550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਲਈ ਸ਼੍ਰੋਮਣੀ ਕਮੇਟੀ ਨੇ ਉੱਤਰਾਖੰਡ ਦੇ ਮੁੱਖ ਮੰਤਰੀ ਨੂੰ ਦਿੱਤਾ ਸੱਦਾ

11/01/2019 5:02:34 PM

ਅੰਮ੍ਰਿਤਸਰ (ਦੀਪਕ ਸ਼ਰਮਾ,ਜਗਦੇਵ) : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਉੱਤਰਾਖੰਡ ਦੇ ਮੁੱਖ ਮੰਤਰੀ ਤ੍ਰੀਵਿੰਦਰਾ ਸਿੰਘ ਰਾਵਤ ਨੂੰ ਸੱਦਾ ਪੱਤਰ ਭੇਜਿਆ ਗਿਆ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵਲੋਂ ਉੱਤਰਾਖੰਡ ਦੇ ਮੁੱਖ ਮੰਤਰੀ ਨੂੰ ਇਹ ਸੱਦਾ ਪੱਤਰ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ ਅਤੇ ਨਿੱਜੀ ਸਕੱਤਰ ਅਵਤਾਰ ਸਿੰਘ ਸੈਂਪਲਾ ਨੇ ਦਿੱਤਾ ਹੈ।

ਵਰਨਣਯੋਗ ਹੈ ਕਿ ਸ਼੍ਰੋਮਣੀ ਕਮੇਟੀ ਵਲੋਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਕਰਵਾਏ ਜਾ ਰਹੇ ਮੁੱਖ ਸਮਾਗਮਾਂ ਸਮੇਂ ਸ਼ਮੂਲੀਅਤ ਲਈ ਦੇਸ਼ ਦੇ ਵੱਖ-ਵੱਖ ਸੂਬਿਆਂ ਦੇ ਮੁੱਖ ਮੰਤਰੀਆਂ ਤੱਕ ਪਹੁੰਚ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਦੇਸ਼ ਵਿਦੇਸ਼ ਦੀਆਂ ਧਾਰਮਿਕ, ਸਮਾਜਿਕ ਅਤੇ ਰਾਜਨੀਤਕ ਸ਼ਖਸੀਅਤਾਂ ਨੂੰ ਵੀ ਸੱਦੇ ਦਿੱਤੇ ਗਏ ਹਨ। ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵਲੋਂ ਦੇਸ਼ ਦੇ ਰਾਸ਼ਟਰਪਤੀ ਸ੍ਰੀ ਰਾਮਨਾਥ ਕੋਵਿੰਦ, ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਸਮੇਤ ਕਈ ਸੂਬਿਆਂ ਦੇ ਮੁੱਖ ਮੰਤਰੀਆਂ ਨੂੰ ਖੁਦ ਸੱਦਾ ਪੱਤਰ ਦਿੱਤੇ ਗਏ। ਇਸ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰ ਅਤੇ ਅਧਿਕਾਰੀ ਵੀ ਕਈ ਰਾਜਾਂ ਦੇ ਮੁੱਖ ਮੰਤਰੀਆਂ ਤੱਕ ਪਹੁੰਚ ਕਰ ਚੁੱਕੇ ਹਨ। ਸ਼੍ਰੋਮਣੀ ਕਮੇਟੀ ਵਲੋਂ ਉੱਤਰਾਖੰਡ ਦੇ ਮੁੱਖ ਮੰਤਰੀ ਨੂੰ ਸੱਦਾ ਦੇਣ ਗਏ ਅਵਤਾਰ ਸਿੰਘ ਸੈਂਪਲਾ ਨਿੱਜੀ ਸਕੱਤਰ ਨੇ ਦੱਸਿਆ ਕਿ ਤ੍ਰੀਵਿੰਦਰਾ ਸਿੰਘ ਰਾਵਤ ਨੇ 550ਸਾਲਾ ਪ੍ਰਕਾਸ਼ ਪੁਰਬ ਸਮੇਂ ਹੋਣ ਵਾਲੇ ਮੁੱਖ ਸਮਾਗਮਾਂ 'ਚ ਸ਼ਮੂਲੀਅਤ ਲਈ ਵਚਨਬਧਤਾ ਪ੍ਰਗਟਾਈ ਹੈ। ਉਨ੍ਹਾਂ ਦੱਸਿਆ ਕਿ ਉੱਤਰਾਖੰਡ ਦੇ ਮੁੱਖ ਮੰਤਰੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਇਤਿਹਾਸਕ ਪੁਰਬ ਨੂੰ ਵਿਸ਼ਵ ਦੀਆਂ ਸੰਗਤਾਂ ਲਈ ਵਿਸ਼ੇਸ਼ ਮੌਕਾ ਕਰਾਰ ਦਿੰਦਿਆਂ ਸੰਗਤ ਨੂੰ ਇਸ ਦੀ ਵਧਾਈ ਦਿੱਤੀ ਹੈ।


Baljeet Kaur

Content Editor

Related News