ਸਿੱਖ ਨੌਜਵਾਨ ਦੇ ਕਤਲ ਮਾਮਲੇ 'ਚ ਬੋਲੇ ਜਥੇਦਾਰ, ਸਿੱਖਾਂ ਨੂੰ ਕੀਤੀ ਇਹ ਅਪੀਲ
Monday, Jan 06, 2020 - 01:58 PM (IST)
ਅੰਮ੍ਰਿਤਸਰ (ਸੁਮਿਤ ਖੰਨਾ) : ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ 'ਤੇ ਹੋਏ ਹਮਲੇ ਤੇ ਪੇਸ਼ਾਵਰ 'ਚ ਸਿੱਖ ਨੌਜਵਾਨ ਦੇ ਬੇਰਹਿਮੀ ਨਾਲ ਕੀਤੇ ਕਤਲ ਦੀ ਸਖਤ ਸ਼ਬਦਾਂ 'ਚ ਨਿਖੇਧੀ ਕੀਤੀ ਗਈ। ਇਸ ਸਬੰਧੀ ਪੱਤਰਕਾਰਾਂ ਨਲ ਗੱਲਬਾਤ ਕਰਦਿਆ ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਨਿੰਦਣਯੋਗ ਘਟਨਾ ਹੈ। ਇਸ ਘਟਨਾ ਕਾਰਨ ਸਿੱਖਾਂ 'ਚ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਘਟਨਾਵਾਂ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਪਾਕਿਤਾਨ ਸਰਕਾਰ ਨੂੰ ਚਾਹੀਦਾ ਹੈ ਕਿ ਜਲਦ ਤੋਂ ਜਲਦ ਇਸ ਕਤਲ ਕਾਂਡ ਦੇ ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਸਖਤ ਸਜ਼ਾ ਦਿੱਤੀ ਜਾਵੇ। ਉਨ੍ਹਾਂ ਨੇ ਸਰਕਾਰ ਤੋਂ ਮੰਗ ਕੀਤੀ ਉਹ ਪਾਕਿ ਸਰਕਾਰ 'ਤੇ ਦਬਾਅ ਬਣਾਵੇ ਤਾਂ ਜੋ ਜਲਦ ਤੋਂ ਜਲਦ ਦੋਸ਼ੀਆਂ ਨੂੰ ਬੇਨਕਾਬ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸਿੱਖ ਕਿਸੇ ਵੀ ਦੇਸ਼ 'ਚ ਸੁਰੱਖਿਅਤ ਨਹੀਂ ਹਨ, ਇਸ ਲਈ ਉਨ੍ਹਾਂ ਨੇ ਸਿੱਖਾਂ ਨੂੰ ਇਕਜੁੱਟ ਹੋਣ ਦੀ ਅਪੀਲ ਕੀਤੀ ਤਾਂ ਜੋ ਅਜਿਹੇ ਹਮਲਿਆਂ 'ਤੇ ਕਿਸੇ ਹੱਦ ਤੱਕ ਠੱਲ੍ਹ ਪਾਈ ਜਾ ਸਕੇ।
ਇਥੇ ਦੱਸ ਦੇਈਏ ਕਿ ਬੀਤੇ ਦਿਨੀਂ ਸ੍ਰੀ ਨਨਕਾਣਾ ਸਾਹਿਬ 'ਤੇ ਭੀੜ ਵਲੋਂ ਕੀਤੇ ਗਏ ਹਮਲੇ ਤੋਂ ਬਾਅਦ ਐਤਵਾਰ ਪੇਸ਼ਾਵਰ 'ਚ ਇਕ ਸਿੱਖ ਨੌਜਵਾਨ ਪਰਮਿੰਦਰ ਸਿੰਘ (25) ਦੀ ਅਣਪਛਾਤੇ ਵਿਅਕਤੀਆਂ ਵਲੋਂ ਸ਼ਰੇਆਮ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਸੂਤਰਾਂ ਮੁਤਾਬਕ ਪਰਮਿੰਦਰ ਸਿੰਘ ਸਥਾਨਕ ਪੱਤਰਕਾਰ ਹਰਮੀਤ ਸਿੰਘ ਦਾ ਛੋਟਾ ਭਰਾ ਸੀ। ਇਸ ਘਟਨਾ ਤੋਂ ਬਾਅਦ ਸਿੱਖਾਂ 'ਚ ਸਹਿਮ ਦਾ ਮਾਹੌਲ ਹੈ।