ਕੌਮਾਂਤਰੀ ਨਗਰ ਕੀਰਤਨ ਇਸ ਦਿਨ ਹੋਵੇਗਾ ਮੁਕੰਮਲ, ਰੂਟ ਪਲਾਨ ਜਾਰੀ

09/06/2019 5:22:46 PM

ਅੰਮ੍ਰਿਤਸਰ (ਦੀਪਕ ਸ਼ਰਮਾ) : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵਲੋਂ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਪਹਿਲੀ ਅਗਸਤ ਨੂੰ ਆਰੰਭ ਕੀਤਾ ਗਿਆ ਕੌਮਾਂਤਰੀ ਨਗਰ ਕੀਰਤਨ 5 ਨਵੰਬਰ ਨੂੰ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਸੰਪੂਰਨ ਹੋਵੇਗਾ। ਇਹ ਪ੍ਰਗਟਾਵਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਨਗਰ ਕੀਰਤਨ ਦੇ ਰੂਟ ਸਬੰਧੀ ਸਬ-ਕਮੇਟੀ ਦੀ ਇਕੱਤਰਤਾ ਮਗਰੋਂ ਕੀਤਾ। ਉਨ੍ਹਾਂ ਦੱਸਿਆ ਕਿ ਨਗਰ ਕੀਰਤਨ ਪ੍ਰਤੀ ਸੰਗਤਾਂ ਅੰਦਰ ਭਾਰੀ ਉਤਸ਼ਾਹ ਹੈ ਅਤੇ ਪ੍ਰਸੰਨਤਾ ਦੀ ਗੱਲ ਹੈ ਕਿ ਹਰ ਸੂਬੇ ਅੰਦਰ ਇਸ ਦਾ ਭਰਵਾਂ ਸਵਾਗਤ ਹੋਇਆ ਹੈ।

ਇਸੇ ਦੌਰਾਨ ਨਗਰ ਕੀਰਤਨ ਦੇ ਪ੍ਰਬੰਧਾਂ ਸਬੰਧੀ ਕਮੇਟੀ ਦੇ ਮੁਖੀ ਤੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਜਥੇਦਾਰ ਤੋਤਾ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਗਰ ਕੀਰਤਨ ਦਾ ਮੁਕੰਮਲ ਰੂਟ ਤੈਅ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ 15 ਅਕਤੂਬਰ ਨੂੰ ਨਗਰ ਕੀਰਤਨ ਪੰਜਾਬ ਅੰਦਰ ਪ੍ਰਵੇਸ਼ ਕਰੇਗਾ ਜਿਥੇ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ 21 ਦਿਨ ਬਾਅਦ ਪ੍ਰਕਾਸ਼ ਪੁਰਬ ਸਮਾਗਮਾਂ ਦੇ ਕੇਂਦਰੀ ਅਸਥਾਨ ਸੁਲਤਾਨਪੁਰ ਲੋਧੀ ਵਿਖੇ ਪੁੱਜੇਗਾ। 4 ਨਵੰਬਰ ਨੂੰ ਸਟੇਟ ਗੁਰਦੁਆਰਾ ਕਪੂਰਥਲਾ ਵਿਖੇ ਰਾਤ ਦਾ ਵਿਸ਼ਰਾਮ ਮਗਰੋਂ 5 ਨਵੰਬਰ ਨੂੰ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਲਈ ਰਵਾਨਗੀ ਹੋਵੇਗੀ। ਸੁਲਤਾਨਪੁਰ ਲੋਧੀ ਵਿਖੇ ਪਹੁੰਚਣ ਸਮੇਂ ਨਗਰ ਕੀਰਤਨ ਦੇ ਅਲੌਕਿਕ ਸਵਾਗਤ ਲਈ ਵਿਸ਼ੇਸ਼ ਪ੍ਰਬੰਧ ਕੀਤੇ ਜਾਣਗੇ। ਜਹਾਜ਼ ਰਾਹੀਂ ਫੁੱਲ ਪੱਤੀਆਂ ਦੀ ਵਰਖਾ ਹੋਵੇਗੀ ਅਤੇ ਬੈਂਡ ਦੇ ਨਾਲ-ਨਾਲ ਗਤਕਾ ਅਖਾੜੇ ਨਗਰ ਕੀਰਤਨ ਦੀ ਸ਼ੋਭਾ ਵਧਾਉਣਗੇ। ਇਸ ਮੌਕੇ ਭਾਈ ਲੌਂਗੋਵਾਲ ਅਤੇ ਜਥੇਦਾਰ ਤੋਤਾ ਸਿੰਘ ਤੋਂ ਇਲਾਵਾ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ, ਜਥੇਦਾਰ ਗੁਲਜ਼ਾਰ ਸਿੰਘ ਰਣੀਕੇ, ਸ. ਦਰਬਾਰਾ ਸਿੰਘ ਗੁਰੂ, ਅੰਤ੍ਰਿੰਗ ਮੈਂਬਰ ਭਾਈ ਮਨਜੀਤ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਾਮ ਸਿੰਘ, ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ, ਸ. ਸਵਿੰਦਰ ਸਿੰਘ ਸਭਰਵਾਲ, ਭਾਈ ਅਜਾਇਬ ਸਿੰਘ ਅਭਿਆਸੀ, ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਮਹਿੰਦਰ ਸਿੰਘ ਆਹਲੀ ਅਤੇ ਸ. ਮਨਜੀਤ ਸਿੰਘ ਬਾਠ, ਮੀਤ ਸਕੱਤਰ ਸ. ਸਕੱਤਰ ਸਿੰਘ ਆਦਿ ਮੌਜੂਦ ਸਨ।

Baljeet Kaur

This news is Content Editor Baljeet Kaur