15 ਅਗਸਤ ਤੋਂ ਪਹਿਲਾਂ ਅੰਮ੍ਰਿਤਸਰ ਪੁਲਸ ਅਲਰਟ: ਸ਼ਹਿਰ ਨੂੰ 3 ਜ਼ੋਨਾਂ 'ਚ ਵੰਡਿਆ, ਨਾਕਾਬੰਦੀ ਤੇ ਚੈਕਿੰਗ ਸਖ਼ਤ

Thursday, Aug 13, 2026 - 05:30 PM (IST)

15 ਅਗਸਤ ਤੋਂ ਪਹਿਲਾਂ ਅੰਮ੍ਰਿਤਸਰ ਪੁਲਸ ਅਲਰਟ: ਸ਼ਹਿਰ ਨੂੰ 3 ਜ਼ੋਨਾਂ 'ਚ ਵੰਡਿਆ, ਨਾਕਾਬੰਦੀ ਤੇ ਚੈਕਿੰਗ ਸਖ਼ਤ

ਅੰਮ੍ਰਿਤਸਰ(ਰਮਨ)- 15 ਅਗਸਤ ਆਜ਼ਾਦੀ ਦਿਹਾੜੇ ਨੂੰ ਲੈ ਕੇ ਅੰਮ੍ਰਿਤਸਰ ਪੁਲਸ ਨੇ ਪੂਰੇ ਸ਼ਹਿਰ ਵਿੱਚ ਸੁਰੱਖਿਆ ਵਿਵਸਥਾ ਸਖ਼ਤ ਕਰ ਦਿੱਤੀ ਹੈ। ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਅਤੇ ਕਾਨੂੰਨ-ਵਿਵਸਥਾ ਬਣਾਈ ਰੱਖਣ ਲਈ ਸ਼ਹਿਰ ਨੂੰ ਤਿੰਨ ਜ਼ੋਨਾਂ ਵਿੱਚ ਵੰਡਿਆ ਗਿਆ ਹੈ। ਇਨ੍ਹਾਂ ਜ਼ੋਨਾਂ ਦੀ ਜ਼ਿੰਮੇਵਾਰੀ ਏਸੀਪੀ ਰੈਂਕ ਦੇ ਅਧਿਕਾਰੀਆਂ ਨੂੰ ਸੌਂਪੀ ਗਈ ਹੈ। ਪੁਲਸ ਵੱਲੋਂ ਵੱਖ-ਵੱਖ ਥਾਵਾਂ ’ਤੇ ਨਾਕਾਬੰਦੀ ਕਰਕੇ ਵਾਹਨਾਂ ਦੀ ਲਗਾਤਾਰ ਚੈਕਿੰਗ ਕੀਤੀ ਜਾ ਰਹੀ ਹੈ ਅਤੇ ਸ਼ੱਕੀ ਵਿਅਕਤੀਆਂ ’ਤੇ ਵੀ ਵਿਸ਼ੇਸ਼ ਨਜ਼ਰ ਰੱਖੀ ਜਾ ਰਹੀ ਹੈ।

ਇਹ ਵੀ ਪੜ੍ਹੋ- ਸੁਖਬੀਰ ਸਿੰਘ ਬਾਦਲ 'ਤੇ ਹੋਏ ਹਮਲੇ ਦੀ ਹੋਵੇ ਉੱਚਪੱਧਰੀ ਜਾਂਚ : ਦਲਜੀਤ ਚੀਮਾ

ਇਸ ਸਬੰਧੀ ਮੀਡੀਆ ਨਾਲ ਗੱਲਬਾਤ ਕਰਦਿਆਂ ਏਸੀਪੀ ਇੰਦਰਪ੍ਰੀਤ ਸਿੰਘ ਨੇ ਦੱਸਿਆ ਕਿ 15 ਅਗਸਤ ਨੂੰ ਪੂਰੇ ਪੰਜਾਬ ਵਿੱਚ ਆਜ਼ਾਦੀ ਦਿਹਾੜਾ ਬੜੇ ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾਵੇਗਾ। ਇਸ ਦੌਰਾਨ ਕਾਨੂੰਨ-ਵਿਵਸਥਾ ਬਣਾਈ ਰੱਖਣਾ ਪੁਲਸ ਦੀ ਮੁੱਢਲੀ ਜ਼ਿੰਮੇਵਾਰੀ ਹੈ। ਇਸੇ ਤਹਿਤ ਪੁਲਸ ਕਮਿਸ਼ਨਰ ਅੰਮ੍ਰਿਤਸਰ ਦੇ ਨਿਰਦੇਸ਼ਾਂ ’ਤੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਲਗਾਤਾਰ ਆਪ੍ਰੇਸ਼ਨ ਚਲਾਏ ਜਾ ਰਹੇ ਹਨ। ਪੁਲਸ ਟੀਮਾਂ ਵੱਲੋਂ ਸਾਂਝੀ ਨਾਕਾਬੰਦੀ ਕਰਕੇ ਵਾਹਨਾਂ ਦੀ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ- ਪੰਜਾਬ ਦਾ ਇਹ ਹਸਪਤਾਲ ਬਣਿਆ ਜੰਗ ਦਾ ਮੈਦਾਨ, ਦਰਜਨ ਲੋਕਾਂ ਨੇ ਵਿਅਕਤੀ ਨੂੰ ਕਰ'ਤਾ ਲਹੂ-ਲੁਹਾਣ

ਉਨ੍ਹਾਂ ਦੱਸਿਆ ਕਿ ਪੁਲਸ ਵੱਲੋਂ ਸਮਾਜ ਵਿਰੋਧੀ ਅਤੇ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਵਿਅਕਤੀਆਂ ਖ਼ਿਲਾਫ਼ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਥਾਣਾ ਸੁਲਤਾਨਵਿੰਡ ਦੇ ਇਲਾਕੇ ਵਿੱਚ ਕਾਰਵਾਈ ਕਰਦਿਆਂ ਪੁਲਸ ਨੇ 30 ਬੋਰ ਦਾ ਇੱਕ ਪਿਸਤੌਲ ਬਰਾਮਦ ਕਰਕੇ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਸੀ। ਇਸ ਤੋਂ ਇਲਾਵਾ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਵਿਅਕਤੀਆਂ ਖ਼ਿਲਾਫ਼ ਕਾਰਵਾਈ ਲਗਾਤਾਰ ਜਾਰੀ ਹੈ। ਏਸੀਪੀ ਇੰਦਰਪ੍ਰੀਤ ਸਿੰਘ ਨੇ ਦੱਸਿਆ ਕਿ ਅਜਿਹੇ ਵਿਅਕਤੀਆਂ ਖ਼ਿਲਾਫ਼ ਸਿਰਫ਼ ਕਾਨੂੰਨੀ ਕਾਰਵਾਈ ਹੀ ਨਹੀਂ ਕੀਤੀ ਜਾ ਰਹੀ, ਸਗੋਂ ਸੰਭਾਵਿਤ ਖ਼ਤਰੇ ਨੂੰ ਦੇਖਦੇ ਹੋਏ ਕਈ ਸ਼ੱਕੀ ਵਿਅਕਤੀਆਂ ਖ਼ਿਲਾਫ਼ ਪ੍ਰੀਵੈਂਟਿਵ ਐਕਸ਼ਨ ਵੀ ਲਿਆ ਗਿਆ ਹੈ। ਪੁਲਸ ਦਾ ਉਦੇਸ਼ ਆਜ਼ਾਦੀ ਦਿਹਾੜੇ ਦੌਰਾਨ ਸ਼ਹਿਰ ਵਿੱਚ ਪੂਰੀ ਤਰ੍ਹਾਂ ਸ਼ਾਂਤੀਪੂਰਨ ਮਾਹੌਲ ਬਣਾਈ ਰੱਖਣਾ ਹੈ, ਤਾਂ ਜੋ ਲੋਕ ਬਿਨਾਂ ਕਿਸੇ ਡਰ ਦੇ ਕੌਮੀ ਤਿਉਹਾਰ ਮਨਾ ਸਕਣ।

ਇਹ ਵੀ ਪੜ੍ਹੋ- 15 ਅਗਸਤ ਤੋਂ ਪਹਿਲਾਂ ਪੰਜਾਬ 'ਚ 2 ਵੱਡੇ ਨੈੱਟਵਰਕਾਂ ਦਾ ਪਰਦਾਫਾਸ਼, 5 ਮੁਲਜ਼ਮਾਂ ਕੋਲੋਂ..

ਉਨ੍ਹਾਂ ਕਿਹਾ ਕਿ ਆਜ਼ਾਦੀ ਦਿਹਾੜਾ ਹਰ ਭਾਰਤੀ ਲਈ ਮਾਣ ਅਤੇ ਸਤਿਕਾਰ ਦਾ ਮੌਕਾ ਹੈ। ਦੇਸ਼ ਨੂੰ ਆਜ਼ਾਦੀ ਮਿਲਣ ਦੇ ਇਸ ਇਤਿਹਾਸਕ ਦਿਨ ਨੂੰ ਸ਼ਾਂਤੀਪੂਰਨ ਢੰਗ ਨਾਲ ਮਨਾਉਣਾ ਹਰ ਨਾਗਰਿਕ ਦਾ ਫ਼ਰਜ਼ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਆਜ਼ਾਦੀ ਦਿਹਾੜੇ ਦੇ ਸਮਾਗਮਾਂ ਦੌਰਾਨ ਪੁਲਸ ਅਤੇ ਪ੍ਰਸ਼ਾਸਨ ਦਾ ਸਹਿਯੋਗ ਕਰਨ ਅਤੇ ਕਿਸੇ ਵੀ ਸ਼ੱਕੀ ਗਤੀਵਿਧੀ ਨੂੰ ਨਜ਼ਰਅੰਦਾਜ਼ ਨਾ ਕਰਨ। ਏਸੀਪੀ ਨੇ ਖ਼ਾਸ ਤੌਰ ’ਤੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਵਿਅਕਤੀ ਨੂੰ ਕੋਈ ਸ਼ੱਕੀ ਬਾਈਕ, ਬੈਗ, ਪੈਕੇਟ ਜਾਂ ਹੋਰ ਵਸਤੂ ਦਿਖਾਈ ਦਿੰਦੀ ਹੈ ਤਾਂ ਉਸ ਨੂੰ ਖੁਦ ਛੂਹਣ ਜਾਂ ਖੋਲ੍ਹਣ ਦੀ ਕੋਸ਼ਿਸ਼ ਨਾ ਕੀਤੀ ਜਾਵੇ। ਅਜਿਹੀ ਕਿਸੇ ਵੀ ਵਸਤੂ ਬਾਰੇ ਤੁਰੰਤ ਨਜ਼ਦੀਕੀ ਪੁਲਿਸ ਥਾਣੇ ਜਾਂ ਪੁਲਸ ਨੂੰ ਸੂਚਨਾ ਦਿੱਤੀ ਜਾਵੇ। ਪੁਲਸ ਟੀਮ ਮੌਕੇ ’ਤੇ ਪਹੁੰਚ ਕੇ ਜਾਂਚ ਕਰੇਗੀ ਅਤੇ ਲੋੜੀਂਦੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਸੁਰੱਖਿਆ ਵਿਵਸਥਾ ਨੂੰ ਲੈ ਕੇ ਲਗਾਤਾਰ ਗਸ਼ਤ, ਨਾਕਾਬੰਦੀ ਅਤੇ ਚੈਕਿੰਗ ਜਾਰੀ ਰਹੇਗੀ। ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ 15 ਅਗਸਤ ਦਾ ਕੌਮੀ ਤਿਉਹਾਰ ਸ਼ਾਂਤੀਪੂਰਨ, ਸੁਰੱਖਿਅਤ ਅਤੇ ਸਦਭਾਵਨਾ ਵਾਲੇ ਮਾਹੌਲ ਵਿੱਚ ਮਨਾਇਆ ਜਾਵੇਗਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News