ਅੰਮ੍ਰਿਤਸਰ ਰੇਲ ਹਾਦਸਾ : ਕਾਨੂੰਨ ਅਨੁਸਾਰ ਦੋਸ਼ੀਆਂ ਖਿਲਾਫ ਹੋਵੇਗੀ ਕਾਰਵਾਈ : ਕੈਪਟਨ

10/22/2019 9:30:40 AM

ਚੰਡੀਗੜ੍ਹ/ਜਲੰਧਰ (ਅਸ਼ਵਨੀ, ਧਵਨ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 2018 ਵਿਚ ਦੁਸਹਿਰੇ ਵਾਲੇ ਦਿਨ ਅੰਮ੍ਰਿਤਸਰ 'ਚ ਵਾਪਰੇ ਰੇਲ ਹਾਦਸੇ ਵਿਚ ਰਾਜ ਸਰਕਾਰ ਵੱਲੋਂ ਕੋਈ ਕਾਰਵਾਈ ਨਾ ਕੀਤੇ ਜਾਣ ਦੀਆਂ ਰਿਪੋਰਟਾਂ ਨੂੰ ਖਾਰਜ ਕਰਦੇ ਹੋਏ ਕਿਹਾ ਹੈ ਕਿ 6 ਪੁਲਸ ਮੁਲਾਜ਼ਮਾਂ ਵਿਰੁੱਧ ਪਹਿਲਾਂ ਹੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਇਸ ਮਾਮਲੇ ਵਿਚ ਅੰਮ੍ਰਿਤਸਰ ਦੇ 7 ਨਗਰ ਨਿਗਮ ਅਧਿਕਾਰੀਆਂ ਨੂੰ ਚਾਰਜਸ਼ੀਟ ਕੀਤਾ ਗਿਆ। ਰਾਜ ਸਰਕਾਰ ਵਲੋਂ ਰੇਲ ਹਾਦਸੇ ਤੋਂ ਬਾਅਦ ਕਰਵਾਈ ਗਈ ਮੈਜਿਸਟਰੇਟੀ ਜਾਂਚ ਜਲੰਧਰ ਦੇ ਡਵੀਜ਼ਨਲ ਕਮਿਸ਼ਨਰ ਬੀ. ਪੁਰਸ਼ਾਰਥਾ ਨੇ ਮੁੱਖ ਮੰਤਰੀ ਦੀਆਂ ਹਦਾਇਤਾਂ 'ਤੇ ਕੀਤੀ ਸੀ। ਅੰਮ੍ਰਿਤਸਰ ਵਿਚ ਇਹ ਰੇਲ ਹਾਦਸਾ 19 ਅਕਤੂਬਰ 2018 ਨੂੰ ਹੋਇਆ ਸੀ ਜਿਸ ਵਿਚ 58 ਲੋਕ ਮਾਰੇ ਗਏ ਸਨ ਅਤੇ 71 ਜ਼ਖਮੀ ਹੋਏ ਸਨ।

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਕੀਤਾ ਕਿ ਕਾਨੂੰਨ ਅਨੁਸਾਰ ਜਾਂਚ ਰਿਪੋਰਟ ਵਿਚ ਦੋਸ਼ੀ ਪਾਏ ਗਏ ਸਾਰਿਆਂ ਦੇ ਖਿਲਾਫ ਕਾਰਵਾਈ ਹੋਵੇਗੀ ਅਤੇ ਜਾਂਚ ਰਿਪੋਰਟ ਨੂੰ ਠੰਡੇ ਬਸਤੇ ਵਿਚ ਪਾਉਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਭਵਿੱਖ ਵਿਚ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਹਰ ਸੰਭਵ ਕਦਮ ਚੁੱਕ ਰਹੀ ਹੈ। ਸਰਕਾਰ ਨੇ ਇਹ ਫੈਸਲਾ ਲਿਆ ਹੋਇਆ ਹੈ ਕਿ ਸਮਾਗਮ ਆਯੋਜਿਤ ਕਰਨ ਵਾਲੇ ਆਯੋਜਕਾਂ ਨੂੰ ਸਮਾਗਮ ਤੋਂ 15 ਦਿਨ ਪਹਿਲਾਂ ਅਰਜ਼ੀ ਦੇ ਨਾਲ ਸਾਰੀਆਂ ਜ਼ਰੂਰੀ ਸੂਚਨਾਵਾਂ ਬੇਨਤੀ ਪੱਤਰ ਨਾਲ ਲਾਉਣੀਆਂ ਹੋਣਗੀਆਂ। ਆਯੋਜਕਾਂ ਤੋਂ ਸੁਰੱਖਿਆ, ਫਾਇਰ ਬ੍ਰਿਗੇਡ, ਪਾਣੀ ਤੇ ਸਾਫ-ਸਫਾਈ ਲਈ ਵਸੂਲੀ ਵੀ ਕੀਤੀ ਜਾਵੇਗੀ। ਇਨ੍ਹਾਂ ਸਮਾਗਮਾਂ ਦੀ ਵੀਡੀਓਗ੍ਰਾਫੀ ਨੂੰ ਵੀ ਲਾਜ਼ਮੀ ਬਣਾਇਆ ਗਿਆ ਹੈ। ਜੇਕਰ ਅਜਿਹੇ ਸਮਾਗਮ ਸਰਕਾਰੀ ਜ਼ਮੀਨ 'ਤੇ ਕੀਤੇ ਜਾਂਦੇ ਹਨ ਤਾਂ ਸਬੰਧਤ ਵਿਭਾਗ ਤੋਂ ਮਨਜ਼ੂਰੀ ਲੈਣੀ ਜ਼ਰੂਰੀ ਹੋਵੇਗੀ।


cherry

Content Editor

Related News