ਆਂਗਣਵਾੜੀ ਮੁਲਾਜ਼ਮ ਅੱਜ ਤੋਂ ਕਰਨਗੀਆਂ ਮੰਤਰੀਆਂ ਤੇ ਵਿਧਾਇਕਾਂ ਦੀਆਂ ਕੋਠੀਆਂ ਦਾ ਘਿਰਾਓ

11/22/2017 11:52:34 AM


ਬਠਿੰਡਾ (ਪਰਮਿੰਦਰ) - 3 ਤੋਂ 6 ਸਾਲ ਦੇ ਬੱਚਿਆਂ ਨੂੰ ਆਂਗਣਵਾੜੀ ਕੇਂਦਰਾਂ ਦੀ ਬਜਾਏ ਪ੍ਰੀ-ਪ੍ਰਾਇਮਰੀ ਸਕੂਲਾਂ ਵਿਚ ਭੇਜਣ ਖਿਲਾਫ ਸੰਘਰਸ਼ ਕਰ ਰਹੇ ਆਂਗਣਵਾੜੀ ਮੁਲਾਜ਼ਮਾਂ ਵੱਲੋਂ 22 ਤੋਂ 30 ਨਵੰਬਰ ਤੱਕ ਸਰਕਾਰ ਦੇ ਮੰਤਰੀਆਂ ਅਤੇ ਵਿਧਾਇਕਾਂ ਦੀਆਂ ਕੋਠੀਆਂ ਦਾ ਘਿਰਾਓ ਕੀਤਾ ਜਾਵੇਗਾ। ਇਸ ਸਬੰਧੀ ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਦੀ ਇਕ ਮੀਟਿੰਗ ਬਠਿੰਡਾ ਮੁਖੀ ਚਰਨਜੀਤ ਕੌਰ ਮਾਨਸਾ ਦੀ ਅਗਵਾਈ ਵਿਚ ਹੋਈ, ਜਿਸ ਵਿਚ ਉਕਤ ਸੰਘਰਸ਼ ਦੀ ਰੂਪ-ਰੇਖਾ 'ਤੇ ਵਿਚਾਰ ਚਰਚਾ ਕੀਤੀ ਗਈ। ਚਰਨਜੀਤ ਕੌਰ ਨੇ ਦੱਸਿਆ ਕਿ ਮੰਗਾਂ ਨੂੰ ਲੈ ਕੇ ਵਿੱਤ-ਮੰਤਰੀ ਮਨਪ੍ਰੀਤ ਸਿੰਘ ਬਾਦਲ ਨਾਲ ਮੀਟਿੰਗ ਕੀਤੀ ਗਈ ਸੀ ਪਰ ਉਸ ਵਿਚ ਉਨ੍ਹਾਂ ਦੇ ਮਸਲੇ ਦਾ ਕੋਈ ਹੱਲ ਨਹੀਂ ਨਿਕਲ ਸਕਿਆ । ਇਸ ਕਾਰਨ ਹੁਣ ਆਂਗਣਵਾੜੀ ਮੁਲਾਜ਼ਮ ਆਪਣੇ ਸੰਘਰਸ਼ ਨੂੰ ਫਿਰ ਤੋਂ ਤੇਜ਼ ਕਰਨਗੀਆਂ । 
ਉਨ੍ਹਾਂ ਕਿਹਾ ਕਿ ਇਕ ਪਾਸੇ ਸਰਕਾਰ ਘਰ-ਘਰ ਨੌਕਰੀ ਦੇਣ ਦੇ ਦਾਅਵੇ ਕਰਦੀ ਹੈ ਪਰ ਦੂਸਰੇ ਪਾਸੇ ਆਂਗਣਵਾੜੀ ਮੁਲਾਜ਼ਮਾਂ ਨੂੰ ਬੇਰੁਜ਼ਗਾਰ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ । ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਇਨ੍ਹਾਂ ਕੋਸ਼ਿਸ਼ਾਂ ਨੂੰ ਕਿਸੇ ਵੀ ਕੀਮਤ 'ਤੇ ਸਫਲ ਨਹੀਂ ਹੋਣ ਦਿੱਤਾ ਜਾਵੇਗਾ । ਇਸ ਮੌਕੇ ਮੁਕਤਸਰ ਦੀ ਪ੍ਰਧਾਨ ਅੰਮ੍ਰਿਤਪਾਲ ਕੌਰ ਚਾਹਲ, ਸੋਨੂੰ ਸਿੱਧੂ ਰਾਮਪੁਰਾ ਆਦਿ ਹਾਜ਼ਰ ਸਨ ।


Related News