ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਜਾਇਆ ਗਿਆ ਅਲੌਕਿਕ ਨਗਰ ਕੀਰਤਨ (ਤਸਵੀਰਾਂ)

10/14/2019 3:05:29 PM

ਅੰਮ੍ਰਿਤਸਰ (ਦੀਪਕ ਸ਼ਰਮਾ) : ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਮਾਗਮਾਂ ਦੇ ਮੱਦੇਨਜ਼ਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਧਾਰਮਿਕ ਸਭਾ-ਸੁਸਾਇਟੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਅੱਜ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਨਗਾਰਿਆਂ, ਜੈਕਾਰਿਆਂ ਅਤੇ ਨਰਸਿੰਙਿਆਂ ਦੀ ਗੂੰਜ 'ਚ ਨਗਰ ਕੀਰਤਨ ਦੀ ਆਰੰਭਤਾ ਸ੍ਰੀ ਅਕਾਲ ਤਖਤ ਸਾਹਿਬ ਤੋਂ ਅਰਦਾਸ ਉਪਰੰਤ ਹੋਈ। ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਕਰਨ ਦੀ ਸੇਵਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨ ਜਗਤਾਰ ਸਿੰਘ ਨੇ ਨਿਭਾਈ। ਹਜ਼ਾਰਾਂ ਦੀ ਗਿਣਤੀ 'ਚ ਪੁੱਜੀਆਂ ਸੰਗਤਾਂ ਨੇ ਸਤਿਨਾਮ ਵਾਹਿਗੁਰੂ ਦਾ ਜਾਪ ਕਰਦਿਆਂ ਚੌਥੇ ਪਾਤਸ਼ਾਹ ਜੀ ਪ੍ਰਤੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਨਗਰ ਕੀਰਤਨ ਦੇ ਸਤਿਕਾਰ 'ਚ ਪੁਲਸ ਬੈਂਡ, ਸਕੂਲੀ ਬੈਂਡ ਅਤੇ ਗਤਕਾ ਪਾਰਟੀਆਂ ਨੇ ਵੀ ਸ਼ਮੂਲੀਅਤ ਕੀਤੀ। ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ 96 ਕਰੋੜੀ, ਬਾਬਾ ਸੇਵਾ ਸਿੰਘ ਖਡੂਰ ਸਾਹਿਬ ਵਾਲੇ, ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ ਸਮੇਤ ਵੱਖ-ਵੱਖ ਧਾਰਮਿਕ ਜਥੇਬੰਦੀਆਂ, ਸਭਾ-ਸੁਸਾਇਟੀਆਂ ਦੇ ਨੁਮਾਇੰਦੇ, ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰ ਅਤੇ ਮੈਂਬਰ ਅਤੇ ਮੁਲਾਜ਼ਮ ਵੀ ਮੌਜੂਦ ਸਨ। ਦੱਸਣਯੋਗ ਹੈ ਕਿ ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਮੌਕੇ ਇਹ ਨਗਰ ਕੀਰਤਨ ਬੀਤੇ ਸਾਲ ਦੀ ਤਰ੍ਹਾਂ ਇਸ ਵਾਰ ਵੀ ਸ਼ਹਿਰ ਦੇ ਪੁਰਾਤਨ ਦਰਵਾਜ਼ਿਆਂ ਦੁਆਲੇ ਸਜਾਇਆ ਗਿਆ।

ਨਗਰ ਕੀਰਤਨ ਦਾ ਸੰਗਤ ਵਲੋਂ ਭਰਵਾਂ ਸਵਾਗਤ
ਨਗਰ ਕੀਰਤਨ ਦੇ ਸਾਰੇ ਰਸਤੇ ਸੰਗਤਾਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ। ਇਸ ਦੌਰਾਨ ਵੱਖ-ਵੱਖ ਥਾਵਾਂ 'ਤੇ ਬਣੇ ਸਵਾਗਤੀ ਗੇਟ ਖੂਬਸੂਰਤ ਦ੍ਰਿਸ਼ ਪੇਸ਼ ਕਰ ਰਹੇ ਸਨ। ਇਤਿਹਾਸਕ 12 ਦਰਵਾਜ਼ਿਆਂ ਨੂੰ ਵੀ ਸਜਾਇਆ ਗਿਆ। ਵੱਖ-ਵੱਖ ਸਭਾ-ਸੁਸਾਇਟੀਆਂ ਦੇ ਨੁਮਾਇੰਦਿਆਂ ਅਤੇ ਸੰਗਤਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਰੁਮਾਲਾ ਸਾਹਿਬ ਭੇਟ ਕੀਤੇ ਅਤੇ ਪੰਜ ਪਿਆਰੇ ਅਤੇ ਨਿਸ਼ਾਨਚੀ ਸਿੰਘਾਂ ਨੂੰ ਸਿਰੋਪਾਓ ਦੇ ਕੇ ਨਿਵਾਜਿਆ। ਨਗਰ ਕੀਰਤਨ ਦੇ ਰਸਤੇ ਸਕੂਲਾਂ ਕਾਲਜਾਂ ਦੇ ਹਜ਼ਾਰਾਂ ਵਿਦਿਆਰਥੀਆਂ ਕਤਾਰਾਂ ਬਣਾ ਕੇ ਖੜ੍ਹੇ ਹੋਏ ਸਨ। ਇਸ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਸਮੂਹ ਮੁਲਾਜ਼ਮਾਂ ਨੇ ਪੀਲੀਆਂ ਦਸਤਾਰਾਂ ਤੇ ਧੰਨ ਸ੍ਰੀ ਗੁਰੂ ਰਾਮਦਾਸ ਜੀ ਲਿਖੀਆਂ ਪੱਟੀਆਂ ਸਜ਼ਾ ਕੇ ਨਗਰ ਕੀਰਤਨ ਵਿਚ ਸ਼ਮੂਲੀਅਤ ਕੀਤੀ। ਸ਼੍ਰੋਮਣੀ ਕਮੇਟੀ ਵਲੋਂ ਸਾਰੇ ਰਸਤੇ ਨੂੰ ਚਾਰ ਪੜਾਵਾਂ 'ਚ ਵੰਡ ਕੇ ਲੰਗਰ ਅਤੇ ਜਲ ਪਾਣੀ ਦਾ ਪ੍ਰਬੰਧ ਕੀਤਾ ਹੋਇਆ ਸੀ। ਬੀਬੀ ਕੌਲਾਂ ਜੀ ਭਲਾਈ ਕੇਂਦਰ, ਕਾਰ ਸੇਵਾ ਭੂਰੀਵਾਲੇ, ਗੁਰਦੁਆਰਾ ਬਾਬਾ ਬਕਾਲਾ ਸਾਹਿਬ ਪਾਤਸ਼ਾਹੀ ਨੌਵੀਂ ਨੇ ਵੀ ਲੰਗਰਾਂ ਦੀ ਸੇਵਾ ਕੀਤੀ। ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਵੱਲੋਂ ਪ੍ਰਬੰਧਾਂ ਦੀ ਨਿਗਰਾਨੀ ਕੀਤੀ ਗਈ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਸਾਬਕਾ ਮੁਲਾਜ਼ਮਾਂ ਦੀ ਐਸੋਸੀਏਸ਼ਨ ਵਲੋਂ ਸ੍ਰੀ ਗੁਰੂ ਰਾਮਦਾਸ ਜੀ ਦਾ ਜੀਵਨ ਅਤੇ ਉਨ੍ਹਾਂ ਦੇ ਉਪਦੇਸ਼ਾਂ ਨੂੰ ਦਰਸਾਉਂਦੇ ਕਿਤਾਬਚੇ ਵੰਡਣ ਦੀ ਸੇਵਾ ਕੀਤਾ ਗਈ। ਇਹ ਟ੍ਰੈਕਟ ਪੰਜਾਬੀ, ਅੰਗਰੇਜ਼ੀ ਅਤੇ ਹਿੰਦੀ ਭਾਸ਼ਾ ਵਿਚ ਸਨ। ਨਗਰ ਕੀਰਤਨ ਵਿਚ ਵੱਖ-ਵੱਖ ਸੂਬਿਆਂ ਤੋਂ ਪੁੱਜੀ ਸੰਗਤ ਨੇ ਸ਼ਮੂਲੀਅਤ ਕੀਤੀ।

ਭਾਈ ਲੌਂਗੋਵਾਲ ਤੇ ਸਿੰਘ ਸਾਹਿਬਾਨ ਵਲੋਂ ਸੰਗਤ ਨੂੰ ਪ੍ਰਕਾਸ਼ ਪੁਰਬ ਦੀ ਵਧਾਈ
ਇਸ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਦੀ ਦੇਸ਼-ਵਿਦੇਸ਼ ਦੀਆਂ ਸੰਗਤਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਜੀ ਦਾ ਜੀਵਨ ਮਨੁੱਖਤਾ ਨੂੰ ਅਗਵਾਈ ਦੇਣ ਵਾਲਾ ਹੈ। ਗੁਰੂ ਸਾਹਿਬ ਵਲੋਂ ਵਸਾਇਆ ਅੰਮ੍ਰਿਤਸਰ ਸ਼ਹਿਰ ਅੱਜ ਪੂਰੀ ਦੁਨੀਆਂ ਲਈ ਖਿੱਚ ਦਾ ਕੇਂਦਰ ਹੈ, ਕਿਉਂਕਿ ਇਥੇ ਸਥਿਤ ਮਨੁੱਖਤਾ ਦੇ ਅਧਿਆਤਮਿਕ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਸੋਭਾ ਲਾਸਾਨੀ ਹੈ। ਉਨ੍ਹਾਂ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਅਨੁਸਾਰ ਜੀਵਨ ਬਤੀਤ ਕਰਨ ਦੀ ਅਪੀਲ ਕਰਦਿਆਂ ਸਿੱਖੀ ਦੀ ਚੜ•ਦੀ ਕਲਾ ਲਈ ਕਾਰਜਸ਼ੀਲ ਰਹਿਣ ਲਈ ਕਿਹਾ।

Baljeet Kaur

This news is Content Editor Baljeet Kaur