SGPC ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਲਈ ਸ਼ਰਧਾਲੂਆਂ ਦੀ ਸੂਚੀ ਕਰੇਗੀ ਤਿਆਰ

Friday, Nov 01, 2019 - 11:26 AM (IST)

SGPC ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਲਈ ਸ਼ਰਧਾਲੂਆਂ ਦੀ ਸੂਚੀ ਕਰੇਗੀ ਤਿਆਰ

ਅੰਮ੍ਰਿਤਸਰ (ਦੀਪਕ) : ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਕਰਤਾਰਪੁਰ ਸਾਹਿਬ ਦੇ ਖੁੱਲ੍ਹੇ ਲਾਂਘੇ ਰਾਹੀਂ ਦਰਸ਼ਨਾਂ ਨੂੰ ਜਾਣ ਵਾਲੀਆਂ ਸੰਗਤਾਂ ਦੀ ਸਹੂਲਤ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਹੇਠਲੇ ਗੁਰਦੁਆਰਾ ਸਾਹਿਬਾਨ ਵਿਖੇ ਪ੍ਰਬੰਧ ਕੀਤੇ ਜਾਣਗੇ। ਸ਼੍ਰੋਮਣੀ ਕਮੇਟੀ ਇਤਿਹਾਸਕ ਗੁਰਦੁਆਰਾ ਸਾਹਿਬਾਨ ਵਿਖੇ ਸ਼ਰਧਾਲੂਆਂ ਦੀਆਂ ਸੂਚੀਆਂ ਤਿਆਰ ਕਰਕੇ ਅਗਲੀ ਪ੍ਰਕਿਰਿਆ ਲਈ ਮਦਦ ਕਰੇਗੀ। ਇਸ ਸਬੰਧੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਨੂੰ ਗੁਰਦੁਆਰਾ ਸਾਹਿਬਾਨ ਦੇ ਮੈਨੇਜਰਾਂ ਨੂੰ ਸੂਚਿਤ ਕਰਨ ਲਈ ਹੁਕਮ ਦਿੱਤੇ ਹਨ।

ਦੱਸਣਯੋਗ ਹੈ ਕਿ ਖੁੱਲ੍ਹੇ ਲਾਂਘੇ ਰਾਹੀਂ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰ ਲਈ ਸੰਗਤਾਂ ਨੂੰ ਮੁਕੰਮਲ ਜਾਣਕਾਰੀ ਨਾ ਹੋਣ ਕਾਰਣ ਪ੍ਰੇਸ਼ਾਨੀ ਤੋਂ ਬਚਾਉਣ ਲਈ ਸ਼੍ਰੋਮਣੀ ਕਮੇਟੀ ਨੇ ਇਹ ਕਦਮ ਚੁੱਕਿਆ ਹੈ। ਸ਼੍ਰੋਮਣੀ ਕਮੇਟੀ ਦੇ ਬੁਲਾਰੇ ਕੁਲਵਿੰਦਰ ਸਿੰਘ ਰਮਦਾਸ ਨੇ ਦੱਸਿਆ ਕਿ ਭਾਈ ਲੌਂਗੋਵਾਲ ਵਲੋਂ ਦਿੱਤੇ ਗਏ ਨਿਰਦੇਸ਼ ਅਨੁਸਾਰ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਸਾਰੇ ਇਤਿਹਾਸਕ ਗੁਰਦੁਆਰਿਆਂ 'ਚ ਸ੍ਰੀ ਕਰਤਾਰਪੁਰ ਸਾਹਿਬ ਜਾਣ ਵਾਲੇ ਚਾਹਵਾਨ ਸ਼ਰਧਾਲੂਆਂ ਦੀਆਂ ਸੂਚੀਆਂ ਤਿਆਰ ਕੀਤੀਆਂ ਜਾਣਗੀਆਂ, ਜਿਹੜੇ ਵੀ ਸ਼ਰਧਾਲੂ ਦਰਸ਼ਨ-ਦੀਦਾਰ ਲਈ ਪਾਕਿਸਤਾਨ ਜਾਣਾ ਚਾਹੁੰਦੇ ਹਨ, ਉਹ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠਲੇ ਗੁਰਦੁਆਰਾ ਸਾਹਿਬਾਨ ਤੱਕ ਪਹੁੰਚ ਕਰ ਸਕਦੇ ਹਨ। ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਭਲਕੇ ਗੁਰਦੁਆਰਾ ਸਾਹਿਬਾਨ ਦੇ ਮੈਨੇਜਰਾਂ ਨੂੰ ਸਰਕੂਲਰ ਜਾਰੀ ਕਰ ਦਿੱਤਾ ਜਾਵੇਗਾ।


author

Baljeet Kaur

Content Editor

Related News