ਪੰਜਾਬ ਸਰਕਾਰ ਵੱਲੋਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੇ ਭੱਤੇ ''ਚ ਵਾਧਾ

07/19/2018 6:43:57 AM

ਚੰਡੀਗੜ੍ਹ (ਭੁੱਲਰ) - ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ 3 ਯੂਨੀਅਨਾਂ ਨਾਲ ਵਿਭਾਗ ਦੀ ਮੰਤਰੀ ਅਰੁਣਾ ਚੌਧਰੀ ਨਾਲ ਮੀਟਿੰਗ ਦੌਰਾਨ ਅੱਜ ਪੰਜਾਬ ਸਰਕਾਰ ਵੱਲੋਂ ਇਨ੍ਹਾਂ ਦੇ ਮਾਣਭੱਤਿਆਂ ਵਿਚ ਵਾਧਾ ਕਰਨ ਦਾ ਫੈਸਲਾ ਕੀਤਾ ਗਿਆ ਹੈ। ਵਰਕਰਾਂ ਤੇ ਹੈਲਪਰਾਂ ਦੇ ਮਾਣ ਭੱਤਿਆਂ ਵਿਚ ਕ੍ਰਮਵਾਰ 1000 ਤੇ 500 ਰੁਪਏ ਪ੍ਰਤੀ ਮਹੀਨੇ ਦਾ ਵਾਧਾ ਕੀਤਾ ਗਿਆ ਹੈ। ਇਸ ਤੋਂ ਇਲਾਵਾ 70 ਸਾਲ ਦੀ ਸੇਵਾ ਪੂਰੀ ਹੋਣ 'ਤੇ 1 ਲੱਖ ਰੁਪਏ ਤੇ 50 ਹਜ਼ਾਰ ਰੁਪਏ ਦੇ ਯਕਮੁਸ਼ਤ ਵਿੱਤੀ ਲਾਭ ਦੇਣ ਦਾ ਫੈਸਲਾ ਕੀਤਾ ਗਿਆ।
ਇਸ ਮੀਟਿੰਗ ਵਿਚ ਮੁੱਖ ਮੰਤਰੀ ਦੇ ਰਾਜਸੀ ਸਕੱਤਰ ਕੈਪਟਨ ਸੰਦੀਪ ਸਿੰਘ ਸੰਧੂ ਤੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਭਲਾਈ ਵਿਭਾਗ ਦੀ ਡਾਇਰੈਕਟਰ ਕਵਿਤਾ ਸਿੰਘ ਦੇ ਨਾਲ ਆਂਗਣਵਾੜੀ ਮੁਲਾਜ਼ਮ ਯੂਨੀਅਨ (ਸੀਟੂ) ਦੀ ਕੌਮੀ ਪ੍ਰਧਾਨ ਉੂਸ਼ਾ ਰਾਣੀ, ਸੂਬਾਈ ਪ੍ਰਧਾਨ ਹਰਜੀਤ ਕੌਰ ਪੰਜੋਲਾ, ਆਲ ਪੰਜਾਬ ਆਂਗਣਵਾੜੀ ਯੂਨੀਅਨ ਦੀ ਪ੍ਰਧਾਨ ਹਰਗੋਬਿੰਦ ਕੌਰ ਅਤੇ ਆਂਗਣਵਾੜੀ ਮੁਲਾਜ਼ਮ ਯੂਨੀਅਨ ਏਟਕ ਦੀ ਪ੍ਰਧਾਨ ਸਰੋਜ ਛੱਪੜੀਵਾਲਾ ਤੇ ਹੋਰ ਸ਼ਾਮਲ ਹੋਈਆਂ। ਆਂਗਣਵਾੜੀ ਮੁਲਾਜ਼ਮ ਯੂਨੀਅਨ ਸੀਟੂ ਵੱਲੋਂ ਮਾਣਭੱਤਿਆਂ 'ਚ ਕੀਤੇ ਗਏ ਵਾਧੇ 'ਤੇ ਸੰਤੁਸ਼ਟੀ ਨਾ ਪ੍ਰਗਟਾਉਂਦਿਆਂ ਕਿਹਾ ਕਿ ਇਹ ਕਾਫ਼ੀ ਘੱਟ ਹੈ ਅਤੇ ਮੰਗਾਂ ਦੀ ਮੁਕੰਮਲ ਪੂਰਤੀ ਲਈ ਅੰਦੋਲਨ ਅੱਗੇ ਵੀ ਜਾਰੀ ਰੱਖਿਆ ਜਾਵੇਗਾ।
ਮੀਟਿੰਗ ਤੋਂ ਬਾਅਦ ਅਰੁਣਾ ਚੌਧਰੀ ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਦਿੱਤੇ ਨਿਰਦੇਸ਼ਾਂ ਤਹਿਤ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਲਈ ਵੱਡੇ ਫੈਸਲੇ ਲਏ ਗਏ ਹਨ। ਉਨ੍ਹਾਂ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲਏ ਫੈਸਲਿਆਂ ਨਾਲ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਵੱਡਾ ਵਿੱਤੀ ਲਾਭ ਹੋਵੇਗਾ। ਉਨ੍ਹਾਂ ਦੱਸਿਆ ਕਿ ਵਰਕਰ ਦਾ ਮਹੀਨਾਵਾਰ ਮਾਣ ਭੱਤਾ 5600 ਰੁਪਏ ਤੋਂ ਵਧਾ ਕੇ 6600 ਰੁਪਏ ਅਤੇ ਹੈਲਪਰ ਦਾ ਮਾਣ ਭੱਤਾ 2800 ਰੁਪਏ ਤੋਂ ਵਧਾ ਕੇ 3300 ਰੁਪਏ ਪ੍ਰਤੀ ਮਹੀਨਾ ਕਰ ਦਿੱਤਾ ਹੈ। ਇਹ ਵਾਧਾ ਅਗਲੇ ਵਿੱਤੀ ਵਰ੍ਹੇ ਤੋਂ ਲਾਗੂ ਹੋਵੇਗਾ ਜਿਸ ਕਾਰਨ ਵਰਕਰਾਂ ਤੇ ਹੈਲਪਰਾਂ ਨੂੰ ਵਧਿਆ ਹੋਇਆ ਮਾਣਭੱਤਾ ਪਹਿਲੀ ਅਪ੍ਰੈਲ 2019 ਤੋਂ ਮਿਲੇਗਾ। ਪੰਜਾਬ ਸਰਕਾਰ ਦੇ ਇਸ ਫੈਸਲੇ ਨਾਲ ਵਰਕਰਾਂ ਤੇ ਹੈਲਪਰਾਂ ਨੂੰ ਕੁੱਲ ਮਿਲਾ ਕੇ 45 ਕਰੋੜ ਰੁਪਏ ਸਾਲਾਨਾ ਵਿੱਤੀ ਲਾਭ ਹੋਵੇਗਾ।


Related News