ਕੌਮਾਂਤਰੀ ਨਗਰ ਕੀਰਤਨ ਗੋਂਦੀਆ ਤੋਂ ਮੱਧ ਪ੍ਰਦੇਸ਼ ਦੇ ਜੱਬਲਪੁਰ ਲਈ ਰਵਾਨਾ

Monday, Sep 09, 2019 - 04:58 PM (IST)

ਕੌਮਾਂਤਰੀ ਨਗਰ ਕੀਰਤਨ ਗੋਂਦੀਆ ਤੋਂ ਮੱਧ ਪ੍ਰਦੇਸ਼ ਦੇ ਜੱਬਲਪੁਰ ਲਈ ਰਵਾਨਾ

ਅੰਮ੍ਰਿਤਸਰ (ਦੀਪਕ ਸ਼ਰਮਾ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੌਮਾਂਤਰੀ ਨਗਰ ਕੀਰਤਨ ਮਹਾਰਾਸ਼ਟਰ ਦੇ ਗੋਂਦੀਆ ਤੋਂ ਅਗਲੇ ਪੜਾਅ ਜੱਬਲਪੁਰ (ਮੱਧ ਪ੍ਰਦੇਸ਼) ਲਈ ਸਿੱਖ ਰਵਾਇਤਾਂ ਅਨੁਸਾਰ ਰਵਾਨਾ ਹੋਇਆ। ਦੱਸਣਯੋਗ ਹੈ ਕਿ ਪਹਿਲੀ ਅਗਸਤ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਤੋਂ ਆਰੰਭ ਹੋਇਆ ਇਹ ਨਗਰ ਕੀਰਤਨ ਵੱਖ-ਵੱਖ ਰਾਜਾਂ ਤੋਂ ਹੁੰਦਾ ਹੋਇਆ ਬੀਤੀ ਰਾਤ ਗੋਂਦੀਆ ਪੁੱਜਾ, ਜਿਥੇ ਸੰਗਤਾਂ ਵਲੋਂ ਇਸ ਦਾ ਭਰਵਾਂ ਸਵਾਗਤ ਕੀਤਾ ਗਿਆ। ਨਗਰ ਕੀਰਤਨ ਨਾਲ ਚੱਲ ਰਹੀ ਵਿਸ਼ੇਸ਼ ਬੱਸ 'ਚ ਸੁਸ਼ੋਭਿਤ ਗੁਰੂ ਸਾਹਿਬ ਦੀਆਂ ਨਿਸ਼ਾਨੀਆਂ ਪ੍ਰਤੀ ਵੀ ਸੰਗਤਾਂ 'ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਹਰ ਸੂਬੇ ਅੰਦਰ ਸੰਗਤਾਂ ਦੀ ਭਰਵੀਂ ਸ਼ਮੂਲੀਅਤ ਹੋ ਰਹੀ ਹੈ ਅਤੇ ਸੰਗਤ ਵਲੋਂ ਸ਼ਰਧਾ ਤੇ ਸਤਿਕਾਰ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਲਈ ਰੁਮਾਲਾ ਸਾਹਿਬ ਭੇਟ ਕੀਤੇ ਜਾ ਰਹੇ ਹਨ। ਵੱਖ-ਵੱਖ ਧਰਮਾਂ ਦੀਆਂ ਸੰਗਤਾਂ ਨਗਰ ਕੀਰਤਨ ਦਾ ਸਵਾਗਤ ਕਰਨ ਲਈ ਪੁੱਜ ਰਹੀਆਂ ਹਨ। ਇਸੇ ਦੌਰਾਨ ਅੱਜ ਗੋਂਦੀਆ ਵਿਖੇ ਰਵਾਨਗੀ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ 'ਚ ਧਾਰਮਿਕ ਦੀਵਾਨ ਸਜਾਏ ਗਏ।
PunjabKesari
ਨਗਰ ਕੀਰਤਨ 'ਚ ਸ਼ਾਮਲ ਸ਼੍ਰੋਮਣੀ ਕਮੇਟੀ ਦੇ ਮੈਂਬਰ ਜਥੇਦਾਰ ਕਰਨੈਲ ਸਿੰਘ ਪੰਜੋਲੀ ਨੇ ਦੱਸਿਆ ਕਿ ਗੋਂਦੀਆ ਤੋਂ ਰਵਾਨਾ ਹੋਣ ਮਗਰੋਂ ਨਗਰ ਕੀਰਤਨ ਦਾ ਸੰਗਤਾਂ ਵਲੋਂ ਥਾਂ-ਥਾਂ ਸਵਾਗਤ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਬਾਲਾਘਾਟ ਵਿਖੇ ਮੁਸਲਿਮ ਤੇ ਹਿੰਦੂ ਭਾਈਚਾਰੇ ਸਮੇਤ ਹੋਰਨਾਂ ਧਰਮਾਂ ਦੇ ਲੋਕਾਂ ਨੇ ਵੀ ਨਗਰ ਕੀਰਤਨ ਵਿਚ ਸ਼ਿਰਕਤ ਕਰਕੇ ਆਪਣੀ ਸ਼ਰਧਾ ਪ੍ਰਗਟਾਈ। ਇਨ੍ਹਾਂ ਸੰਗਤਾਂ ਵਲੋਂ ਪੰਜ ਪਿਆਰਿਆਂ ਨੂੰ ਸਤਿਕਾਰ ਵਜੋਂ ਸਿਰੋਪਾਓ ਵੀ ਦਿੱਤੇ ਗਏ। ਇਸ ਦੇ ਨਾਲ ਹੀ ਸੰਗਤਾਂ ਨੇ ਵੱਖ-ਵੱਖ ਪਕਵਾਨਾਂ ਦੇ ਲੰਗਰ ਲਗਾ ਕੇ ਸੇਵਾ ਕੀਤੀ। ਗੋਂਦੀਆ ਤੋਂ ਰਵਾਨਗੀ ਸਮੇਂ ਸਥਾਨਕ ਗੁਰਦੁਆਰਾ ਪ੍ਰਬੰਧਕਾਂ ਨੇ ਪੰਜ ਪਿਆਰੇ ਸਾਹਿਬਾਨ ਤੇ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਿਰੋਪਾਓ ਦੇ ਕੇ ਨਿਵਾਜਿਆ। ਇਸ ਮੌਕੇ ਹਰਜੀਤ ਸਿੰਘ ਪ੍ਰਧਾਨ ਗੁਰਦੁਆਰਾ ਸ੍ਰੀ ਸਿੰਘ ਸਭਾ ਗੋਂਦੀਆ, ਸਕੱਤਰ ਸਤਬੀਰ ਸਿੰਘ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਪ੍ਰਤਾਪ ਸਿੰਘ, ਸਿੱਖ ਮਿਸ਼ਨ ਰਾਏਪੁਰ ਦੇ ਇੰਚਾਰਜ ਗਿਆਨੀ ਗੁਰਮੀਤ ਸਿੰਘ, ਵਧੀਕ ਮੈਨੇਜਰ ਪਰਮਜੀਤ ਸਿੰਘ, ਰਜਵੰਤ ਸਿੰਘ, ਹੈੱਡ ਪ੍ਰਚਾਰਕ ਭਾਈ ਜਗਦੇਵ ਸਿੰਘ, ਪ੍ਰਚਾਰਕ ਭਾਈ ਤੇਜਿੰਦਰ ਸਿੰਘ ਤੇ ਭਾਈ ਅਮਨਦੀਪ ਸਿੰਘ ਆਦਿ ਮੌਜੂਦ ਸਨ।


author

Baljeet Kaur

Content Editor

Related News