ਸ੍ਰੀ ਅਕਾਲ ਤਖਤ ਸਾਹਿਬ ਵਲੋਂ ਦਿੱਲੀ ਹਿੰਸਾ ਦਾ ਜਾਇਜ਼ਾ ਲੈਣ ਲਈ 6 ਮੈਂਬਰੀ ਕਮੇਟੀ ਗਠਿਤ
Saturday, Feb 29, 2020 - 10:46 AM (IST)
ਅੰਮ੍ਰਿਤਸਰ (ਅਣਜਾਣ) : ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਸੀ. ਏ. ਏ. ਨੂੰ ਲੈ ਕੇ ਦਿੱਲੀ ਦੇ ਖਰਾਬ ਹੋਏ ਹਾਲਾਤ ਦਾ ਜਾਇਜ਼ਾ ਲੈਣ ਲਈ 6 ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ। ਇਸ ਕਮੇਟੀ 'ਚ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ, ਹਰਵਿੰਦਰ ਸਿੰਘ ਫੂਲਕਾ ਸੀਨੀਅਰ ਐਡਵੋਕੇਟ, ਜਸਪਾਲ ਸਿੰਘ ਸਾਬਕਾ ਵਾਈਸ ਚਾਂਸਲਰ ਪਟਿਆਲਾ ਯੂਨੀਵਰਸਿਟੀ, ਤਰਲੋਚਨ ਸਿੰਘ ਸਾਬਕਾ ਚੇਅਰਮੈਨ ਘੱਟ ਗਿਣਤੀਆਂ ਕਮਿਸ਼ਨ, ਬੀਬੀ ਰਣਜੀਤ ਕੌਰ ਸੀਨੀਅਰ ਵਾਈਸ ਪ੍ਰਧਾਨ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਹਰਮੀਤ ਸਿੰਘ ਕਾਲਕਾ (ਕੋਆਰਡੀਨੇਟਰ) ਜਨਰਲ ਸਕੱਤਰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਾਂ ਸ਼ਾਮਲ ਹਨ।
ਦਫ਼ਤਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪ੍ਰੈੱਸ ਨੋਟ ਜਾਰੀ ਕਰਦਿਆਂ ਸਿੰਘ ਸਾਹਿਬ ਦੇ ਨਿੱਜੀ ਸਹਾਇਕ ਰਣਜੀਤ ਸਿੰਘ ਨੇ ਦੱਸਿਆ ਕਿ ਇਹ ਕਮੇਟੀ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰ ਕੇ ਹਾਲਾਤ ਦਾ ਜਾਇਜ਼ਾ ਬਣਾਈ ਰੱਖਣ ਲਈ ਉਪਰਾਲਾ ਕਰੇਗੀ। ਇਸ ਤੋਂ ਇਲਾਵਾ ਇਹ ਕਮੇਟੀ ਸਿੱਖਾਂ ਦੇ ਹੋਏ ਨੁਕਸਾਨ ਦਾ ਵੀ ਜਾਇਜ਼ਾ ਲੈ ਕੇ ਰਿਪੋਰਟ ਦਫ਼ਤਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਭੇਜੇਗੀ।