ਮਜੀਠੀਆ ਨੇ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਦਾ ਪੈਸਾ ਪਟਿਆਲਾ ਨੂੰ ਦੇਣ ਦੀ ਕੀਤੀ ਨਿਖੇਧੀ

06/16/2020 12:50:22 AM

ਚੰਡੀਗੜ੍ਹ,(ਅਸ਼ਵਨੀ)- ਸ਼੍ਰੋਮਣੀ ਅਕਾਲੀ ਦਲ ਨੇ ਅੱਜ ਸਥਾਨਕ ਸਰਕਾਰਾਂ ਵਿਭਾਗ ਵਲੋਂ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਦੇ 15 ਕਰੋੜ ਰੁਪਏ ਪਟਿਆਲਾ ਇੰਪਰੂਵਮੈਂਟ ਟਰੱਸਟ ਨੂੰ ਭੇਜਣ ਦੇ ਫੈਸਲੇ ਦੀ ਜ਼ੋਰਦਾਰ ਨਿਖੇਧੀ ਕਰਦਿਆਂ ਆਖਿਆ ਹੈ ਕਿ ਇਸ ਨਾਲ ਪਵਿੱਤਰ ਨਗਰੀ ਦੇ ਵਿਕਾਸ 'ਤੇ ਉਲਟ ਅਸਰ ਪਵੇਗਾ ਅਤੇ ਪਾਰਟੀ ਨੇ ਇਸ ਫੈਸਲੇ ਨੂੰ ਤੁਰੰਤ ਖਾਰਜ ਕੀਤੇ ਜਾਣ ਦੀ ਮੰਗ ਕੀਤੀ। ਪਾਰਟੀ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਨੂੰ ਵੀ ਅਪੀਲ ਕੀਤੀ ਕਿ ਉਹ ਇਹ ਯਕੀਨੀ ਬਣਾਉਣ ਕਿ ਕਿਸੇ ਵੀ ਕੀਮਤ 'ਤੇ ਅੰਮ੍ਰਿਤਸਰ ਨਾਲ ਅਨਿਆਂ ਨਾਂ ਕੀਤਾ ਜਾਵੇਗਾ।

ਇੱਥੇ ਜਾਰੀ ਕੀਤੇ ਇਕ ਬਿਆਨ 'ਚ ਸਾਬਕਾ ਮੁੱਖ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਨੇ ਪੈਂਡਿੰਗ ਪਏ ਵਿਕਾਸ ਕਾਰਜਾਂ ਨੂੰ ਪੂਰਾ ਕਰਨ ਵਾਸਤੇ ਆਪਣੀਆਂ ਜਾਇਦਾਦਾਂ ਵੇਚ ਕੇ ਇਹ 15 ਕਰੋੜ ਰੁਪਏ ਇਕੱਠੇ ਕੀਤੇ ਸਨ। ਇਹ ਪੈਸਾ ਪਟਿਆਲਾ ਇੰਪਰੂਵਮੈਂਟ ਟਰੱਸਟ ਨੂੰ ਤਬਦੀਲ ਕਰਨ ਨਾਲ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਦਾ ਕੰਮਕਾਜ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਜਾਵੇਗਾ ਤੇ ਟਰੱਸਟ ਵਲੋਂ ਕੀਤੇ ਜਾ ਰਹੇ ਸਾਰੇ ਕੰਮ ਰੁਕ ਜਾਣਗੇ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਪਟਿਆਲਾ ਟਰੱਸਟ ਨੂੰ ਫੰਡ ਦੇਣਾ ਚਾਹੁੰਦੀ ਤਾਂ ਇਸ ਲਈ ਸਰਕਾਰੀ ਖ਼ਜ਼ਾਨੇ 'ਚੋਂ ਫੰਡ ਨਿਸ਼ਚਿਤ ਕੀਤੇ ਜਾਣੇ ਚਾਹੀਦੇ ਹਨ।

ਉਨ੍ਹਾਂ ਸਥਾਨਕ ਸਰਕਾਰਾਂ ਮੰਤਰੀ ਬ੍ਰਹਮ ਮਹਿੰਦਰਾ ਦੇ ਇਸ ਸਪੱਸ਼ਟੀਕਰਨ ਨੂੰ ਰੱਦ ਕਰ ਦਿੱਤਾ ਕਿ ਇਹ ਨਰਮ ਕਰਜ਼ਾ ਹੈ, ਜੋ ਡੇਢ ਸਾਲ ਮਗਰੋਂ ਵਿਆਜ ਸਮੇਤ ਵਾਪਸ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕੋਲ ਪਟਿਆਲਾ ਟਰੱਸਟ ਲਈ ਫੰਡ ਜੁਟਾਉਣ ਵਾਸਤੇ ਤਿੰਨ ਸਾਲ ਤੋਂ ਵੱਧ ਸਮਾਂ ਸੀ ਪਰ ਉਸ ਨੇ ਅਜਿਹਾ ਨਹੀਂ ਕੀਤਾ। ਹੁਣ ਜਦੋਂ 2020 ਦੀਆਂ ਵਿਧਾਨ ਸਭਾ ਚੋਣਾਂ ਵਾਸਤੇ ਚੋਣ ਜ਼ਾਬਤਾ ਲੱਗਣ ਨੂੰ ਸਿਰਫ਼ ਡੇਢ ਸਾਲ ਦਾ ਸਮਾਂ ਰਹਿ ਗਿਆ ਹੈ ਤਾਂ ਇਹ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਪੈਸਾ ਚੋਣਾਂ ਤੋਂ ਇਕ ਮਹੀਨਾ ਪਹਿਲਾਂ ਮੁੜ ਆਵੇਗਾ ਪਰ ਇਸ 'ਤੇ ਭਰੋਸਾ ਨਹੀਂ ਕੀਤਾ ਜਾ ਸਕਦਾ।

ਮਜੀਠੀਆ ਨੇ ਕਿਹਾ ਕਿ ਅਕਾਲੀ ਦਲ ਪਵਿੱਤਰ ਨਗਰੀ ਨਾਲ ਇਹ ਵਿਤਕਰਾ ਨਹੀਂ ਹੋਣ ਦੇਵੇਗਾ। ਉਨ੍ਹਾਂ ਕਿਹਾ ਕਿ ਮੀਡੀਆ ਰਿਪੋਰਟਾਂ ਤੋਂ ਇਹ ਗੱਲ ਸਾਹਮਣੇ ਆਈ ਹੈ ਕਿ ਅੰਮ੍ਰਿਤਸਰ ਤੋਂ ਫੰਡ ਤਬਦੀਲ ਕਰਨ ਦਾ ਇਹ ਫੈਸਲਾ ਇਸ ਲਈ ਲਿਆ ਜਾ ਰਿਹਾ ਹੈ ਤਾਂ ਕਿ ਸਥਾਨਕ ਸਰਕਾਰਾਂ ਮੰਤਰੀ ਦੇ ਹਲਕੇ ਪਟਿਆਲਾ ਦਿਹਾਤੀ ਦਾ ਵਿਕਾਸ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਇਸ ਸਾਲ ਜਨਵਰੀ 'ਚ ਇਹ ਰਿਪੋਰਟਾਂ ਆਈਆਂ ਸਨ ਕਿ ਨਗਰ ਨਿਗਮ ਪਟਿਆਲਾ ਤੋਂ ਪਟਿਆਲਾ ਦਿਹਾਤੀ ਹਲਕੇ ਦੇ ਵਿਕਾਸ ਦਾ ਕੰਮ ਲੈ ਕੇ ਪਟਿਆਲਾ ਇੰਪਰੂਵਮੈਂਟ ਟਰੱਸਟ ਨੂੰ ਦਿੱਤਾ ਗਿਆ ਹੈ, ਜਿਸਦੇ ਮੁਖੀ ਬ੍ਰਹਮ ਮਹਿੰਦਰਾ ਦੇ ਵਫ਼ਾਦਾਰ ਹਨ। ਉਨ੍ਹਾਂ ਕਿਹਾ ਕਿ ਇਹ ਹਿੱਤਾਂ ਦੇ ਟਕਰਾਅ ਦਾ ਸਪੱਸ਼ਟ ਮਾਮਲਾ ਹੈ ਕਿਉਂਕਿ ਸਥਾਨਕ ਸਰਕਾਰ ਮੰਤਰੀ ਪਵਿੱਤਰ ਨਗਰੀ ਅੰਮ੍ਰਿਤਸਰ ਦੀ ਕੀਮਤ 'ਤੇ ਆਪਣੇ ਹਲਕੇ ਦਾ ਵਿਕਾਸ ਕਰਨ ਲਈ ਆਪਣਾ ਪ੍ਰਭਾਵ ਨਹੀਂ ਵਰਤ ਸਕੇ। ਮਜੀਠੀਆ ਨੇ ਮੁੱਖ ਮੰਤਰੀ ਕੈ. ਅਮਰਿੰਦਰ ਨੂੰ ਅਪੀਲ ਕੀਤੀ ਕਿ ਉਹ ਇਸ ਮਾਮਲੇ 'ਚ ਦਖਲ ਦੇਣ ਅਤੇ ਯਕੀਨੀ ਬਣਾਉਣ ਕਿ ਪਵਿੱਤਰ ਨਗਰੀ ਨਾਲ ਕਿਸੇ ਵੀ ਕੀਮਤ 'ਤੇ ਅਨਿਆਂ ਨਾ ਹੋਵੇ।
 


Deepak Kumar

Content Editor

Related News