ਅੰਮ੍ਰਿਤਸਰ 'ਚ ਸਿੱਧੂ ਨੇ ਵਿਕਾਸ ਕਾਰਜਾਂ ਦੀ ਕੀਤੀ ਸ਼ੁਰੂਆਤ
Sunday, Jan 27, 2019 - 07:28 PM (IST)
ਅੰਮ੍ਰਿਤਸਰ (ਗੁਰਪ੍ਰੀਤ ਸਿੰਘ) : ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਅੱਜ ਅੰਮ੍ਰਿਤਸਰ ਲਈ 34 ਕਰੋੜ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਕਾਰਜਾਂ ਦਾ ਸ਼ੁੱਭ ਆਰੰਭ ਕੀਤਾ।ਗਣਤੰਤਰ ਦਿਵਸ ਮੌਕੇ ਕੀਤੇ ਗਏ ਐਲਾਨ ਨੂੰ ਅਮਲੀ ਜਾਮਾ ਪਹਿਨਾਉਣ ਦੀ ਪਹਿਲ ਕਰਦੇ ਹੋਏ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਅੱਜ ਖਜ਼ਾਨਾ ਗੇਟ ਤੋਂ ਸ਼ਹੀਦ ਬਾਬਾ ਦੀਪ ਸਿੰਘ ਦੇ ਗੁਰਦੁਆਰਾ ਸਾਹਿਬ ਰਸਤੇ ਸੁਲਤਾਨਵਿੰਡ ਚੌਕ ਤੱਕ ਪੈਂਦੇ 3.20 ਕਿਲੋਮੀਟਰ ਲੰਮੇ ਰਸਤੇ ਦੇ ਸੁੰਦਰੀਕਰਨ ਪ੍ਰਾਜੈਕਟ ਦੀ ਸ਼ੁਰੂਆਤ ਕੀਤੀ।
ਉਨਾਂ ਦੱਸਿਆ ਕਿ ਪੰਜਾਬ ਹੈਰੀਟੇਜ ਟੂਰਿਜ਼ਮ ਪ੍ਰਮੋਸ਼ਨ ਬੋਰਡ ਵੱਲੋਂ ਏਸ਼ੀਅਨ ਡਿਵਲਪਮੈਂਟ ਬੈਂਕ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ 34 ਕਰੋੜ ਰੁਪਏ ਦੇ ਇਸ ਪ੍ਰਾਜੈਕਟ ਨਾਲ ਇਸ ਰਸਤੇ ਦਾ ਮੂੰਹ-ਮੁਹਾਂਦਰਾ ਬਦਲਣ ਦਾ ਐਲਾਨ ਕਰਦੇ ਹੋਏ ਸਿੱਧੂ ਨੇ ਦੱਸਿਆ ਕਿ ਇਸ ਰਸਤੇ ਜਿਸ ਤਰ੍ਹਾਂ ਸ੍ਰੀ ਦਰਬਾਰ ਸਾਹਿਬ ਦੇ ਆਲੇ-ਦੁਆਲੇ ਨੂੰ ਸੁੰਦਰ ਬਣਾਇਆ ਗਿਆ ਹੈ, ਉਸੇ ਤਰ੍ਹਾਂ ਇਹ ਸਾਰਾ ਰਸਤਾ ਬਣੇਗਾ। ਉਨਾਂ ਦੱਸਿਆ ਕਿ ਇਸ ਰਸਤੇ ਪੈਂਦੀਆਂ ਦੁਕਾਨਾਂ ਤੇ ਮਕਾਨਾਂ ਨੂੰ ਸਰਵਿਸ ਰੋਡ ਦੇ ਕੇ ਮੇਨ ਰੋਡ ਨਾਲ ਉਸਾਰੀ ਗਈ ਕੰਧ ਨੂੰ ਅਜਾਇਬ ਘਰ ਦਾ ਰੂਪ ਦਿੱਤਾ ਜਾਵੇਗਾ, ਜਿਸ 'ਤੇ ਮਹਾਰਾਜਾ ਰਣਜੀਤ ਸਿੰਘ ਦੇ ਕਾਲ ਨੂੰ ਪੇਸ਼ ਕੀਤਾ ਜਾਵੇਗਾ।
ਇਸ ਮੌਕੇ ਮੇਅਰ ਕਰਮਜੀਤ ਸਿੰਘ ਰਿੰਟੂ ਨੇ ਦੱਸਿਆ ਕਿ ਅੰਮ੍ਰਿਤਸਰ ਸ਼ਹਿਰ ਵਿਚ ਸਮਾਰਟ ਸਿਟੀ ਤਹਿਤ 1000 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਹੋ ਚੁੱਕੀ ਹੈ, ਜਿਸ ਤਹਿਤ ਮਲਟੀ ਲੈਵਲ ਕਾਰ ਪਾਰਕਿੰਗ, ਸੁੰਦਰ ਪਾਰਕ, ਅੰਦਰੂਨੀ ਸ਼ਹਿਰ ਦਾ ਸੀਵਰੇਜ, ਸੜਕਾਂ ਦਾ ਨਿਰਮਾਣ, ਸੀ ਸੀ ਟੀਵੀ ਕੈਮਰੇ, ਐਲ.ਈ.ਡੀ ਲਾਈਟਾਂ ਆਦਿ ਲਗਾਈਆਂ ਜਾ ਰਹੀਆਂ ਹਨ। ਅੰਮ੍ਰਿਤਸਰ ਸ਼ਹਿਰ ਦੀ ਟ੍ਰੈਫਿਕ ਵਿਵਸਥਾ ਨੂੰ ਸਚਾਰੂ ਚਲਾਉਣ ਲਈ ਨਵੇਂ 5 ਪੁਲ ਵੀ ਬਣਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਸ੍ਰੀ ਦੁਰਗਿਆਨਾ ਮੰਦਰ ਦੇ ਸੁੰਦਰੀਕਰਨ ਲਈ 30 ਕਰੋੜ ਰੁਪਏ ਖਰਚੇ ਜਾ ਰਹੇ ਹਨ ਅਤੇ ਅੰਮ੍ਰਿਤਸਰ ਦੇ ਵਿਰਾਸਤੀ ਗੇਟਾਂ ਨੂੰ ਸਾਂਭਣ ਦੇ ਨਾਲ-ਨਾਲ ਨਵੀਂ ਦਿੱਖ ਪ੍ਰਦਾਨ ਕਰਨ ਲਈ 11 ਕਰੋੜ ਰੁਪਏ ਨਾਲ ਕੰਮ ਸ਼ੁਰੂ ਕੀਤਾ ਜਾ ਚੁੱਕਾ ਹੈ।ਇਸ ਮੌਕੇ ਉਨ੍ਹਾਂ ਨਾਲ ਅੰਮ੍ਰਿਤਸਰ ਤੋਂ ਹਲਕਾ ਵਿਧਾਇਕ ਇੰਦਰਬੀਰ ਸਿੰਘ ਬੁਲਾਰੀਆ ਤੇ ਡਾ. ਰਾਜ ਕੁਮਾਰ ਵੇਰਕਾ ਤੇ ਸੁਨੀਲ ਦੱਤੀ ਮੇਅਰ ਕਰਮਜੀਤ ਸਿੰਘ ਵੀ ਮੌਜੂਦ ਰਹੇ।
ਇਸ ਸਮਾਗਮ 'ਚ ਸਿੱਧੂ ਨੇ ਪੰਜਾਬ ਸਰਕਾਰ ਦੇ ਕੰਮਾਂ ਦਾ ਵੇਰਵਾ ਦਿੰਦਿਆਂ ਕਿਹਾ ਕਿ ਉਹ ਅੰਮ੍ਰਿਤਸਰ ਨੂੰ ਸੋਨੇ ਦੀ ਚਿੜੀ ਬਣਾ ਦੇਣਗੇ। ਇਸ ਦੇ ਨਾਲ ਹੀ ਸਿੱਧੂ ਨੇ ਇੰਦਰਬੀਰ ਬੁਲਾਰੀਆ ਨੂੰ ਆਪਣਾ ਛੋਟਾ ਭਰਾ ਦੱਸਦਿਆਂ ਉਨ੍ਹਾਂ ਦੇ ਹਲਕੇ 'ਚ ਪੇਸ਼ ਆ ਰਹੀਆਂ ਦਿੱਕਤਾਂ ਨੂੰ ਜਲਦ ਖਤਮ ਕਰਨ ਦਾ ਭਰੋਸਾ ਵੀ ਦਿੱਤਾ।
