ਸਾਹਿਬਜ਼ਾਦਿਆ ਦੇ ਸ਼ਹੀਦੀ ਸਮਾਗਮ ਮੌਕੇ ਜਥੇਦਾਰ ਦਾ ਕੌਮ ਦੇ ਨਾਂ ਸੰਦੇਸ਼

12/11/2019 3:09:26 PM

ਅੰਮ੍ਰਿਤਸਰ (ਸੁਮਿਤ ਖੰਨਾ) : ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿ. ਹਰਪ੍ਰੀਤ ਸਿੰਘ ਨੇ ਅੱਜ ਮੀਡੀਆ ਨਾਲ ਗੱਲਬਾਤ ਕਰਦਿਆਂ ਸਿੱਖ ਕੌਮ ਦੇ ਨਾਂ ਇਕ ਸੰਦੇਸ਼ ਜਾਰੀ ਕੀਤਾ, ਜਿਸ 'ਚ ਉਨ੍ਹਾਂ ਕਿਹਾ ਕਿ ਇਸ ਮਹੀਨੇ ਆ ਰਿਹਾ ਛੋਟੇ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਵਸ ਸ਼ਰਧਾ ਨਾਲ ਮਨਾਇਆ ਜਾਵੇ। ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਸ਼ਹੀਦੀ ਅਸਥਾਨਾਂ ਦੇ ਦਰਸ਼ਨ ਕਰਵਾਏ ਜਾਣ ਤਾਂ ਜੋ ਉਹ ਸਿੱਖ ਇਤਿਹਾਸ ਤੋਂ ਜਾਣੂ ਹੋ ਸਕਣ। ਇਸ ਦੇ ਨਾਲ ਹੀ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸਾਹਿਬਜ਼ਾਦਿਆਂ ਦੀ ਅਦੁਤੀ ਕੁਰਬਾਨੀ ਨੂੰ ਯਾਦ ਰੱਖਦਿਆਂ ਸ਼ਰਧਾ ਵਜੋਂ 15 ਤੋਂ 30 ਦਸੰਬਰ ਤੱਕ ਕਿਸੇ ਵੀ ਕਿਸਮ ਦੇ ਜਸ਼ਨ ਨਾ ਮਨਾਏ ਜਾਣ। ਸਿੰਘ ਸਾਹਿਬ ਨੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਸਮਰਪਿਤ ਸ਼ਹੀਦੀ ਪੰਦਰਵਾੜਾ ਮਨਾਉਣ ਲਈ ਸਮੂਹ ਸੰਗਤ ਨੂੰ ਫਤਿਹਗੜ੍ਹ ਸਾਹਿਬ ਵਿਖੇ ਜਾਣ ਲਈ ਕਿਹਾ ਅਤੇ ਇਸ ਦੇ ਨਾਲ ਮਨਾਏ ਜਾ ਰਹੇ ਸਮਾਗਮਾਂ ਨੂੰ ਸਾਦਗੀ ਨਾਲ ਮਨਾਉਣ ਦੀ ਅਪੀਲ ਵੀ ਕੀਤੀ।

ਗੁਰਦੁਆਰਾ ਡਾਂਗਮਾਰ ਅਤੇ ਮੰਗੂਮੱਠ ਦੇ ਵਿਵਾਦ ਬਾਰੇ ਮੀਟਿੰਗ 19 ਨੂੰ
ਇਸੇ ਦੌਰਾਨ ਉਨ੍ਹਾਂ ਸਿੱਕਮ ਵਿਖੇ ਗੁਰਦੁਆਰਾ ਡਾਂਗਮਾਰ ਦੇ ਸੀਲ ਹੋਣ ਅਤੇ ਚੱਲ ਰਹੇ ਕੋਰਟ ਕੇਸ ਸਬੰਧੀ ਦੇਸ਼-ਵਿਦੇਸ਼ ਦੇ ਸਿੱਖਾਂ ਵਲੋਂ ਗਲਤ ਤਰੀਕੇ ਨਾਲ ਇਕੱਠੇ ਕੀਤੇ ਜਾ ਰਹੇ ਪੈਸੇ 'ਤੇ ਚਿੰਤਾ ਜਤਾਉਂਦਿਆਂ ਕਿਹਾ ਕਿ ਇਸ ਸਬੰਧੀ ਸਿੱਖ ਸੰਪ੍ਰਦਾਵਾਂ, ਸ੍ਰੀ ਗੁਰੂ ਸਿੰਘ ਸਭਾ ਅਤੇ ਵਿਅਕਤੀਗਤ ਤੌਰ 'ਤੇ ਜੁੜੇ ਸਿੱਖਾਂ ਨੂੰ ਬੁਲਾਇਆ ਗਿਆ ਹੈ। ਇਸ ਦੇ ਨਾਲ ਹੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਨੂੰ ਵੀ ਮੀਟਿੰਗ 'ਚ ਸੱਦਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਮੀਟਿੰਗ ਸਹੀ-ਗਲਤ ਨੂੰ ਸਾਹਮਣੇ ਲਿਆਉਣ ਲਈ ਕੀਤੀ ਗਈ ਹੈ ਅਤੇ ਸੰਗਤ 'ਚ ਇਨ੍ਹਾਂ ਨੁਮਾਇੰਦਿਆਂ ਤੋਂ ਜਵਾਬਤਲਬੀ ਵੀ ਕੀਤੀ ਜਾਵੇਗੀ। ਇਸ ਤੋਂ ਇਲਾਵਾ ਓਡਿਸ਼ਾ ਦੇ ਜਗਨਨਾਥਪੁਰੀ ਵਿਖੇ ਸਥਿਤ ਗੁਰਦੁਆਰਾ ਮੰਗੂਮੱਠ ਸਾਹਿਬ ਵਿਖੇ ਉਥੋਂ ਦੇ ਟਰੱਸਟ ਬੋਰਡ ਦੇ ਸਿੱਖ ਪ੍ਰਤੀਨਿਧੀਆਂ ਤੋਂ ਇਲਾਵਾ ਹਿੰਮਤ ਸਿੰਘ ਟਰੱਸਟ ਅਤੇ ਬਾਬਾ ਸ਼ਮਸ਼ੇਰ ਸਿੰਘ ਕਾਰਸੇਵਾ ਵਾਲਿਆਂ ਨੂੰ ਵੀ ਬੁਲਾਇਆ ਗਿਆ ਹੈ। ਇਨ੍ਹਾਂ ਪ੍ਰਤੀਨਿਧੀਆਂ ਤੋਂ ਗੁਰਦੁਆਰਾ ਸਾਹਿਬ ਦੀ ਸਥਿਤੀ ਨੂੰ ਸਪੱਸ਼ਟ ਕਰਨ ਲਈ ਜਵਾਬ ਮੰਗੇ ਹਨ।

 


 


Baljeet Kaur

Content Editor

Related News