'ਵਿਦਿਆਰਥੀਆਂ ਨੂੰ ਧਾਰਮਿਕ ਸਿੱਖਿਆ ਨਾਲ ਜੋੜਨ ਲਈ ਸਕੂਲ ਪ੍ਰਬੰਧਕ ਕਰੇ ਉਪਰਾਲੇ'
Friday, Sep 13, 2019 - 01:11 PM (IST)

ਅੰਮ੍ਰਿਤਸਰ (ਦੀਪਕ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸਕੂਲਾਂ/ਕਾਲਜਾਂ ਦੇ ਪ੍ਰਬੰਧਕਾਂ ਤੇ ਮੁਖੀਆਂ ਨੂੰ ਕਿਹਾ ਹੈ ਕਿ ਉਹ ਵਿਦਿਆਰਥੀਆਂ ਨੂੰ ਸਿੱਖ ਇਤਿਹਾਸ, ਕਦਰਾਂ-ਕੀਮਤਾਂ ਤੇ ਨੈਤਿਕ ਸਿੱਖਿਆ ਨਾਲ ਜੋੜਨ ਲਈ ਵੱਧ ਤੋਂ ਵੱਧ ਉਪਰਾਲੇ ਕਰਨ। ਉਨ੍ਹਾਂ ਕਿਹਾ ਕਿ ਧਰਮ ਪ੍ਰਚਾਰ ਕਮੇਟੀ (ਸ਼੍ਰੋਮਣੀ ਕਮੇਟੀ) ਵਲੋਂ ਵਿਦਿਆਰਥੀਆਂ ਨੂੰ ਧਾਰਮਿਕ ਸਿੱਖਿਆ ਦੇਣ ਲਈ ਦੇਸ਼ ਦੇ ਵਿਦਿਅਕ ਅਦਾਰਿਆਂ 'ਚ ਵਿਦਿਆਰਥੀਆਂ ਦੀ ਸਾਲਾਨਾ ਧਾਰਮਿਕ ਪ੍ਰੀਖਿਆ ਲਈ ਜਾਂਦੀ ਹੈ, ਜਿਸ ਪ੍ਰਤੀ ਅਧਿਆਪਕ ਤੇ ਵਿਦਿਅਕ ਅਦਾਰਿਆਂ ਦੇ ਸੰਚਾਲਕ ਵਿਦਿਆਰਥੀਆਂ ਨੂੰ ਉਤਸ਼ਾਹਤ ਕਰਨ। ਭਾਈ ਲੌਂਗੋਵਾਲ ਨੇ ਸੰਗਤ ਨੂੰ ਵੀ ਅਪੀਲ ਕੀਤੀ ਕਿ ਆਪਣੇ ਬੱਚਿਆਂ ਨੂੰ ਗੁਰੂ ਸਾਹਿਬਾਨ ਦੇ ਇਤਿਹਾਸ ਤੇ ਗੁਰਬਾਣੀ ਨਾਲ ਜੋੜਨ ਲਈ ਇਸ ਧਾਰਮਿਕ ਪ੍ਰੀਖਿਆ ਦਾ ਹਿੱਸਾ ਬਣਾਉਣ।
ਇਸੇ ਦੌਰਾਨ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਜੌੜਾਸਿੰਘਾ ਨੇ ਦੱਸਿਆ ਕਿ ਧਾਰਮਿਕ ਪ੍ਰੀਖਿਆ ਦੇ ਇਸ ਸਾਲ ਲਈ ਦਾਖਲੇ ਸ਼ੁਰੂ ਕਰ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਧਾਰਮਿਕ ਪ੍ਰੀਖਿਆ 4 ਵੱਖ-ਵੱਖ ਦਰਜਿਆਂ 'ਚ ਲਈ ਜਾਂਦੀ ਹੈ, ਜਿਸ ਵਿਚ 6ਵੀਂ ਜਮਾਤ ਤੋਂ ਲੈ ਕੇ ਪੋਸਟ ਗ੍ਰੈਜੂਏਸ਼ਨ ਤੱਕ ਦੇ ਰੈਗੂਲਰ ਵਿਦਿਆਰਥੀ ਭਾਗ ਲੈ ਸਕਦੇ ਹਨ। ਇਸ ਸਾਲ ਪਹਿਲੇ ਤੇ ਦੂਸਰੇ ਦਰਜੇ ਲਈ ਦਾਖ਼ਲਾ ਫ਼ਾਰਮ ਦੀ ਅੰਤਿਮ ਤਰੀਕ 30 ਸਤੰਬਰ ਤੇ ਤੀਸਰੇ ਅਤੇ ਚੌਥੇ ਦਰਜੇ ਲਈ 30 ਨਵੰਬਰ ਤੱਕ ਦਾਖ਼ਲਾ ਫਾਰਮ ਭਰੇ ਜਾ ਸਕਦੇ ਹਨ।