ਅਟਾਰੀ ਸਰਹੱਦ ਤੋਂ 500 ਤੋਂ ਵੱਧ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿ ਲਈ ਰਵਾਨਾ (ਵੀਡੀਓ)

Tuesday, Jul 30, 2019 - 11:56 AM (IST)

ਅੰਮ੍ਰਿਤਸਰ (ਸੁਮਿਤ, ਮਨੀਸ਼) - ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਾਕਿ ਸਥਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਤੋਂ 1 ਅਗਸਤ 2019 ਨੂੰ ਸਜਾਏ ਜਾਣ ਵਾਲੇ ਪਹਿਲੇ ਅੰਤਰਰਾਸ਼ਟਰੀ ਨਗਰ ਕੀਰਤਨ 'ਚ ਸ਼ਾਮਲ ਹੋਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ ਹੇਠ 500 ਤੋਂ ਜ਼ਿਆਦਾ ਸਿੱਖ ਸ਼ਰਧਾਲੂਆਂ ਦਾ ਜਥਾ ਅੱਜ ਅਟਾਰੀ ਵਾਹਘਾ ਸਰਹੱਦ ਰਾਹੀਂ ਸੜਕੀ ਰਸਤੇ ਪਾਕਿ ਰਵਾਨਾ ਹੋ ਗਿਆ ਹੈ। ਭਾਰਤ-ਪਾਕਿ ਵੰਡ ਤੋਂ ਬਾਅਦ ਪਹਿਲੇ ਅੰਤਰਰਾਸ਼ਟਰੀ ਨਗਰ ਕੀਰਤਨ ਦੀ ਆਰੰਭਤਾ 1 ਅਗਸਤ ਨੂੰ ਸਵੇਰੇ 9 ਵਜੇ ਗੁਰਦੁਆਰਾ ਪ੍ਰਕਾਸ਼ ਅਸਥਾਨ ਸ੍ਰੀ ਨਨਕਾਣਾ ਸਾਹਿਬ ਵਿਖੇ ਅਰਦਾਸ ਤੋਂ ਬਾਅਦ ਹੋਵੇਗੀ। ਇਸ ਨਗਰ ਕੀਰਤਨ 'ਚ ਸ਼ਾਮਲ ਹੋਣ ਲਈ ਪੰਜ ਸੌ ਤੋਂ ਵੱਧ ਸਿੱਖ ਸ਼ਰਧਾਲੂ ਸ਼੍ਰੋਮਣੀ ਕਮੇਟੀ ਮੁੱਖ ਦਫ਼ਤਰ ਤੋਂ ਜੈਕਾਰਿਆਂ ਦੀ ਗੂੰਜ 'ਚ ਰਵਾਨਾ ਹੋ ਗਏ। ਪਾਕਿਸਤਾਨ ਜਾਣ ਵਾਲੇ ਜਥੇ 'ਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ ਦੇ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ, ਸਿੰਘ ਸਾਹਿਬ ਗਿਆਨੀ ਮਾਨ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਦਿੱਲੀ ਕਮੇਟੀ ਦੇ ਪ੍ਰਧਾਨ ਸ. ਮਨਜਿੰਦਰ ਸਿੰਘ ਸਿਰਸਾ, ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਅਵਤਾਰ ਸਿੰਘ ਹਿੱਤ, ਹਜ਼ੂਰ ਸਾਹਿਬ ਕਮੇਟੀ ਦੇ ਪ੍ਰਧਾਨ ਸ. ਭੁਪਿੰਦਰ ਸਿੰਘ ਮਿਨਹਾਸ, ਸੀਨੀਅਰ ਆਗੂ ਸ. ਦਰਬਾਰਾ ਸਿੰਘ ਗੁਰੂ, ਸ. ਹੀਰਾ ਸਿੰਘ ਗਾਬੜੀਆ ਸਮੇਤ ਵੱਡੀ ਗਿਣਤੀ 'ਚ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰ, ਅਧਿਕਾਰੀ, ਕਰਮਚਾਰੀ, ਵੱਖ-ਵੱਖ ਧਾਰਮਿਕ ਤੇ ਸਮਾਜਿਕ ਜਥੇਬੰਦੀਆਂ ਦੇ ਨੁਮਾਇੰਦੇ, ਸਿੰਘ ਸਭਾਵਾਂ ਦੇ ਆਗੂ ਅਤੇ ਸੰਗਤਾਂ ਸ਼ਾਮਲ ਸਨ।

PunjabKesari

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਨਗਰ ਕੀਰਤਨ ਦੀਆਂ ਅਗਾਊਂ ਤਿਆਰੀਆਂ ਲਈ ਸ਼੍ਰੋਮਣੀ ਕਮੇਟੀ ਦਾ 4 ਮੈਂਬਰੀ ਵਫ਼ਦ ਪਹਿਲਾਂ ਹੀ ਪਾਕਿ ਜਾ ਚੁੱਕਾ ਹੈ। ਪਾਕਿ ਤੋਂ ਸਜਾਏ ਜਾਣ ਵਾਲੇ ਕੌਮਾਂਤਰੀ ਨਗਰ ਕੀਰਤਨ 'ਚ ਸ਼ਾਮਲ ਹੋਣ ਲਈ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੀ ਕਾਫਲੇ ਸਮੇਤ ਅਰਦਾਸ ਕਰਨ ਤੋਂ ਬਾਅਦ ਰਵਾਨਾ ਹੋਏ। ਇਸ ਮੌਕੇ ਅਟਾਰੀ ਸਰਹੱਦ 'ਤੇ ਐੱਸ.ਜੀ.ਪੀ.ਸੀ. ਵਲੋਂ ਸਿੱਖ ਸ਼ਰਧਾਲੂਆਂ ਲਈ ਵਿਸ਼ੇਸ਼ ਤੌਰ 'ਤੇ ਲੰਗਰ ਵੀ ਲਗਾਇਆ ਗਿਆ।

PunjabKesari

ਪਾਕਿਸਤਾਨ ਜਥੇ ਸਮੇਤ ਰਵਾਨਾ ਹੋਣ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਇਹ ਇਤਿਹਾਸਕ ਗੱਲ ਹੈ ਕਿ ਦੋਹਾਂ ਦੇਸ਼ਾਂ ਦੀਆਂ ਸੰਗਤਾਂ ਰਲ-ਮਿਲ ਕੇ ਨਗਰ ਕੀਰਤਨ ਦਾ ਹਿੱਸਾ ਬਣ ਰਹੀਆਂ ਹਨ। ਇਹ ਨਗਰ ਕੀਰਤਨ ਦੋਹਾਂ ਦੇਸ਼ਾਂ 'ਚ ਆਪਸੀ ਵਿਸ਼ਵਾਸ ਅਤੇ ਸਾਂਝੀਵਾਲਤਾ ਦਾ ਮਾਹੌਲ ਸਿਰਜੇਗਾ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੇ ਨਗਰ ਕੀਰਤਨ 'ਚ ਸ਼ਾਮਲ ਸੰਗਤਾਂ ਨੂੰ ਵਧਾਈ ਦਿੱਤੀ। ਜਥੇ ਦੀ ਰਵਾਨਗੀ ਸਮੇਂ ਸਿੰਘ ਸਾਹਿਬਾਨ, ਭਾਈ ਲੌਂਗੋਵਾਲ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੇ ਸਿਰੋਪਾਓ ਦੇ ਕੇ ਨਿਵਾਜਿਆ।

 


author

rajwinder kaur

Content Editor

Related News