ਲਾਵਾਰਿਸ ਲਾਸ਼ਾਂ ਸਾੜਨ ਖਿਲਾਫ ਪਹਿਲੀ ਵਾਰ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ
Monday, Jul 08, 2019 - 02:41 PM (IST)
ਅੰਮ੍ਰਿਤਸਰ (ਸੁਮਿਤ ਖੰਨਾ) : ਲਾਵਾਰਿਸ ਲਾਸ਼ਾਂ ਸਾੜਨ ਨੂੰ ਲੈ ਕੇ ਪਹਿਲੀ ਵਾਰ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ ਕੀਤੀਗਈ ਹੈ। 1984 ਤੋਂ ਲੈ ਕੇ 1995 ਤੱਕ ਪੰਜਾਬ 'ਚ ਅੱਤਵਾਦ ਦੇ ਦੌਰ ਦੌਰਾਨ ਵੱਡੀ ਗਿਣਤੀ 'ਚ ਨੌਜਵਾਨਾਂ ਦੇ ਝੂਠੇ ਪੁਲਸ ਮੁਕਾਬਲੇ ਬਣਾਉਣ ਤੇ ਮਗਰੋ ਲਾਸ਼ਾਂ ਨੂੰ ਲਾਵਾਰਿਸ ਕਰਾਰ ਦੇ ਕੇ ਵੱਖ-ਵੱਖ ਸ਼ਹਿਰਾਂ ਦੇ ਸ਼ਮਸ਼ਾਨਘਾਟਾਂ 'ਚ ਸਸਕਾਰ ਕਰ ਦਿੱਤਾ ਗਿਆ ਸੀ। ਇਸ ਮਾਮਲੇ 'ਚ ਪਹਿਲੀ ਵਾਰ ਸੁਪਰੀਮ ਕੋਰਟ 'ਚ ਲੋਕਹਿੱਤ ਪਟੀਸ਼ਨ ਦਾਇਰ ਕੀਤੀ ਹੈ। ਇਨ੍ਹਾਂ ਲੋਕਾਂ ਲਈ ਇਕ ਸੰਸਥਾ ਪੀ.ਡੀ.ਪੀ.ਏ. ਅੱਗੇ ਆਈ ਹੈ। 1984 ਦੇ ਪੀੜਤ ਪਰਿਵਾਰਾਂ ਲਈ ਮੁਆਵਜ਼ੇ ਦੀ ਮੰਗ ਕੀਤੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਐਡਵੋਕੇਟ ਸਤਨਾਮ ਸਿੰਘ ਬੈਂਸ ਨੇ ਦੱਸਿਆ ਕਿ ਅਜਿਹੇ ਲਾਪਤਾ ਹੋਏ ਵਿਅਕਤੀਆਂ ਸਬੰਧੀ ਦਸਤਾਵੇਜ਼ੀ ਫਿਲਮ ਵੀ ਤਿਆਰ ਕੀਤੀ ਗਈ ਹੈ। ਉਨ੍ਹਾਂ ਦੱਸਿਆ ਲਾਪਤਾ ਲੋਕਾਂ ਦੇ ਮਾਮਲਿਆਂ ਨੂੰ ਉਭਾਰਨ ਲਈ ਪਹਿਲਾਂ ਜਸਵੰਤ ਸਿੰਘ ਖਾਲੜਾ ਨੇ ਕੰਮ ਕੀਤਾ ਸੀ ਤੇ ਉਨ੍ਹਾਂ ਦੀ ਮੌਤ ਮਗਰੋਂ ਇਸ ਮਾਮਲੇ ਨੂੰ ਪੀ.ਡੀ.ਏ.ਪੀ. ਵਲੋਂ ਉਭਾਰਿਆ ਜਾ ਰਿਹਾ ਹੈ। ਇਸ ਦੌਰਾਨ ਉਨ੍ਹਾਂ ਨੇ ਪੀੜਤਾਂ ਨੂੰ ਨਿਆਂ ਤੇ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਦੀ ਮੰਗ ਕੀਤੀ।
ਉਨ੍ਹਾਂ ਕਿਹਾ ਕਿ ਅਕਾਲ ਤਖਤ ਸਾਹਿਬ ਇਸ ਮਾਮਲੇ ਵਿਚ ਕੁਝ ਨਹੀਂ ਕਰ ਸਕਦਾ ਕਿਉਂਕਿ ਇਨਸਾਫ ਤੇ ਮੁਆਵਜ਼ਾ ਦੇਣਾ ਅਦਾਲਤ ਦੇ ਅਧਿਕਾਰ ਖੇਤਰ ਦਾ ਕੰਮ ਹੈ। ਹੁਣ ਦੇਖਣਾ ਹੋਵੇਗਾ ਕਿ ਅਦਾਲਤਾਂ ਇਸ ਮਾਮਲੇ 'ਚ ਇਨਸਾਫ ਕਦੋਂ ਕਰਦੀਆਂ ਹਨ।