾ

Thursday, Aug 22, 2019 - 03:47 PM (IST)

ਅੰਮ੍ਰਿਤਸਰ (ਦੀਪਕ ਸ਼ਰਮਾ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਜਗਤ ਗੁਰੂ ਸ੍ਰੀ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਆਰੰਭ ਹੋਇਆ ਅੰਤਰਰਾਸ਼ਟਰੀ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਰਣਜੀਤ ਨਗਰ ਕਾਨ੍ਹਪੁਰ ਤੋਂ ਅਗਲੇ ਪੜਾਅ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਖੁਲਦਾਬਾਦ ਇਲਾਹਾਬਾਦ (ਯੂ.ਪੀ.) ਲਈ ਰਵਾਨਾ ਹੋਇਆ। ਕਾਨ੍ਹਪੁਰ ਤੋਂ ਨਗਰ ਕੀਰਤਨ ਦੀ ਰਵਾਨਗੀ ਸਮੇਂ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਨੇ ਪੰਜ ਪਿਆਰੇ ਸਾਹਿਬਾਨ ਤੇ ਨਿਸ਼ਾਨਚੀ ਸਿੰਘਾਂ ਨੂੰ ਸਿਰੋਪਾਓ ਭੇਟ ਕੀਤੇ। 
PunjabKesari
ਇਸ ਦੌਰਾਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਪਟਿਆਲਾ ਦੇ ਹੈੱਡ ਗ੍ਰੰਥੀ ਭਾਈ ਪ੍ਰਣਾਮ ਸਿੰਘ ਨੇ ਆਰੰਭਤਾ ਦੀ ਅਰਦਾਸ ਕੀਤੀ। ਇਸ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਕੀਤਾ ਗਿਆ। ਨਗਰ ਕੀਰਤਨ ਦੀ ਆਰੰਭਤਾ ਸਮੇਂ ਉਤਰ ਪ੍ਰਦੇਸ਼ ਸਰਕਾਰ ਦੀ ਤਰਫੋਂ ਕਾਨ੍ਹਪੁਰ ਦੇ ਡਿਪਟੀ ਕਮਿਸ਼ਨਰ ਆਈ. ਏ. ਐੱਸ. ਸ੍ਰੀ ਸੁਭਾਸ਼ ਚੰਦ ਸ਼ਰਮਾ ਨੇ ਵਿਸ਼ੇਸ ਤੌਰ 'ਤੇ ਸ਼ਿਰਕਤ ਕਰਕੇ ਗੁਰੂ ਸਾਹਿਬ ਨੂੰ ਸਤਿਕਾਰ ਭੇਟ ਕੀਤਾ। ਇਸ ਮੌਕੇ ਸਥਾਨਕ ਪੁਲਸ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸਲਾਮੀ ਦੇ ਕੇ ਸਤਿਕਾਰ ਕੀਤਾ ਗਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਬਲਦੇਵ ਸਿੰਘ ਖ਼ਾਲਸਾ, ਹਰਵਿੰਦਰ ਸਿੰਘ ਲਾਰਡ ਪ੍ਰਧਾਨ, ਸੁਖਵਿੰਦਰ ਸਿੰਘ ਭੱਲਾ ਪ੍ਰਧਾਨ, ਗੁਰਪਾਲ ਸਿੰਘ ਚਾਵਲਾ, ਹਰਵਿੰਦਰ ਸਿੰਘ, ਗੁਰਜੀਤ ਸਿੰਘ, ਚਰਨਜੀਤ ਸਿੰਘ, ਉਜਾਗਰ ਸਿੰਘ, ਹਰਪ੍ਰੀਤ ਸਿੰਘ, ਬੀਬੀ ਕੁਲਵਿੰਦਰ ਕੌਰ ਸਮੇਤ ਸੰਗਤਾਂ ਹਾਜ਼ਰ ਸਨ। 
PunjabKesari
ਦੱਸ ਦੇਈਏ ਕਿ ਬੀਤੀ ਰਾਤ ਨਗਰ ਕੀਰਤਨ ਦਾ ਕਾਨ੍ਹਪੁਰ ਪਹੁੰਚਣ ਸਮੇਂ ਸਥਾਨਕ ਸੰਗਤਾਂ ਵਲੋਂ ਫੁੱਲਾਂ ਦੀ ਵਰਖਾ ਕਰਕੇ ਭਰਵਾਂ ਸਵਾਗਤ ਕੀਤਾ ਗਿਆ। ਸੰਗਤਾਂ ਵਲੋਂ ਵੱਖ-ਵੱਖ ਤਰ•ਾਂ ਦੇ ਲੰਗਰ ਵੀ ਲਗਾਏ ਗਏ ਸਨ। ਨਗਰ ਕੀਰਤਨ ਨਾਲ ਚੱਲ ਰਹੀ ਵਿਸ਼ੇਸ਼ ਬੱਸ 'ਚ ਸੁਸ਼ੋਭਿਤ ਗੁਰੂ ਸਾਹਿਬਾਨ ਦੀਆਂ ਪਾਵਨ ਨਿਸ਼ਾਨੀਆਂ ਦੇ ਦਰਸ਼ਨਾਂ ਲਈ ਵੀ ਸੰਗਤਾਂ 'ਚ ਭਾਰੀ ਉਤਸ਼ਾਹ ਸੀ। ਨਗਰ ਕੀਰਤਨ ਨਾਲ ਗੁਰਦੁਆਰਾ ਦੂਖਨਿਵਾਰਨ ਸਾਹਿਬ ਪਟਿਆਲਾ ਦੇ ਹੈੱਡ ਗ੍ਰੰਥੀ ਗਿਆਨੀ ਪ੍ਰਣਾਮ ਸਿੰਘ, ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਹਰਜੀਤ ਸਿੰਘ ਲਾਲੂ ਘੁੰਮਣ, ਇੰਚਾਰਜ ਗੁਰਚਰਨ ਸਿੰਘ ਕੁਹਾਲਾ, ਸ੍ਰੀ ਦਰਬਾਰ ਸਾਹਿਬ ਦੇ ਵਧੀਕ ਮੈਨੇਜਰ ਨਰਿੰਦਰ ਸਿੰਘ ਮਥਰੇਵਾਲ, ਭਾਈ ਬ੍ਰਿਜਪਾਲ ਸਿੰਘ ਇੰਚਾਰਜ ਸਿੱਖ ਮਿਸ਼ਨ ਹਾਪੜ, ਭਾਈ ਸੁਖਵਿੰਦਰ ਸਿੰਘ ਐੱਮ.ਏ., ਭਾਈ ਸਤਵੰਤ ਸਿੰਘ, ਭਾਈ ਗੁਰਪ੍ਰੀਤ ਸਿੰਘ,  ਜਗਜੀਤ ਸਿੰਘ ਪ੍ਰਚਾਰਕ ਆਦਿ ਮੌਜੂਦ ਸਨ। ਨਗਰ ਕੀਰਤਨ ਭਲਕੇ 23 ਅਗਸਤ ਨੂੰ ਵਾਰਾਨਾਸੀ ਯੂ. ਪੀ. ਲਈ ਰਵਾਨਾ ਹੋਵੇਗਾ।


Baljeet Kaur

Content Editor

Related News