ਢੱਡਰੀਆਂ ਵਾਲੇ ਖਿਲਾਫ ਸਿੱਖ ਜਥੇਬੰਦੀਆਂ ਨੇ ਪੁਲਸ ਨੂੰ ਦਿੱਤੀ ਸ਼ਿਕਾਇਤ
Thursday, Jan 23, 2020 - 06:23 PM (IST)
ਅੰਮ੍ਰਿਤਸਰ (ਸੰਜੀਵ) : ਵਿਵਾਦਿਤ ਪ੍ਰਚਾਰਕ ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਵਲੋਂ ਸ੍ਰੀ ਅਕਾਲ ਤਖਤ ਸਾਹਿਬ ਅਤੇ ਇਸ ਦੇ ਜਥੇਦਾਰ ਪ੍ਰਤੀ ਕੀਤੀਆਂ ਗਈਆਂ ਗਲਤ ਟਿੱਪਣੀਆਂ ਦਾ ਮਾਮਲਾ ਕਾਨੂੰਨੀ ਰੁਖ ਅਖਤਿਆਰ ਕਰਨ ਜਾ ਰਿਹਾ ਹੈ। ਭਾਈ ਢੱਡਰੀਆਂ ਵਾਲਾ ਅਤੇ ਉਸ ਦੇ ਨਜ਼ਦੀਕੀ ਸਾਥੀ ਵਿਕਰਮ ਸਿੰਘ ਬਬੇਹਾਲੀ ਖਿਲਾਫ ਕਾਨੂੰਨੀ ਕਾਰਵਾਈ ਲਈ ਪੁਲਸ ਕਮਿਸ਼ਨਰ ਡਾ. ਸੁਖਚੈਨ ਸਿੰਘ ਗਿੱਲ ਨੂੰ ਸਿੱਖ ਜਥੇਬੰਦੀਆਂ ਤੇ ਸ਼੍ਰੋਮਣੀ ਕਮੇਟੀ ਪਰਮ ਪ੍ਰਚਾਰ ਕਮੇਟੀ ਮੈਂਬਰ ਭਾਈ ਅਜੈਬ ਸਿੰਘ ਅਭਿਆਸੀ, ਸ਼੍ਰੋਮਣੀ ਕਮੇਟੀ ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਦੀ ਮੌਜੂਦਗੀ 'ਚ ਪ੍ਰੋ. ਸਰਚਾਂਦ ਸਿੰਘ ਅਤੇ ਸ਼ਮਸ਼ੇਰ ਸਿੰਘ ਜੇਠੂਵਾਲ ਵਲੋਂ ਦਰਖਾਸਤਾਂ ਦਿੱਤੀਆਂ ਗਈਆਂ।
ਇਸ ਮੌਕੇ ਆਗੂਆਂ ਨੇ ਵਿਰਾਸਤੀ ਮਾਰਗ 'ਤੋਂ ਬੁਤ ਤੋੜਨ ਦੇ ਮਾਮਲੇ 'ਚ ਸ਼ਾਮਲ ਸਿਖ ਨੌਜਵਾਨਾਂ ਨੂੰ ਬਿਨਾ ਸ਼ਰਤ ਰਿਹਾਅ ਕਰਨ ਦੀ ਵੀ ਮੰਗ ਕੀਤੀ ਗਈ। ਪ੍ਰੈੱਸ ਨਾਲ ਗਲ ਕਰਦਿਆਂ ਪ੍ਰੋ. ਸਰਚਾਂਦ ਸਿੰਘ ਅਤੇ ਐਡਵੋਕੇਟ ਸਿਆਲਕਾ ਨੇ ਦੱਸਿਆ ਕਿ ਪੁਲੀਸ ਕਮਿਸ਼ਨਰ ਨੇ ਉਨ੍ਹਾਂ ਨੂੰ ਬਹੁਤ ਧਿਆਨ ਨਾਲ ਸੁਣਿਆ ਅਤੇ ਆਸ ਹੈ ਕਿ ਪੁਲੀਸ ਭਾਈ ਢੱਡਰੀਆਂ ਵਾਲੇ ਖ਼ਿਲਾਫ਼ ਬਣਦੀ ਕਾਰਵਾਈ ਕਰੇਗੀ।