ਅੰਮ੍ਰਿਤਸਰ ਦੇ ਨਵੇਂ ਪੁਲਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ
Thursday, Nov 26, 2026 - 07:32 PM (IST)
ਅੰਮ੍ਰਿਤਸਰ (ਸਰਬਜੀਤ)- ਪੁਲਸ ਕਮਿਸ਼ਨਰ ਅੰਮ੍ਰਿਤਸਰ ਵਜੋਂ ਆਪਣਾ ਅਹੁਦਾ ਸੰਭਾਲਣ ਉਪਰੰਤ ਆਈਪੀਐੱਸ ਅਧਿਕਾਰੀ ਕੁਲਦੀਪ ਸਿੰਘ ਚਾਹਲ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਆਸ਼ੀਰਵਾਦ ਲਿਆ। ਇਸ ਮੌਕੇ ਉਨ੍ਹਾਂ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।
ਇਸ ਉਪਰੰਤ ਪੁਲਸ ਕਮਿਸ਼ਨਰ ਨੇ ਸ੍ਰੀ ਦੁਰਗਿਆਣਾ ਤੀਰਥ ਵਿਖੇ ਸਥਿਤ ਸ੍ਰੀ ਲਕਸ਼ਮੀ ਨਰਾਇਣ ਮੰਦਰ ਦੇ ਦਰਸ਼ਨ ਕਰਕੇ ਸ਼ਹਿਰ ਦੀ ਅਮਨ-ਸ਼ਾਂਤੀ, ਆਪਸੀ ਭਾਈਚਾਰਕ ਸਾਂਝ ਤੇ ਖੁਸ਼ਹਾਲੀ ਲਈ ਪ੍ਰਾਰਥਨਾ ਕੀਤੀ।
ਇਸ ਮੌਕੇ ਕੁਲਦੀਪ ਸਿੰਘ ਚਾਹਲ ਨੇ ਕਿਹਾ ਕਿ ਗੁਰੂ ਨਗਰੀ ਅੰਮ੍ਰਿਤਸਰ ਦੀ ਧਾਰਮਿਕ, ਇਤਿਹਾਸਕ ਅਤੇ ਸੱਭਿਆਚਾਰਕ ਮਹੱਤਤਾ ਪੂਰੀ ਦੁਨੀਆ ਵਿੱਚ ਵਿਲੱਖਣ ਹੈ। ਇਸ ਪਵਿੱਤਰ ਸ਼ਹਿਰ ਦੀ ਸੇਵਾ ਕਰਨ ਦਾ ਮੌਕਾ ਮਿਲਣਾ ਉਨ੍ਹਾਂ ਲਈ ਮਾਣ ਅਤੇ ਸਨਮਾਨ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਅਮਨ-ਕਾਨੂੰਨ ਦੀ ਵਿਵਸਥਾ ਨੂੰ ਹੋਰ ਮਜ਼ਬੂਤ ਬਣਾਉਣਾ ਅਤੇ ਆਮ ਨਾਗਰਿਕਾਂ ਦੀ ਸੁਰੱਖਿਆ ਯਕੀਨੀ ਬਣਾਉਣਾ ਉਨ੍ਹਾਂ ਦੀ ਮੁੱਖ ਤਰਜੀਹ ਰਹੇਗੀ।
ਉਨ੍ਹਾਂ ਭਰੋਸਾ ਦਿਵਾਇਆ ਕਿ ਪੁਲਸ ਪ੍ਰਸ਼ਾਸਨ ਵੱਲੋਂ ਆਪਣੀਆਂ ਜ਼ਿੰਮੇਵਾਰੀਆਂ ਪੂਰੀ ਤਨਦੇਹੀ, ਇਮਾਨਦਾਰੀ ਅਤੇ ਸਮਰਪਣ ਭਾਵਨਾ ਨਾਲ ਨਿਭਾਈਆਂ ਜਾਣਗੀਆਂ। ਇਸ ਮੌਕੇ ਉਨ੍ਹਾਂ ਸਮੂਹ ਸ਼ਹਿਰ ਵਾਸੀਆਂ ਦੀ ਚੜ੍ਹਦੀ ਕਲਾ, ਸੁੱਖ-ਸ਼ਾਂਤੀ ਅਤੇ ਸਰਬੱਤ ਦੇ ਭਲੇ ਦੀ ਕਾਮਨਾ ਵੀ ਕੀਤੀ।
