ਅੰਮ੍ਰਿਤਸਰ : ਭੱਗੂਪੁਰ ਹਵੇਲੀਆਂ ਦੇ ਗੁਰਦੁਆਰਾ ਸਾਹਿਬ 'ਚ ਵਾਪਰੀ ਬੇਅਦਬੀ ਦੀ ਘਟਨਾ (ਵੀਡੀਓ)
Wednesday, Jan 05, 2022 - 09:26 PM (IST)
ਅਜਨਾਲਾ/ਭਿੰਡੀਸੈਦਾਂ/ਅੰਮ੍ਰਿਤਸਰ (ਗੁਰਜੰਟ/ਦੀਪਕ)-ਪੁਲਸ ਜ਼ਿਲਾ ਅੰਮ੍ਰਿਤਸਰ ਦਿਹਾਤੀ ਦੇ ਥਾਣਾ ਭਿੰਡੀ ਸੈਦਾਂ ਅਧੀਨ ਆਉਂਦੇ ਪਿੰਡ ਨੇਪਾਲ ਦੇ ਨਜ਼ਦੀਕ ਭੱਗੂਪੁਰ ਹਵੇਲੀਆਂ ਦੇ ਗੁਰਦੁਆਰਾ ਨਾਨਕਸਰ ਵਿਖੇ ਬੇਅਦਬੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮਾਮਲੇ ਸੰਬੰਧੀ ਦਮਦਮੀ ਟਕਸਾਲ ਅਜਨਾਲਾ ਦੇ ਮੁਖੀ ਭਾਈ ਅਮਰੀਕ ਸਿੰਘ ਅਜਨਾਲਾ ਨੇ ਇਸ ਘਟਨਾ ਦੀ ਨਿਖੇਧੀ ਕਰਦਿਆਂ ਦੱਸਿਆ ਕਿ ਭੱਗੂਪੁਰ ਹਵੇਲੀਆਂ ਤੇ ਗੁਰਦੁਆਰਾ ਨਾਨਕਸਰ ਵਿਖੇ ਇਕ ਅਣਪਛਾਤੇ ਵਿਅਕਤੀ ਵੱਲੋਂ ਗੁਰਦੁਆਰਾ ਸਾਹਿਬ ਦੇ ਅੰਦਰ ਦਾਖ਼ਲ ਹੋ ਕੇ ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਪਵਿੱਤਰ ਬੀੜ ਨੂੰ ਪੀੜ੍ਹਾ ਸਾਹਿਬ ਤੋਂ ਚੁੱਕ ਕੇ ਲਾਗੇ ਪਏ ਮੇਜ਼ ਉੱਪਰ ਰੱਖਣ ਤੋਂ ਬਾਅਦ ਸ੍ਰੀ ਗੁਰੂ ਗ੍ਰੰਥ ਸਾਹਿਬ ਉੱਪਰ ਦਿੱਤੇ ਸਰਦੀਆਂ ਵਾਲੇ ਰੁਮਾਲਾ ਸਾਹਿਬ ਨੂੰ ਚੁੱਕ ਕੇ ਘੋਰ ਬੇਅਦਬੀ ਕੀਤੀ ਹੈ, ਜੋ ਕਿ ਅਤਿ ਨਿੰਦਣਯੋਗ ਹੈ।
ਇਹ ਵੀ ਪੜ੍ਹੋ :PM ਮੋਦੀ ਦੀ ਰੱਦ ਹੋਈ ਰੈਲੀ ਨੂੰ ਲੈ ਕੇ ਭਗਵੰਤ ਮਾਨ ਨੇ ਪੰਜਾਬ ਸਰਕਾਰ ਤੇ ਚੁੱਕੇ ਸਵਾਲ
ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਨੇੜਲੇ ਦੇ ਇਲਾਕੇ ਤੋਂ ਇਕੱਤਰ ਹੋਈ ਸੰਗਤ ਦੀ ਮੰਗ ਅਨੁਸਾਰ ਉਕਤ ਦੋਸ਼ੀ ਤੋਂ ਸਖ਼ਤੀ ਨਾਲ ਪੁੱਛ-ਗਿੱਛ ਕਰ ਕੇ ਕਰ ਕੇ ਸਾਰੀ ਸੱਚਾਈ ਸਾਹਮਣੇ ਲਿਆਂਦੀ ਜਾਵੇ। ਇਸ ਮੌਕੇ ਪਹੁੰਚੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਵਾਈਸ ਪ੍ਰਧਾਨ ਅਤੇ ਐੱਸ.ਜੀ.ਪੀ.ਸੀ. ਮੈਂਬਰ ਸੁਰਜੀਤ ਸਿੰਘ ਭਿੱਟੇਵੱਡ ਨੇ ਕਿਹਾ ਕਿ ਪਿਛਲੇ ਸਮੇਂ ਦੌਰਾਨ ਗੁਰੂ ਘਰਾਂ 'ਚ ਵਾਪਰੀਆਂ ਅਜਿਹੀਆਂ ਘਟਨਾਵਾਂ ਕਾਰਨ ਸਮੁੱਚੇ ਸਿੱਖ ਜਗਤ ਦੇ ਹਿਰਦੇ ਬੁਰੀ ਤਰ੍ਹਾਂ ਵਲੂੰਧਰੇ ਜਾ ਚੁੱਕੇ ਹਨ, ਪਰ ਪ੍ਰਸ਼ਾਸਨ ਹੁਣ ਅਜਿਹੀਆਂ ਘਿਨਾਉਣੀਆਂ ਹਰਕਤਾਂ ਨੂੰ ਅੰਜਾਮ ਦੇਣ ਵਾਲੇ ਕਿਸੇ ਵੀ ਵਿਅਕਤੀ ਤੱਕ ਪਹੁੰਚਣ 'ਚ ਨਾਕਾਮਯਾਬ ਸਾਬਤ ਹੋਇਆ ਹੈ। ਇਸ ਮਾਮਲੇ ਸਬੰਧੀ ਸਬ ਡਵੀਜ਼ਨ ਅਟਾਰੀ ਦੇ ਡੀ ਐੱਸ.ਪੀ. ਰਵਿੰਦਰ ਸਿੰਘ ਨੇ ਦੱਸਿਆ ਕਿ ਅੱਜ ਦਿਨ ਸਮੇਂ ਇਕ ਅਣਪਛਾਤੇ ਵਿਅਕਤੀ ਨੇ ਗੁਰਦੁਆਰਾ ਸਾਹਿਬ ਦੇ ਅੰਦਰ ਵੜ ਕੇ ਬੇਅਦਬੀ ਕੀਤੀ ਹੈ, ਜਿਸ ਨੂੰ ਪਿੰਡ ਵਾਸੀਆਂ ਨੇ ਮੌਕੇ 'ਤੇ ਕਾਬੂ ਕੀਤਾ ਹੈ, ਜਿਸ ਸਬੰਧੀ ਪੁੱਛ-ਗਿੱਛ ਕਰਨ ਤੋਂ ਬਾਅਦ ਅਗਲੀ ਕਾਰਵਾਈ ਸ਼ੁਰੂ ਕੀਤੀ ਜਾਵੇਗੀ।
ਇਹ ਵੀ ਪੜ੍ਹੋ : PM ਮੋਦੀ ਦੀ ਸੁਰੱਖਿਆ 'ਚ ਕਮੀ ਬਰਦਾਸ਼ਤ ਤੋਂ ਬਾਹਰ : ਰਾਘਵ ਚੱਢਾ
ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।