ਸ੍ਰੀ ਨਨਕਾਣਾ ਸਾਹਿਬ ਦਾ ਸ਼ਹੀਦੀ ਸਾਕਾ

Friday, Feb 21, 2020 - 09:29 AM (IST)

ਅੰਮ੍ਰਿਤਸਰ : ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਸਿੱਖਾਂ ਦਾ ਉਹ ਮੁਕੱਦਸ ਅਸਥਾਨ ਹੈ, ਜਿਥੇ ਪਹਿਲੇ ਪਾਤਿਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਹੋਇਆ। ਗੁਰੂ ਸਾਹਿਬ ਜੀ ਦੇ ਆਗਮਨ ਸਮੇਂ ਇਹ ਨਗਰ ਰਾਏ ਭੋਇੰ ਦੀ ਤਲਵੰਡੀ ਕਰਕੇ ਜਾਣਿਆ ਜਾਂਦਾ ਸੀ। ਗੁਰੂ ਸਾਹਿਬ ਦੇ ਮੁਬਾਰਕ ਪ੍ਰਕਾਸ਼ ਤੋਂ ਬਾਅਦ ਇਸ ਦਾ ਨਾਂ ਸ੍ਰੀ ਨਨਕਾਣਾ ਸਾਹਿਬ ਕਰ ਕੇ ਮਸ਼ਹੂਰ ਹੋਇਆ। ਭਾਰਤ ਪਾਕਿਸਤਾਨ ਵੰਡ ਸਮੇਂ ਇਹ ਅਸਥਾਨ ਪਾਕਿਸਤਾਨ ਵਿਚ ਚਲਾ ਗਿਆ। ਜਗਤ ਗੁਰੂ ਪਹਿਲੇ ਪਾਤਿਸ਼ਾਹ ਜੀ ਦੇ ਇਸ ਪ੍ਰਕਾਸ਼ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪ੍ਰਤੀ ਸਮੁੱਚੇ ਵਿਸ਼ਵ ਵਿਚ ਵਸਦੀਆਂ ਸੰਗਤਾਂ ਲਈ ਬੇਹੱਦ ਸ਼ਰਧਾ ਤੇ ਸਤਿਕਾਰ ਹੈ। ਇਸ ਪਾਵਨ ਅਸਥਾਨ ਵਿਖੇ 20 ਫ਼ਰਵਰੀ 1921 ਨੂੰ ਵਾਪਰੇ ਸ਼ਹੀਦੀ ਸਾਕੇ ਨੂੰ ‘ਸਾਕਾ ਨਨਕਾਣਾ ਸਾਹਿਬ‘ ਕਰਕੇ ਜਾਣਿਆ ਜਾਂਦਾ ਹੈ। ਇਸ ਸਾਕੇ ਸਮੇਂ ਵੱਡੀ ਗਿਣਤੀ ਵਿਚ ਸਿੱਖਾਂ ਦੀਆਂ ਸ਼ਹਾਦਤਾਂ ਹੋਈਆਂ। ਇਸ ਸਾਕੇ ਦੇ ਪਿਛੋਕੜ ਵਿਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ‘ਤੇ ਕਾਬਜ਼ ਮਹੰਤ ਨਰੈਣੂ ਦੀਆਂ ਮਨ-ਮਾਨੀਆਂ ਅਤੇ ਅੱਯਾਸ਼ ਕਿਸਮ ਦੀਆਂ ਕਾਰਵਾਈਆਂ ਸਨ। ਅੰਗਰੇਜ਼ਾਂ ਦੇ ਪਿੱਠੂ ਮਹੰਤ ਨਰੈਣੂ ਦੇ ਮਾੜੇ ਚਾਲ-ਚਲਣ ਕਰ ਕੇ ਸੰਗਤ ਵਿਚ ਬੇਹੱਦ ਰੋਸ ਦੀ ਭਾਵਨਾ ਬਣ ਗਈ ਸੀ। ਮਹੰਤ ਪਾਸੋਂ ਗੁਰਦੁਆਰਾ ਸਾਹਿਬ ਨੂੰ ਆਜ਼ਾਦ ਕਰਵਾਉਣ ਲਈ ਸਿੱਖਾਂ ਨੇ ਆਪਣੀਆਂ ਜਾਨਾਂ ਦੀ ਪ੍ਰਵਾਹ ਨਾ ਕੀਤੀ। ਸਾਕਾ ਨਨਕਾਣਾ ਸਾਹਿਬ ਦੌਰਾਨ ਸਿੱਖਾਂ ਨੂੰ ਅਣਗਿਣਤ ਕੁਰਬਾਨੀਆਂ ਤਾਂ ਦੇਣੀਆਂ ਹੀ ਪਈਆਂ, ਪਰ ਇਸ ਸਾਕੇ ਤੋਂ ਬਾਅਦ ਜਿਥੇ ਇਸ ਗੁਰਦੁਆਰਾ ਸਾਹਿਬ ਦਾ ਪ੍ਰਬੰਧ ਪੰਥਕ ਹੱਥਾਂ ਵਿਚ ਆਇਆ, ਉਥੇ ਹੀ ਸਮੁੱਚਾ ਪੰਥ ਕੌਮੀ ਸੰਗਠਨ ਨਾਲ ਗੁਰਦੁਆਰਾ ਸਾਹਿਬਾਨ ਦੀ ਆਜ਼ਾਦੀ ਲਈ ਉਠ ਖੜ੍ਹਾ ਹੋਇਆ।

ਸ੍ਰੀ ਨਨਕਾਣਾ ਸਾਹਿਬ ‘ਤੇ ਕਾਬਜ਼ ਮਹੰਤ ਨਰਾਇਣ ਦਾਸ ਗੁਰਮਤਿ ਵਿਰੋਧੀ ਕਾਰਵਾਈਆਂ ਕਾਰਨ ਬਹੁਤ ਬਦਨਾਮ ਹੋ ਚੁੱਕਾ ਸੀ। ਇਸ ਮਹੰਤ ਨੇ ਗੁਰਮਤਿ ਦੇ ਉਲਟ ਕੰਜਰੀਆਂ ਦਾ ਨਾਚ ਕਰਾਇਆ, ਜਿਸ ਦਾ ਸੰਗਤਾਂ ਨੇ ਬਹੁਤ ਬੁਰਾ ਮਨਾਇਆ। ਪੁਜਾਰੀਆਂ ਦੀਆਂ ਅਜਿਹੀਆਂ ਹਰਕਤਾਂ ਤੋਂ ਲੋਕ ਤੰਗ ਆ ਚੁੱਕੇ ਸਨ ਅਤੇ ਉਨ੍ਹਾਂ ਦੇ ਸਬਰ ਦਾ ਪਿਆਲਾ ਭਰ ਚੁੱਕਾ ਸੀ। ਅਖ਼ਬਾਰਾਂ ਵਿਚ ਵੀ ਖ਼ਬਰਾਂ ਛਪੀਆਂ ਅਤੇ ਸਿੰਘ ਸਭਾਵਾਂ ਨੇ ਰੋਸ ਮਤੇ ਪਾਸ ਕੀਤੇ ਤੇ ਸਰਕਾਰ ਤੋਂ ਮਹੰਤ ਨੂੰ ਹਟਾਉਣ ਦੀ ਮੰਗ ਕੀਤੀ ਗਈ। ਅਕਤੂਬਰ 1920 ਈ. ਵਿਚ ਜ਼ਿਲਾ ਸ਼ੇਖੂਪੁਰਾ ਦੇ ਪਿੰਡ ਧਾਰੋਵਾਲੀ ਵਿਖੇ ਇਕ ਸਜੇ ਦੀਵਾਨ ਵਿਚ ਸੰਗਤਾਂ ਦੇ ਇਕੱਠ ‘ਚ ਸ੍ਰੀ ਨਨਕਾਣਾ ਸਾਹਿਬ ਦੇ ਪ੍ਰਬੰਧ ਦੇ ਸੁਧਾਰ ਲਈ ਮਤਾ ਪਾਸ ਕੀਤਾ, ਜਿਸ ਦੀ ਜਾਣਕਾਰੀ ਮਹੰਤ ਨੂੰ ਵੀ ਪਹੁੰਚ ਗਈ ਸੀ। ਇਸ ਲਈ ਉਸ ਨੇ ਚਾਰ-ਪੰਜ ਸੌ ਭਾੜੇ ਦੇ ਆਦਮੀ ਆਪਣੀ ਰਾਖੀ ਲਈ ਸੱਦ ਲਏ।

1920 ਈ. ਨੂੰ ਕੱਤਕ ਦੀ ਪੂਰਨਮਾਸ਼ੀ ਦੇ ਮੇਲੇ ‘ਤੇ ਮਹੰਤ ਨਰਾਇਣ ਦਾਸ ਨੇ ਚਾਰ-ਪੰਜ ਸੌ ਆਦਮੀਆਂ ਦਾ ਮੁਜ਼ਾਹਰਾ ਕੀਤਾ। ਸੰਗਤਾਂ ਵਿਚੋਂ ਜਿਸ ਉਤੇ ਵੀ ਅਕਾਲੀ ਹੋਣ ਦਾ ਸ਼ੱਕ ਪਿਆ, ਉਸ ਨੂੰ ਅੰਦਰ ਜਾਣ ਤੋਂ ਰੋਕ ਦਿੱਤਾ। ਇਸ ਪਿੱਛੋਂ 23 ਜਨਵਰੀ ਅਤੇ 6 ਫਰਵਰੀ 1921 ਈ: ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਉਤੇ ਇਸ ਸਬੰਧੀ ਵਿਚਾਰਾਂ ਹੋਈਆਂ। ਉਸ ਸਮੇਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਸੁੰਦਰ ਸਿੰਘ ਰਾਮਗੜ੍ਹੀਆ ਤੇ ਮੀਤ ਪ੍ਰਧਾਨ ਹਰਬੰਸ ਸਿੰਘ ਵਲੋਂ ਕਮੇਟੀ ਦੀ ਰਾਏ ਅਨੁਸਾਰ ਮਹੰਤ ਦੇ ਨਾਂ ਉਸ ਦੇ ਆਚਰਣ ਸਬੰਧੀ ਗੁਰਦੁਆਰਾ ਸਾਹਿਬ ਦੇ ਪ੍ਰਬੰਧ ਸੁਧਾਰ ਲਈ ਖੁੱਲ੍ਹੀ ਚਿੱਠੀ ਲਿਖੀ ਗਈ। ਇਸ ਦੇ ਨਾਲ ਹੀ ਸ੍ਰੀ ਨਨਕਾਣਾ ਸਾਹਿਬ ਵਿਖੇ ਦੀਵਾਨ ਤੇ ਲੰਗਰ ਦੇ ਪ੍ਰਬੰਧ ਲਈ ਭਾਈ ਲਛਮਣ ਸਿੰਘ, ਦਲੀਪ ਸਿੰਘ, ਤੇਜਾ ਸਿੰਘ ਸਮੁੰਦਰੀ, ਕਰਤਾਰ ਸਿੰਘ ਝੱਬਰ ਅਤੇ ਬਖਸ਼ੀਸ਼ ਸਿੰਘ ‘ਤੇ ਅਧਾਰਤ ਇਕ ਕਮੇਟੀ ਬਣਾ ਦਿੱਤੀ। ਇਨ੍ਹਾਂ ਤੋਂ ਇਲਾਵਾ ਹੋਰ ਪ੍ਰਮੁੱਖ ਸਿੱਖ ਵੀ ਸ੍ਰੀ ਨਨਕਾਣਾ ਸਾਹਿਬ ਦੇ ਪ੍ਰਬੰਧ ਸਬੰਧੀ ਸੰਗਤਾਂ ਨੂੰ ਜਾਗਰੂਕ ਕਰਦੇ ਰਹੇ। ਦੂਜੇ ਪਾਸੇ ਮਹੰਤ ਨਰਾਇਣ ਦਾਸ ਨੇ 7 ਫਰਵਰੀ ਨੂੰ ਆਪਣੇ ਹਮਾਇਤੀਆਂ ਦੀ ਇਕੱਤਰਤਾ ਬੁਲਾਈ।

ਸਿੱਖ ਸੰਗਤਾਂ ਨੇ ਮਹੰਤ ਦੀਆਂ ਘਟੀਆਂ ਕਾਰਵਾਈਆਂ ਨੂੰ ਰੋਕਣ ਲਈ ਨਨਕਾਣਾ ਸਾਹਿਬ ਪਹੁੰਚਣ ਦਾ ਫੈਸਲਾ ਕੀਤਾ। ਸਿੱਖ ਸੰਗਤਾਂ ਦੇ ਮੁਖੀਆਂ ਨੇ ਅਕਾਲੀ ਅਖ਼ਬਾਰ ਦੇ ਦਫ਼ਤਰ ਵਿਚ ਫੈਸਲਾ ਕੀਤਾ ਕਿ ਕੋਈ ਪੱਕੀ ਤਰੀਕ ਨਿਸ਼ਚਿਤ ਕੀਤੇ ਬਿਨਾਂ ਕੋਈ ਜਥਾ ਨਨਕਾਣਾ ਸਾਹਿਬ ਨਾ ਜਾਵੇ। ਪਰ ਭਾਈ ਲਛਮਣ ਸਿੰਘ ਧਾਰੋਵਾਲੀ ਤੇ ਸ. ਕਰਤਾਰ ਸਿੰਘ ਝੱਬਰ ਆਪਣੇ-ਆਪਣੇ ਜਥੇ ਲੈ ਕੇ ਨਨਕਾਣਾ ਸਾਹਿਬ ਪੁੱਜਣਾ ਚਾਹੁੰਦੇ ਸਨ। ਦੋਹਾਂ ਜਥਿਆਂ ਨੂੰ ਰੋਕਣ ਦਾ ਯਤਨ ਕੀਤਾ। ਭਾਈ ਕਰਤਾਰ ਸਿੰਘ ਝੱਬਰ ਦਾ ਜਥਾ ਰੋਕ ਲਿਆ ਗਿਆ, ਪਰ ਭਾਈ ਲਛਮਣ ਸਿੰਘ ਦਾ ਜਥਾ ਨਾ ਰੁਕਿਆ ਅਤੇ ਇਹ ਜਥਾ 20 ਫਰਵਰੀ ਨੂੰ ਨਨਕਾਣਾ ਸਾਹਿਬ ਪਹੁੰਚ ਗਿਆ। ਮਹੰਤ ਨਰਾਇਣ ਦਾਸ ਨੇ ਸਿੰਘਾਂ ‘ਤੇ ਹਮਲੇ ਦੀ ਪੂਰੀ ਤਿਆਰੀ ਕੀਤੀ ਹੋਈ ਸੀ। ਜਦੋਂ ਸਿੰਘਾਂ ਦਾ ਜਥਾ ਗੁਰਦੁਆਰਾ ਸਾਹਿਬ ਵਿਚ ਦਾਖ਼ਲ ਹੋਇਆ ਤਾਂ ਮਹੰਤ ਨੇ ਬਾਹਰਲੇ ਦਰਵਾਜ਼ੇ ਬੰਦ ਕਰਵਾ ਦਿੱਤੇ ਅਤੇ ਉਸ ਦੇ ਭਾੜੇ ਦੇ ਗੁੰਡਿਆਂ ਨੇ ਸਿੰਘਾਂ ਪੁਰ ਵਾਰ ਕਰਨੇ ਸ਼ੁਰੂ ਕਰ ਦਿੱਤੇ, ਛੱਤ ਦੇ ਉਪਰੋਂ ਗੋਲੀਆਂ ਚਲਾਈਆਂ ਗਈਆਂ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਤਾਬਿਆ ਬੈਠੇ ਸਿੰਘ ਨੂੰ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੀੜ ਵਿਚ ਕਈ ਗੋਲੀਆਂ ਲੱਗੀਆਂ। ਜ਼ਖਮੀ ਸਿੰਘਾਂ ਨੂੰ ਤੇਲ ਪਾ ਕੇ ਸਾੜਿਆ ਗਿਆ। ਇਸ ਖ਼ੂਨੀ ਸਾਕੇ ਸਬੰਧੀ ਉਤਮ ਸਿੰਘ ਕਾਰਖਾਨੇ ਵਾਲਿਆਂ ਨੇ ਪੰਥਕ ਜਥੇਬੰਦੀ ਤੇ ਸਰਕਾਰੀ ਅਫ਼ਸਰਾਂ ਨੂੰ ਤਾਰਾਂ ਭੇਜੀਆਂ, ਜਿਸ ‘ਤੇ 21 ਫਰਵਰੀ 1921 ਈ. ਨੂੰ ਸਿੱਖ ਮੁਖੀ ਤੇ ਅਣਗਿਣਤ ਸੰਗਤਾਂ ਸ੍ਰੀ ਨਨਕਾਣਾ ਸਾਹਿਬ ਪੁੱਜੀਆਂ। ਉਸੇ ਦਿਨ ਸ਼ਾਮ ਨੂੰ ਸ੍ਰੀ ਨਨਕਾਣਾ ਸਾਹਿਬ ਦਾ ਪ੍ਰਬੰਧ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਹੱਥਾਂ ਵਿਚ ਆ ਗਿਆ।

ਸ੍ਰੀ ਨਨਕਾਣਾ ਸਾਹਿਬ ਦੇ ਸਾਕੇ ਨੇ ਸਿੱਖ ਜਗਤ ‘ਚ ਰੋਹ ਤੇ ਜੋਸ਼ ਪੈਦਾ ਕਰ ਦਿੱਤਾ। ਸਿੱਖ ਸੰਗਤ ਨੇ ਸਮੂਹ ਗੁਰਦੁਆਰਾ ਸਾਹਿਬਾਨ ਨੂੰ ਪੰਥਕ ਪ੍ਰਬੰਧ ਹੇਠ ਲਿਆਉਣ ਲਈ ਜੱਦੋ-ਜਹਿਦ ਆਰੰਭ ਕਰ ਦਿੱਤੀ ਅਤੇ ਇਸ ਵਿਚ ਕਾਮਯਾਬੀ ਵੀ ਹਾਸਲ ਕੀਤੀ। ਇਸੇ ਦਾ ਹੀ ਨਤੀਜਾ ਹੈ ਕਿ ਅੱਜ ਸਿੱਖ ਸੰਗਤ ਵੱਲੋਂ ਜਮਹੂਰੀ ਢੰਗ ਨਾਲ ਚੁਣੇ ਹੋਏ ਨੁਮਾਇੰਦਿਆਂ ਦੁਆਰਾ ਗੁਰਧਾਮਾਂ ਦੇ ਪ੍ਰਬੰਧ ਨੂੰ ਗੁਰਮਤਿ ਅਨੁਸਾਰ ਚਲਾਇਆ ਜਾ ਰਿਹਾ ਹੈ। ਸਾਕਾ ਨਨਕਾਣਾ ਸਾਹਿਬ ਦੀ ਯਾਦ ਵਿਚ ਸ੍ਰੀ ਅੰਮ੍ਰਿਤਸਰ ਵਿਖੇ ਪ੍ਰਚਾਰਕ, ਰਾਗੀ ਅਤੇ ਤਬਲਾਵਾਦਕ ਤਿਆਰ ਕਰਨ ਲਈ ਸ਼ਹੀਦ ਸਿੱਖ ਮਿਸ਼ਨਰੀ ਕਾਲਜ ਚਲਾਇਆ ਜਾ ਰਿਹਾ ਹੈ। -ਭਾਈ ਗੋਬਿੰਦ ਸਿੰਘ ਲੌਂਗੋਵਾਲ


Baljeet Kaur

Content Editor

Related News