ਕੇਂਦਰੀ ਮੰਤਰੀਆਂ ਨਾਲ ਕਿਸਾਨ ਆਗੂਆਂ ਦੀ ਅਹਿਮ ਬੈਠਕ ਹੋਈ ਸ਼ੁਰੂ, ਲਏ ਜਾ ਸਕਦੇ ਨੇ ਵੱਡੇ ਫ਼ੈਸਲੇ

Monday, Feb 12, 2024 - 07:15 PM (IST)

ਕੇਂਦਰੀ ਮੰਤਰੀਆਂ ਨਾਲ ਕਿਸਾਨ ਆਗੂਆਂ ਦੀ ਅਹਿਮ ਬੈਠਕ ਹੋਈ ਸ਼ੁਰੂ, ਲਏ ਜਾ ਸਕਦੇ ਨੇ ਵੱਡੇ ਫ਼ੈਸਲੇ

ਨਵੀਂ ਦਿੱਲੀ/ਚੰਡੀਗੜ੍ਹ- ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਅਤੇ ਕਿਸਾਨ-ਮਜ਼ਦੂਰ ਮੋਰਚਾ ਵੱਲੋਂ ਕੇਂਦਰ ਸਰਕਾਰ ਨਾਲ ਜੁੜੀਆਂ ਕਿਸਾਨੀ ਮੰਗਾਂ ਸਮੇਤ ਹੋਰਨਾਂ ਮਸਲਿਆਂ ਦੇ ਹੱਲ ਲਈ 13 ਫਰਵਰੀ ਨੂੰ ‘ਦਿੱਲੀ ਚੱਲੋ’ ਪ੍ਰੋਗਰਾਮ ਦੇ ਮੱਦੇਨਜ਼ਰ ਹਰਿਆਣਾ ਪੁਲਸ ਨੇ ਪੰਜਾਬ ਨਾਲ ਲੱਗਦੀਆਂ ਸਾਰੀਆਂ ਹੱਦਾਂ ਸੀਲ ਕਰ ਦਿੱਤੀਆਂ ਹਨ। ਉਥੇ ਹੀ ਕਿਸਾਨ ਆਗੂਆਂ ਦੀ ਮੰਤਰੀਆਂ ਨਾਲ ਅੱਜ ਹੋਣ ਵਾਲੀ ਅਹਿਮ ਬੈਠਕ ਸ਼ੁਰੂ ਹੋ ਗਈ ਹੈ। ਕਿਸਾਨਾਂ ਦੇ ਦਿੱਲੀ ਮਾਰਚ ਨੂੰ ਵੇਖਦੇ ਹੋਏ ਤਿੰਨ ਕੇਂਦਰੀ ਮੰਤਰੀਆਂ ਦੀ ਇਕ ਟੀਮ-ਪਿਊਸ਼ ਗੋਇਲ, ਅਰਜੁਨ ਮੁੰਡਾ ਅਤੇ ਨਿਤਿਆਨੰਦ ਰਾਏ ਕਿਸਾਨ ਆਗੂਆਂ ਦੇ ਵਫ਼ਦ ਨਾਲ ਗੱਲਬਾਤ ਕਰ ਰਹੇ ਹਨ, ਜੋ ਦਿੱਲੀ ਵੱਲ ਮਾਰਚ ਕਰਨ ਦੀ ਯੋਜਨਾ ਬਣਾ ਰਹੇ ਹਨ। 

ਇਹ ਵੀ ਪੜ੍ਹੋ: ਭਾਨਾ ਸਿੱਧੂ ਜੇਲ੍ਹ 'ਚੋਂ ਹੋਇਆ ਰਿਹਾਅ

ਤਿੰਨੋਂ ਕੇਂਦਰੀ ਮੰਤਰੀਆਂ ਦੀ ਚੰਡੀਗੜ੍ਹ 'ਚ ਕਿਸਾਨ ਜਥੇਬੰਦੀਆਂ ਨਾਲ ਮੁਲਾਕਾਤ ਹੋ ਰਹੀ ਹੈ। ਮੰਤਰੀ ਪਿਊਸ਼ ਗੋਇਲ, ਅਰਜੁਨ ਮੁੰਡਾ ਅਤੇ ਨਿਤਿਆਨੰਦ ਰਾਏ ਕਿਸਾਨ ਆਗੂਆਂ ਨਾਲ ਉਨ੍ਹਾਂ ਦੀਆਂ ਮੰਗਾਂ ਨੂੰ ਲੈ ਕੇ ਦੂਜੇ ਦੌਰ ਦੀ ਗੱਲਬਾਤ ਲਈ ਚੰਡੀਗੜ੍ਹ ਪਹੁੰਚੇ ਹਨ। ਇਹ ਮੀਟਿੰਗ ਸੈਕਟਰ 26 ਸਥਿਤ 'ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟ੍ਰੇਸ਼ਨ' ਵਿਖੇ ਸ਼ੁਰੂ ਹੋ ਚੁੱਕੀ ਹੈ। ਅੱਜ ਦੀ ਹੋ ਰਹੀ ਇਸੇ ਬੈਠਕ 'ਤੇ ਹੀ ਕਿਸਾਨਾਂ ਦਾ ਦਿੱਲੀ ਕੂਚ ਆਧਾਰਿਤ ਹੈ।  ਇਥੇ ਦੱਸ ਦੇਈਏ ਕਿ ਤਿੰਨ ਕੇਂਦਰੀ ਮੰਤਰੀਆਂ ਨਾਲ ਕਿਸਾਨ ਆਗੂਆਂ ਦੀ ਪਹਿਲੀ ਮੀਟਿੰਗ 8 ਫਰਵਰੀ ਨੂੰ ਹੋਈ ਸੀ। ਇਸ ਦਰਮਿਆਨ ਮਾਰਚ ਵਿਚ ਸ਼ਾਮਲ ਹੋਣ ਲਈ ਪੰਜਾਬ ਦੇ ਵੱਖ-ਵੱਖ ਹਿੱਸਿਆਂ ਤੋਂ ਟਰੈਕਟਰ-ਟਰਾਲੀਆਂ ਦੇ ਕਾਫਿਲੇ ਪਹਿਲਾਂ ਹੀ ਨਿਕਲ ਚੁੱਕੇ ਹਨ।

ਉਥੇ ਹੀ ਹਰਿਆਣਾ ਪੁਲਸ ਨੇ ਸ਼ੰਭੂ ਬੈਰੀਅਰ ਤੋਂ ਦਿੱਲੀ ਜਾਣ ਵਾਲੇ ਕੌਮੀ ਮਾਰਗ ’ਤੇ ਵੱਡੇ-ਵੱਡੇ ਪੱਥਰ ਲਗਾ ਕੇ ਅਤੇ ਸੜਕ ’ਤੇ ਕਿੱਲ ਵਿਛਾ ਕੇ ਆਵਾਜਾਈ ਪੂਰੀ ਤਰ੍ਹਾਂ ਬੰਦ ਕਰ ਦਿੱਤੀ ਹੈ, ਜਿਸ ਕਾਰਨ ਸਰਹੱਦ ’ਤੇ ਲੱਗਦੇ ਸ਼ਹਿਰਾਂ ਵਿਚ ਆਵਾਜਾਈ ਠੱਪ ਹੋ ਗਈ ਹੈ। ਆਲਮ ਇਹ ਹੈ ਕਿ ਕਿਸਾਨਾਂ ਨੂੰ ਰੋਕਣ ਲਈ ਪੰਜਾਬ-ਹਰਿਆਣਾ ਬਾਰਡਰ ’ਤੇ ਭਾਰੀ ਸੁਰੱਖਿਆ ਫੋਰਸ ਤਾਇਨਾਤ ਕੀਤੀ ਗਈ ਹੈ। 

ਇਹ ਵੀ ਪੜ੍ਹੋ: ਕਿਸਾਨਾਂ ਦੇ ਅੰਦੋਲਨ ਦਾ ਪਵੇਗਾ ਪੰਜਾਬ ਦੇ ਵਪਾਰ 'ਤੇ ਡੂੰਘਾ ਅਸਰ, ਹਾਲਾਤ ਬਣ ਸਕਦੇ ਨੇ ਬਦਤਰ

ਕਿਸਾਨਾਂ ਨੂੰ ਰੋਕਣ ਲਈ ਕਿਹੜੇ ਪ੍ਰਬੰਧ ਕੀਤੇ ਗਏ

ਕਿਸਾਨਾਂ ਦੇ ਮਾਰਚ ਨੂੰ ਰੋਕਣ ਲਈ ਕੰਕਰੀਟ ਦੀਆਂ ਰੋਕਾਂ ਅਤੇ ਕੰਡਿਆਲੀ ਤਾਰ ਦੀ ਵੀ ਵਰਤੋਂ ਕੀਤੀ ਜਾ ਰਹੀ ਹੈ। ਇਸ ਕਰਕੇ ਪੰਜਾਬ ਦੇ ਮੁੱਖ ਇਲਾਕਿਆਂ ਨੂੰ ਹਰਿਆਣਾ ਦੇ ਸ਼ਹਿਰਾਂ ਨਾਲ ਜੋੜਦੀਆਂ ਸੜਕਾਂ ’ਤੇ ਆਵਾਜਾਈ ਅਸਰਅੰਦਾਜ਼ ਹੋਈ ਹੈ। ਪੰਜਾਬ ਦੇ ਰਾਜਪੁਰਾ ਦੇ ਹਰਿਆਣਾ ਦੇ ਅੰਬਾਲਾ ਸ਼ਹਿਰ ਵਿਚਕਾਰ ਪੈਂਦੇ ਸ਼ੰਭੂ ਬੈਰੀਅਰ ਨੇੜਲੇ ਮੁੱਖ ਪੁਲ ਉੱਤੇ ਕੰਕਰੀਟ ਦੀਆਂ ਰੋਕਾਂ ਲਗਾਏ ਜਾਣ ਦੇ ਕਾਰਨ ਲੋਕ ਘੱਗਰ ਦਰਿਆ ਪੈਦਲ ਪਾਰ ਕਰ ਰਹੇ ਹਨ। ਉੱਧਰ, ਭਾਵੇਂ ਕਿ ਪੁਲਸ ਵੱਲੋਂ ਲੋਕਾਂ ਨੂੰ ਬਦਲਵੇਂ ਰੂਟਾਂ ਰਾਹੀਂ ਲੰਘਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਪਰ ਇਸ ਦੇ ਬਾਵਜੂਦ ਲੋਕਾਂ ਨੂੰ ਕਈ-ਕਈ ਘੰਟੇ ਖੱਜਲ-ਖੁਆਰ ਹੋਣਾ ਪੈ ਰਿਹਾ ਹੈ। ਹਰਿਆਣਾ ਪੁਲਸ ਦੀ ਏਡੀਜੀਪੀ (ਲਾਅ ਐਂਡ ਆਰਡਰ) ਮਮਤਾ ਸਿੰਘ ਨੇ ਕਿਹਾ ਕਿ ਕਿਸਾਨਾਂ ਦੇ ਪ੍ਰੋਗਰਾਮ ਕਰ ਕੇ ਸੜਕਾਂ ਨੂੰ ਬੰਦ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਨੈਸ਼ਨਲ ਹਾਈਵੇਅ ਨੰਬਰ-44 ਦਿੱਲੀ-ਚੰਡੀਗੜ੍ਹ ਹਾਈਵੇਅ ਬੰਦ ਹੋਣ ਕਰ ਕੇ ਲੋਕਾਂ ਨੂੰ ਦਿੱਕਤ ਆ ਰਹੀ ਹੈ, ਇਸ ਲਈ ਚੰਡੀਗੜ੍ਹ ਤੋਂ ਦਿੱਲੀ ਜਾਣ ਵਾਲੇ ਡੇਰਾਬੱਸੀ, ਬਰਵਾਲਾ, ਰਾਮਗੜ੍ਹ, ਸਾਹਾ, ਸ਼ਾਹਬਾਦ ਤੇ ਕੁਰੂਕਸ਼ੇਤਰ ਹੋ ਕੇ ਦਿੱਲੀ ਪਹੁੰਚ ਸਕਦੇ ਹਨ। ਹਰਿਆਣਾ ਦੀ ਸੀਨੀਅਰ ਪੁਲਸ ਅਧਿਕਾਰੀ ਨੇ ਕਿਹਾ ਕਿ ਇਨ੍ਹਾਂ ਰੂਟਾਂ ਦੇ ਸਹਾਰੇ ਹੀ ਲੋਕ ਚੰਡੀਗੜ੍ਹ ਪਹੁੰਚ ਸਕਦੇ ਹਨ। ਦੂਜੇ ਪਾਸੇ ਰਾਜਪੁਰਾ ਤੋਂ ਅੰਬਾਲਾ ਜਾਣ ਵਾਲੇ ਲੋਕਾਂ ਲਈ ਰਾਜਪੁਰਾ ਗਗਨ ਚੌਕ ਤੋਂ ਸੜਕ ਬੰਦ ਕੀਤੀ ਗਈ ਹੈ, ਇਸ ਲਈ ਰਾਜਪੁਰਾ ਦੇ ਗਗਨ ਚੌਕ ਤੋਂ ਬਨੂੜ, ਡੇਰਾਬੱਸੀ, ਲਾਲੜੂ ਤੋਂ ਹੁੰਦੇ ਹੋਏ ਅੰਬਾਲਾ ਤੱਕ ਰਾਹ ਤਿਆਰ ਕੀਤਾ ਹੈ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

shivani attri

Content Editor

Related News