ਜੈਕਾਰਿਆਂ ਦੀ ਗੂੰਜ ਨਾਲ ਇਤਿਹਾਸਕ ਨਗਰ ਕੀਰਤਨ ਅਗਲੇ ਪੜਾਅ ਲਈ ਰਵਾਨਾ

09/03/2019 5:35:51 PM

ਅੰਮ੍ਰਿਤਸਰ (ਦੀਪਕ ਸ਼ਰਮਾ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਆਰੰਭ ਕੀਤਾ ਗਿਆ ਇਤਿਹਾਸਕ ਨਗਰ ਕੀਰਤਨ ਅੱਜ ਰਾਂਚੀ (ਝਾਰਖੰਡ) ਤੋਂ ਰੌੜਕਿਲ੍ਹਾ ਲਈ ਰਵਾਨਾ ਹੋ ਗਿਆ ਹੈ। ਨਗਰ ਕੀਰਤਨ ਨਾਲ ਪ੍ਰਬੰਧਕ ਵਜੋਂ ਸੇਵਾ ਨਿਭਾਅ ਰਹੇ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ. ਪ੍ਰਤਾਪ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਤੀ ਰਾਤ ਰਾਂਚੀ ਸਥਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਨਗਰ ਕੀਰਤਨ ਪੁੱਜਣ 'ਤੇ ਆਈ ਹੋਈ ਸੰਗਤ ਨੇ ਖ਼ਾਲਸਈ ਜੈਕਾਰਿਆਂ ਅਤੇ ਫੁੱਲਾਂ ਦੀ ਵਰਖਾ ਨਾਲ ਨਗਰ ਕੀਰਤਨ ਦਾ ਸਵਾਗਤ ਕੀਤਾ।

PunjabKesari

ਨਗਰ ਕੀਰਤਨ ਦਾ ਸਵਾਗਤ ਕਰਨ ਲਈ ਕਮਿਸ਼ਨ ਝਾਰਖੰਡ ਦੇ ਚੇਅਰਮੈਨ ਮੁਹੰਮਦ ਇਕਬਾਲ ਖਾਨ ਅਤੇ ਉੱਪ ਚੇਅਰਮੈਨ ਸ. ਗੁਰਵਿੰਦਰ ਸਿੰਘ ਸੇਠੀ ਉਚੇਚੇ ਤੌਰ 'ਤੇ ਮੌਜੂਦ ਸਨ। ਇਸ ਮੌਕੇ ਸਥਾਨਕ ਗੁਰਦੁਆਰਾ ਕਮੇਟੀਆਂ ਦੇ ਅਹੁਦੇਦਾਰ, ਪ੍ਰਮੁੱਖ ਸਿੱਖ ਆਗੂ ਅਤੇ ਵੱਡੀ ਗਿਣਤੀ 'ਚ ਸੰਗਤਾਂ ਗੁਰੂ ਸਾਹਿਬ ਦੇ ਦਰਸ਼ਨ ਕਰਨ ਲਈ ਪੁੱਜੀਆਂ ਹੋਈਆਂ ਸਨ। ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਨਗਰ ਕੀਰਤਨ ਦੀ ਰਾਂਚੀ ਤੋਂ ਰੌੜਕਿਲ੍ਹਾ ਲਈ ਰਵਾਨਗੀ ਸਮੇਂ ਵੱਡੀ ਗਿਣਤੀ 'ਚ ਸੰਗਤਾਂ ਨੇ ਹਾਜ਼ਰੀ ਭਰੀ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਮਲਕੀਤ ਸਿੰਘ ਨੇ ਅਗਲੇ ਪੜਾਅ ਲਈ ਆਰੰਭਤਾ ਸਮੇਂ ਅਰਦਾਸ ਕੀਤੀ ਅਤੇ ਇਸ ਤੋਂ ਪਹਿਲਾਂ ਉਨ੍ਹਾਂ ਸੰਗਤ ਨਾਲ ਗੁਰਮਤਿ ਵਿਚਾਰਾਂ ਸਾਂਝੀਆਂ ਕੀਤੀਆਂ। ਰਾਂਚੀ ਵਿਖੇ ਸੰਗਤ ਵਲੋਂ ਵਿਖਾਏ ਗਏ ਭਾਰੀ ਉਤਸ਼ਾਹ ਤੋਂ ਇਲਾਵਾ ਨਗਰ ਕੀਰਤਨ ਦੇ ਮਾਰਗ 'ਤੇ ਹੋਰਨਾਂ ਥਾਵਾਂ 'ਤੇ ਵੀ ਸੰਗਤਾਂ ਨੇ ਭਰਵੀਂ ਸ਼ਮੂਲੀਅਤ ਕੀਤੀ ਅਤੇ ਗੁਰੂ ਸਾਹਿਬ ਨੂੰ ਸੁੰਦਰ ਰੁਮਾਲਾ ਸਾਹਿਬ ਭੇਟ ਕਰਕੇ ਸ਼ਰਧਾ ਪ੍ਰਗਟਾਈ। ਇਸ ਮੌਕੇ ਲੰਗਰ ਅਤੇ ਠੰਡੇ ਮਿੱਠੇ ਜਲ ਦੀਆਂ ਛਬੀਲਾਂ ਲਗਾਈਆਂ ਗਈਆਂ।

PunjabKesari

ਰਾਂਚੀ ਤੋਂ ਰਵਾਨਗੀ ਸਮੇਂ ਹੋਰਨਾਂ ਤੋਂ ਇਲਾਵਾ ਮੈਂਬਰ ਪਾਰਲੀਮੈਂਟ ਸ੍ਰੀ ਸੰਜੇ ਸੇਠੀ, ਗੁਰਦੁਆਰਾ ਸਿੰਘ ਸਭਾ ਰਾਂਚੀ ਦੇ ਪ੍ਰਧਾਨ ਸ. ਗੁਰਮੀਤ ਸਿੰਘ, ਝਾਰਖੰਡ ਕਮੇਟੀ ਦੇ ਪ੍ਰਧਾਨ ਸ. ਸੁਰਿੰਦਰ ਸਿੰਘ, ਤਖ਼ਤ ਸ੍ਰੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੇ ਮੀਤ ਪ੍ਰਧਾਨ ਸ. ਇੰਦਰਜੀਤ ਸਿੰਘ, ਸ. ਪਰਮਜੀਤ ਸਿੰਘ ਉਪ ਪ੍ਰਧਾਨ ਝਾਰਖੰਡ ਕਮੇਟੀ, ਸ. ਗੁਰਚਰਨ ਸਿੰਘ ਪ੍ਰਧਾਨ ਸ੍ਰੀ ਗੁਰੂ ਨਾਨਕ ਸਕੂਲ ਪ੍ਰਬੰਧਕ ਕਮੇਟੀ ਰਾਂਚੀ ਆਦਿ ਮੌਜੂਦ ਸਨ।


rajwinder kaur

Content Editor

Related News