ਆਂਗਣਵਾੜੀ ਕੇਂਦਰਾਂ ਦਾ ਰਾਸ਼ਨ ਪ੍ਰਾਈਵੇਟ ਕੰਪਨੀਆਂ ਨੂੰ ਦੇਣ ਦਾ ਵਿਰੋਧ
Thursday, Sep 24, 2026 - 01:41 PM (IST)
ਦੋਦਾ (ਲਖਵੀਰ) : ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੇ ਸੱਦੇ ’ਤੇ ਆਂਗਣਵਾੜੀ ਵਰਕਰਾਂ ਵੱਲੋਂ ਡਾਇਰੈਕਟਰ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਨੂੰ ਈ-ਮੇਲ ਰਾਹੀਂ ਮੰਗ ਪੱਤਰ ਭੇਜ ਕੇ ਆਂਗਣਵਾੜੀ ਕੇਂਦਰਾਂ ਦਾ ਰਾਸ਼ਨ ਪ੍ਰਾਈਵੇਟ ਕੰਪਨੀਆਂ ਰਾਹੀਂ ਭੇਜਣ ਦੀ ਯੋਜਨਾ ਦਾ ਸਖ਼ਤ ਵਿਰੋਧ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਆਂਗਣਵਾੜੀ ਬਲਾਕ ਪ੍ਰਧਾਨ ਜਸਵਿੰਦਰ ਕੌਰ ਬੱਬੂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪਹਿਲਾਂ ਆਂਗਣਵਾੜੀ ਕੇਂਦਰਾਂ ਦਾ ਰਾਸ਼ਨ ਪੰਜਾਬ ਪੱਧਰ ’ਤੇ ਪ੍ਰਾਈਵੇਟ ਕੰਪਨੀਆਂ ਰਾਹੀਂ ਮੁਹੱਈਆ ਕਰਵਾਇਆ ਜਾਂਦਾ ਸੀ। ਹੁਣ ਇਸੇ ਪ੍ਰਬੰਧ ਨੂੰ ਜ਼ਿਲਾ ਪੱਧਰ ’ਤੇ ਪ੍ਰਾਈਵੇਟ ਕੰਪਨੀਆਂ ਰਾਹੀਂ ਲਾਗੂ ਕਰਨ ਦੀ ਯੋਜਨਾ ਬਣਾਈ ਜਾ ਰਹੀ ਹੈ, ਜਿਸ ਦਾ ਜਥੇਬੰਦੀ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਆਂਗਣਵਾੜੀ ਕੇਂਦਰਾਂ ਵਿੱਚ ਬੱਚਿਆਂ ਨੂੰ ਤਾਜ਼ਾ ਅਤੇ ਪੌਸ਼ਟਿਕ ਭੋਜਨ ਤਿਆਰ ਕਰ ਕੇ ਮੁਹੱਈਆ ਕਰਵਾਇਆ ਜਾਣਾ ਚਾਹੀਦਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਪ੍ਰਾਈਵੇਟ ਕੰਪਨੀਆਂ ਵੱਲੋਂ ਭੇਜੇ ਜਾਣ ਵਾਲੇ ਰਾਸ਼ਨ ਦੀ ਗੁਣਵੱਤਾ ਸਬੰਧੀ ਕਈ ਵਾਰ ਸ਼ਿਕਾਇਤਾਂ ਸਾਹਮਣੇ ਆਉਂਦੀਆਂ ਹਨ ਅਤੇ ਇਸ ਦੀ ਜਵਾਬਦੇਹੀ ਤੈਅ ਕਰਨ ਵਿਚ ਵੀ ਮੁਸ਼ਕਲ ਆਉਂਦੀ ਹੈ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਆਂਗਣਵਾੜੀ ਕੇਂਦਰਾਂ ਰਾਹੀਂ ਬੱਚਿਆਂ ਨੂੰ ਤਾਜ਼ਾ ਪਕਾਇਆ ਹੋਇਆ ਭੋਜਨ ਮੁਹੱਈਆ ਕਰਵਾਉਣ ਦੀ ਵਿਵਸਥਾ ਜਾਰੀ ਰੱਖੀ ਜਾਵੇ।
