ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ 'ਸ਼ਬਦ ਗੁਰੂ ਯਾਤਰਾ' ਦੀ ਅੱਜ ਹੋਵੇਗੀ ਸਮਾਪਤੀ
Friday, May 03, 2019 - 10:25 AM (IST)

ਅੰਮ੍ਰਿਤਸਰ (ਦੀਪਕ) : ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 7 ਜਨਵਰੀ ਨੂੰ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਸ਼ੁਰੂ ਹੋਈ 'ਸ਼ਬਦ ਗੁਰੂ ਯਾਤਰਾ' ਅੱਜ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ 3 ਮਈ ਨੂੰ ਸ਼ਾਮ 6 ਵਜੇ ਸੰਪੰਨ ਹੋਵੇਗੀ। ਇਹ ਯਾਤਰਾ ਆਪਣੇ 4 ਮਹੀਨਿਆਂ ਦੌਰਾਨ ਪੰਜਾਬ ਦੇ ਵੱਖ-ਵੱਖ ਪਿੰਡਾਂ, ਨਗਰਾਂ, ਕਸਬਿਆਂ ਤੇ ਸ਼ਹਿਰਾਂ 'ਚ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 8 ਨਵੰਬਰ ਤੋਂ 12 ਨਵੰਬਰ 2019 ਤੱਕ ਗੁ. ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਕਰਵਾਏ ਜਾ ਰਹੇ ਕੌਮਾਂਤਰੀ ਪੱਧਰ ਦੇ ਗੁਰਮਤਿ ਸਮਾਗਮਾਂ ਸਬੰਧੀ ਸੰਗਤਾਂ ਨੂੰ ਜਾਗਰੂਕ ਕਰਨ 'ਚ ਸਫਲ ਰਹੀ।
ਸ਼ਬਦ ਗੁਰੂ ਯਾਤਰਾ ਦਾ ਜਿਥੇ ਸੰਗਤਾਂ ਨੇ ਭਾਰੀ ਉਤਸ਼ਾਹ ਤੇ ਸ਼ਰਧਾ ਨਾਲ ਸਵਾਗਤ ਕੀਤਾ, ਉਥੇ ਹੀ ਗੁਰੂ ਸਾਹਿਬ ਦੇ ਸ਼ਸਤਰਾਂ ਤੇ ਨਿਸ਼ਾਨੀਆਂ ਦੇ ਦਰਸ਼ਨ ਕਰ ਕੇ ਸੰਗਤਾਂ ਨਿਹਾਲ ਹੋਈਆਂ। ਸ਼ਬਦ ਗੁਰੂ ਯਾਤਰਾ ਦੀ ਸੰਪੰਨਤਾ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਸਿੰਘ ਸਾਹਿਬਾਨ, ਸਭਾ ਸੋਸਾਇਟੀਆਂ ਤੇ ਧਾਰਮਿਕ ਜਥੇਬੰਦੀਆਂ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕਰਨਗੀਆਂ। ਭਾਈ ਲੌਂਗੋਵਾਲ ਨੇ ਸੰਗਤਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸ਼ਬਦ ਗੁਰੂ ਯਾਤਰਾ ਦੀ ਸੰਪੰਨਤਾ ਮੌਕੇ ਵੱਧ ਤੋਂ ਵੱਧ ਸੰਗਤਾਂ ਗੁ. ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਹਾਜ਼ਰੀਆਂ ਭਰਨ।