ਬੰਦੀ ਛੋੜ ਦਿਵਸ ਮੌਕੇ ਸ੍ਰੀ ਅਕਾਲ ਤਖਤ ਸਾਹਿਬ ਤੋਂ ਕੌਮ ਦੇ ਨਾਂ ਆਇਆ ਇਹ ਸੰਦੇਸ਼
Monday, Oct 28, 2019 - 06:36 PM (IST)
ਅੰਮ੍ਰਿਤਸਰ (ਦੀਪਕ ਸ਼ਰਮਾ) : ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੇ ਬੰਦੀ ਛੋੜ ਦਿਵਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਦਰਸ਼ਨੀ ਡਿਉੜੀ ਤੋਂ ਸਿੱਖ ਕੌਮ ਨਾਂ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸੰਦੇਸ਼ ਦਿੰਦਿਆਂ ਕਿਹਾ ਕਿ ਬੇਲੋੜੇ ਮੁੱਦਿਆਂ 'ਤੇ ਆਪਸੀ ਟਕਰਾਅ ਅਤੇ ਭਰਾ ਮਾਰੂ ਜੰਗ ਛੱਡ ਕੇ ਇਕਜੁੱਟਤਾ ਨਾਲ ਸਿੱਖੀ ਦੇ ਦੁਸ਼ਮਣਾਂ ਦਾ ਮੁਕਾਬਲਾ ਕਰਨਾ ਚਾਹੀਦਾ ਹੈ। ਇਸ ਤੋਂ ਇਲਾਵਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਤਖਤ ਸ੍ਰੀ ਕੇਸਗੜ• ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਤਖਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ, ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ, ਸ਼੍ਰੋਮਣੀ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ, ਤਰਨਾ ਦਲ ਦੇ ਮੁਖੀ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਨੇ ਵੀ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਸਾਂਝੀਆਂ ਕਰਦਿਆਂ ਬੰਦੀ ਛੋੜ ਦਿਵਸ ਦੀ ਮੁਬਾਰਕਬਾਦ ਦਿੱਤੀ।
ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਆਪਣੇ ਸੰਦੇਸ਼ 'ਚ ਸਮੁੱਚੀ ਕੌਮ ਨੂੰ ਬੰਦੀ ਛੋੜ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਵਰਤਮਾਨ ਸਮੇਂ ਅੰਦਰ ਗੁਰਬਾਣੀ ਦੀ ਸਿੱਖਿਆ ਮੁਤਾਬਕ ਮਿਲ ਬੈਠ ਕੇ ਸਿਰ ਜੋੜਨ ਅਤੇ ਆਪਾ ਪੜਚੋਲਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਅੱਜ ਪੰਥਕ ਸ਼ਕਤੀ ਨੂੰ ਖੇਰੂ-ਖੇਰੂ ਕਰਨ ਲਈ ਸਿੱਖ ਧਰਮ ਅੰਦਰ ਆਪਣੇ ਪ੍ਰਮੁੱਖ ਇਤਿਹਾਸਕ ਸਰੋਤਾਂ, ਸਿਧਾਂਤਾਂ ਅਤੇ ਰਹਿਤ ਮਰਯਾਦਾ ਸਬੰਧੀ ਵਿਵਾਦਾਂ ਨੂੰ ਤੂਲ ਦਿੱਤਾ ਜਾ ਰਿਹਾ ਹੈ। ਪੰਥਕ ਸੰਸਥਾਵਾਂ ਅਤੇ ਇਨ੍ਹਾਂ ਨਾਲ ਜੁੜੀਆਂ ਸ਼ਖਸੀਅਤਾਂ ਖਿਲਾਫ ਵਰਤੀ ਜਾ ਰਹੀ ਸ਼ਬਦਾਵਲੀ ਕੌਮੀ ਸੰਸਥਾਵਾਂ ਦੀ ਤਬਾਹੀ ਦਾ ਅਧਾਰ ਬਣ ਰਹੀ ਹੈ। ਸਿੱਖਾਂ ਨੂੰ ਧਾਰਮਿਕ, ਸਮਾਜਿਕ, ਆਰਥਿਕ, ਰਾਜਨੀਤਕ ਅਤੇ ਖਾਸ ਤੌਰ 'ਤੇ ਨੌਜਵਾਨਾਂ ਨੂੰ ਬੌਧਿਕ ਤੌਰ 'ਤੇ ਕੰਗਾਲ ਬਣਾਉਣ ਦਾ ਕੋਝਾ ਯਤਨ ਹੋ ਰਿਹਾ ਹੈ। ਉਨ੍ਹਾਂ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਇਹ ਸਭ ਪੰਥ ਵਿਰੋਧੀ ਤਾਕਤਾਂ ਦੀ ਸੋਚੀ ਸਮਝੀ ਗਹਿਰੀ ਸਾਜ਼ਿਸ਼ ਦਾ ਹਿੱਸਾ ਲੱਗਦਾ ਹੈ।
ਉਨ੍ਹਾਂ ਖਾਲਸਾ ਪੰਥ ਦੀ ਵਿਰਾਸਤੀ ਭੂਮੀ ਉੱਪਰ ਪੰਜਾਬੀ ਭਾਸ਼ਾ ਅਤੇ ਗੁਰਮੁਖੀ ਲਿਪੀ ਨੂੰ ਮਧੋਲਣ ਦੇ ਯਤਨਾਂ 'ਤੇ ਵੀ ਤਿੱਖੇ ਸਵਾਲ ਕੀਤੇ। ਸਿੰਘ ਸਾਹਿਬ ਨੇ ਕਿਹਾ ਕਿ ਸਜ਼ਾ ਭੁਗਤਣ ਦੇ ਬਾਵਜੂਦ ਸਿੱਖ ਬੰਦੀਆਂ ਨੂੰ ਭਾਰਤੀ ਜੇਲਾਂ 'ਚੋਂ ਰਿਹਾਅ ਨਾ ਕਰਨਾ, ਸਿੱਖ ਵਿਰਾਸਤ ਤੇ ਸਿੱਖ ਸੱਭਿਆਚਾਰ 'ਤੇ ਗੁੱਝੇ ਹਮਲੇ, ਕੁਦਰਤੀ ਵਾਤਾਵਰਣ ਦਾ ਵਿਗਾੜ, ਖਾਲਸੇ ਦੇ ਨਿਆਰੇਪਣ ਨੂੰ ਗੰਧਲਾ ਕਰਨ ਦੇ ਮਨਸੂਬੇ, ਸ਼ਖਸੀ ਪੂਜਾ ਦਾ ਉਭਾਰ ਤੇ ਗੁਰੂਡੰਮ ਦਾ ਬੋਲਬਾਲਾ ਪੰਥ ਅੱਗੇ ਕਈ ਤਰ੍ਹਾਂ ਦੀ ਚੁਣੌਤੀਆਂ ਹਨ। ਇਸ ਦੇ ਨਾਲ ਹੀ ਉਨ੍ਹਾਂ ਧਰਤੀ ਹੇਠਲੇ ਪਾਣੀ ਦਾ ਦੂਸ਼ਤ ਹੋਣਾ, ਜਰਖੇਜ ਧਰਤੀ ਦਾ ਬੰਜਰ ਹੋਣਾ, ਨਸ਼ੇ, ਕਿਸਾਨ ਖੁਦਕੁਸ਼ੀਆਂ, ਭਰੂਣ ਹੱਤਿਆ, ਨੌਜਵਾਨਾਂ ਦਾ ਪ੍ਰਵਾਸ ਆਦਿ ਵਿਸ਼ਿਆਂ ਨੂੰ ਵੀ ਛੋਹਿਆ। ਉਨ੍ਹਾਂ ਕਿਹਾ ਕਿ ਇਸ ਸਾਰੇ ਵਰਤਾਰੇ ਵਿਰੁੱਧ ਸਿੱਖਾਂ ਨੂੰ ਲਾਮਬੰਦ ਹੋਣਾ ਪਵੇਗਾ। ਜੇਕਰ ਸਮੂਹ ਖਾਲਸਾ ਪੰਥ ਆਪਣੀ ਕੁਦਰਤੀ ਅਤੇ ਇਤਿਹਾਸਕ ਵਿਰਾਸਤ ਵਾਲੀ ਰੂਹਾਨੀ ਜੀਵਨਧਾਰਾ ਨੂੰ ਬਚਾਉਣ ਲਈ ਇਕਜੁੱਟ ਨਾ ਹੋਇਆ ਤਾਂ ਆਉਣ ਵਾਲੀਆਂ ਪੀੜ੍ਹੀਆਂ ਸਵਾਲ ਕਰਨਗੀਆਂ। ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਨੇ ਸਮੁੱਚੀ ਕੌਮ ਨੂੰ ਸਵੈਮੰਥਨ ਕਰਨ ਦਾ ਸੁਨੇਹਾ ਦਿੱਤਾ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਆ ਰਹੇ 550ਵੇਂ ਪ੍ਰਕਾਸ਼ ਪੁਰਬ ਨੂੰ ਕੌਮੀ ਇਕਜੁੱਟਤਾ ਨਾਲ ਮਨਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਅੱਜ ਇਸ ਗੱਲ ਦੀ ਵੱਡੀ ਲੋੜ ਹੈ ਕਿ ਅਸੀਂ ਆਪਣੇ ਧਾਰਮਿਕ, ਸਮਾਜਿਕ, ਰਾਜਨੀਤਕ ਵਖਰੇਵੇਂ ਛੱਡ ਕੇ ਇਕ ਮੰਚ 'ਤੇ ਇਕੱਤਰ ਹੋਈਏ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਬਾਣੀ ਦੇ ਉਪਦੇਸ਼ ਕਿਰਤ ਕਰੋ, ਨਾਮ ਜਪੋ ਤੇ ਵੰਡ ਛਕੋ ਤੋਂ ਸੇਧ ਲੈ ਕੇ ਅੱਗੇ ਵਧੀਏ।
ਜ਼ੁਲਮ ਦੇ ਸਤਾਏ ਲੋਕਾਂ ਦੇ ਹੱਕ 'ਚ ਅੱਗੇ ਆਉਣ ਦੀ ਪ੍ਰੇਰਣਾ ਦਿੰਦਾ ਹੈ ਬੰਦੀ ਛੋੜ ਦਿਵਸ : ਭਾਈ ਲੌਂਗੋਵਾਲ
ਬੰਦੀ ਛੋੜ ਦਿਵਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸੰਗਤਾਂ ਨੂੰ ਬੰਦੀ ਛੋੜ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਛੇਵੇਂ ਪਾਤਸ਼ਾਹ ਵਲੋਂ ਗਵਾਲੀਅਰ ਦੀ ਕੈਦ 'ਚੋਂ ਛੁਡਾਏ 52 ਰਾਜਿਆਂ ਦਾ ਇਤਿਹਾਸ ਸੰਭਾਲੀ ਬੈਠਾ ਇਹ ਦਿਹਾੜਾ ਸਾਨੂੰ ਸੱਚ ਦੀ ਅਵਾਜ਼ ਬਣਨ ਅਤੇ ਜ਼ੁਲਮ ਦੇ ਸਤਾਏ ਹੋਏ ਲੋਕਾਂ ਦੇ ਹੱਕ 'ਚ ਅੱਗੇ ਆਉਣ ਦੀ ਪ੍ਰੇਰਣਾ ਦਿੰਦਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਨੇ ਲੋਕਾਈ ਨੂੰ ਇਕ ਨਵੀਂ ਰੋਸ਼ਨੀ, ਨਵੇਂ ਜਜ਼ਬੇ ਅਤੇ ਨਵੇਂ ਜੋਸ਼ ਦੇ ਰੂਬਰੂ ਕੀਤਾ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਉਹ ਧਾਰਮਿਕ, ਸਮਾਜਿਕ, ਰਾਜਨੀਤਿਕ ਅਤੇ ਆਰਥਿਕ ਕ੍ਰਾਂਤੀ ਦਾ ਮੁੱਢ ਬੰਨਣ ਵਾਲੇ ਗੁਰੂ ਸਾਹਿਬਾਨ ਵਲੋਂ ਦਰਸਾਏ ਹੋਏ ਮਾਰਗ ਨੂੰ ਅਪਨਾਉਣ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਆਪਣੇ ਸੰਬੋਧਨ ਦੌਰਾਨ ਸ਼ਹੀਦ ਭਾਈ ਮਨੀ ਸਿੰਘ ਨੂੰ ਵੀ ਯਾਦ ਕੀਤਾ ਅਤੇ ਉਨ੍ਹਾਂ ਦੇ ਜੀਵਨ ਤੋਂ ਸੰਗਤਾਂ ਅਤੇ ਖਾਸਕਰ ਸਿੱਖ ਨੌਜਵਾਨਾਂ ਨੂੰ ਪ੍ਰੇਰਣਾ ਲੈਣ ਦੀ ਅਪੀਲ ਕੀਤੀ।
ਇਸ ਮੌਕੇ ਸੱੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਸਿੱਖ ਧਰਮ ਅੰਦਰ ਬੰਦੀ ਛੋੜ ਦਿਵਸ ਦੇ ਇਤਿਹਾਸ ਨੂੰ ਸੰਗਤਾਂ ਨਾਲ ਸਾਂਝਾ ਕਰਦਿਆਂ ਬਾਣੀ ਅਤੇ ਬਾਣੇ ਨਾਲ ਜੁੜਨ ਦੀ ਪ੍ਰੇਰਣਾ ਕੀਤੀ। ਇਸ ਮੌਕੇ ਤਖਤ ਸ੍ਰੀ ਕੇਸਗੜ੍ਹ•ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਤਖਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ, ਦਮਦਮੀ ਟਕਸਾਲ ਦੇ ਮੁੱਖੀ ਬਾਬਾ ਹਰਨਾਮ ਸਿੰਘ ਖਾਲਸਾ, ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁੱਖੀ ਬਾਬਾ ਬਲਬੀਰ ਸਿੰਘ, ਤਰਨਾ ਦਲ ਦੇ ਮੁੱਖੀ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲਿਆਂ ਨੇ ਵੀ ਵਿਚਾਰ ਸਾਂਝੇ ਕਰਦਿਆਂ ਸੰਗਤ ਨੂੰ ਬੰਦੀ ਛੋੜ ਦਿਵਸ ਦੀ ਵਧਾਈ ਦਿੱਤੀ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਸਿੰਘ ਸਾਹਿਬਾਨ, ਸ਼੍ਰੋਮਣੀ ਕਮੇਟੀ ਪ੍ਰਧਾਨ, ਪ੍ਰਮੁੱਖ ਸ਼ਖਸੀਅਤਾਂ ਅਤੇ ਸੰਗਤਾਂ ਦਾ ਧੰਨਵਾਦ ਕੀਤਾ।