ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਵਿਸ਼ਾਲ ਨਗਰ ਕੀਰਤਨ

01/01/2020 3:16:40 PM

ਅੰਮ੍ਰਿਤਸਰ (ਸੁਮਿਤ ਖੰਨਾ) : ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾਡ਼ੇ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਖ਼ਾਲਸਾਈ ਜਾਹੋ-ਜਲਾਲ ਨਾਲ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ’ਚ ਸਜਾਏ ਗਏ ਇਸ ਨਗਰ ਕੀਰਤਨ ਦੀ ਆਰੰਭਤਾ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿ. ਜਗਤਾਰ ਸਿੰਘ ਨੇ ਅਰਦਾਸ ਕੀਤੀ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਪਾਲਕੀ ਸਾਹਿਬ ’ਚ ਸੁਸ਼ੋਭਿਤ ਕਰਨ ਦੀ ਸੇਵਾ ਵੀ ਨਿਭਾਈ।
PunjabKesari
ਨਗਰ ਕੀਰਤਨ ਦੀ ਆਰੰਭਤਾ ਸਮੇਂ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਮਨਜੀਤ ਸਿੰਘ, ਭਾਈ ਰਾਮ ਸਿੰਘ, ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਅਵਤਾਰ ਸਿੰਘ ਸੈਂਪਲਾ, ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ ਅਤੇ ਪ੍ਰਤਾਪ ਸਿੰਘ, ਮੈਨੇਜਰ ਜਸਵਿੰਦਰ ਸਿੰਘ ਦੀਨਪੁਰ, ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ, ਗੁਰਿੰਦਰ ਸਿੰਘ ਮਥਰੇਵਾਲ, ਸਕੱਤਰ ਸਿੰਘ, ਤੇਜਿੰਦਰ ਸਿੰਘ ਪੱਡਾ ਤੇ ਹਰਜਿੰਦਰ ਸਿੰਘ ਕੈਰੋਂਵਾਲ ਸਮੇਤ ਹੋਰ ਪ੍ਰਮੁੱਖ ਸ਼ਖਸੀਅਤਾਂ ਮੌਜੂਦ ਸਨ। ਇਸ ਤੋਂ ਇਲਾਵਾ ਵੱਡੀ ਗਿਣਤੀ ’ਚ ਸੰਗਤਾਂ ਨੇ ਸਤਿਨਾਮ ਵਾਹਿਗੁਰੂ ਦੇ ਜਾਪ ਨਾਲ ਨਗਰ ਕੀਰਤਨ ਦੌਰਾਨ ਸ਼ਮੂਲੀਅਤ ਕੀਤੀ। ਸ਼ਹਿਰ ਦੇ ਵੱਖ-ਵੱਖ ਸਕੂਲਾਂ ਦੇ ਬੱਚਿਆਂ ਨੇ ਵੀ ਭਰਵੀਂ ਹਾਜ਼ਰੀ ਭਰੀ ਅਤੇ ਬੈਂਡ ਦੀਆਂ ਮਨੋਹਰ ਧੁਨਾਂ ਨਾਲ ਗੁਰੂ ਸਾਹਿਬ ਨੂੰ ਸਤਿਕਾਰ ਭੇਟ ਕੀਤਾ।

ਗਤਕਾ ਅਖਾਡ਼ਿਆਂ ਨੇ ਵੀ ਸਿੱਖ ਜੰਗਜੂ ਕਲਾ ਗਤਕੇ ਦੇ ਜੌਹਰ ਦਿਖਾ ਕੇ ਖ਼ਾਲਸਾਈ ਰੰਗ ਬੰਨ੍ਹਿਆ। ਨਗਰ ਕੀਰਤਨ ਦੇ ਰਸਤੇ ਨੂੰ ਖੂਬਸੂਰਤ ਲਡ਼ੀਆਂ ਨਾਲ ਸਜਾਇਆ ਗਿਆ ਸੀ ਅਤੇ ਸੰਗਤਾਂ ਨੇ ਚਾਹ-ਪਾਣੀ ਅਤੇ ਫਲਾਂ ਨਾਲ ਸੇਵਾ ਕਰ ਕੇ ਵੀ ਅਥਾਹ ਸ਼ਰਧਾ ਪ੍ਰਗਟਾਈ। ਨਗਰ ਕੀਰਤਨ ਦੌਰਾਨ ਹੋਰਨਾਂ ਤੋਂ ਇਲਾਵਾ ਸ੍ਰੀ ਦਰਬਾਰ ਸਾਹਿਬ ਦੇ ਵਧੀਕ ਮੈਨੇਜਰ ਸੁਖਬੀਰ ਸਿੰਘ, ਬਘੇਲ ਸਿੰਘ, ਇਕਬਾਲ ਸਿੰਘ ਮੁਖੀ, ਸਹਾਇਕ ਸੁਪਰਡੈਂਟ ਮਲਕੀਤ ਸਿੰਘ ਬਹਿਡ਼ਵਾਲ, ਇੰਚਾਰਜ ਪਰਮਦੀਪ ਸਿੰਘ, ਪਲਵਿੰਦਰ ਸਿੰਘ, ਮਨਜੀਤ ਸਿੰਘ ਤਲਵੰਡੀ, ਕਰਨਜੀਤ ਸਿੰਘ ਤੇ ਪ੍ਰੋ. ਸੁਖਦੇਵ ਸਿੰਘ ਸਮੇਤ ਸ਼੍ਰੋਮਣੀ ਕਮੇਟੀ, ਧਰਮ ਪ੍ਰਚਾਰ ਕਮੇਟੀ, ਸ੍ਰੀ ਦਰਬਾਰ ਸਾਹਿਬ ਦਾ ਸਮੂਹ ਸਟਾਫ਼ ਹਾਜ਼ਰ ਸੀ।

PunjabKesariਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਕੁਲਵਿੰਦਰ ਸਿੰਘ ਰਮਦਾਸ ਨੇ ਦੱਸਿਆ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ 2 ਜਨਵਰੀ ਨੂੰ ਸਵੇਰੇ 8.30 ਤੋਂ 12 ਵਜੇ ਤੱਕ ਸੱਚਖੰਡ ਸ੍ਰੀ ਦਰਬਾਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਤੇ ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਵਿਖੇ ਸੁੰਦਰ ਜਲੌਅ ਸਜਾਏ ਜਾਣਗੇ। ਉਨ੍ਹਾਂ ਦੱਸਿਆ ਕਿ ਗੁ. ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਧਾਰਮਿਕ ਦੀਵਾਨ ਸਜਣਗੇ। ਰਾਤ 7 ਤੋਂ 9 ਵਜੇ ਤੱਕ ਗੁ. ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਹੀ ਕੀਰਤਨ ਸਮਾਗਮ ਹੋਵੇਗਾ ਅਤੇ ਰਾਤ 9 ਵਜੇ ਕਵੀ ਦਰਬਾਰ ਕਰਵਾਇਆ ਜਾਵੇਗਾ। 


Baljeet Kaur

Content Editor

Related News