ਆਂਗਣਵਾੜੀ ਵਰਕਰਾਂ ਨੇ ਵਿੱਤ ਮੰਤਰੀ ਦਾ ਪੁਤਲਾ ਫੂਕਿਆ

Thursday, Mar 08, 2018 - 12:49 AM (IST)

ਗੁਰਦਾਸਪੁਰ,   (ਹਰਮਨਪ੍ਰੀਤ)-  ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੀ ਅਗਵਾਈ ਹੇਠ ਵਿੱਤ ਮੰਤਰੀ ਦੇ ਪੁਤਲੇ ਫੂਕਣ ਦੇ ਕੀਤੇ ਗਏ ਐਲਾਨ ਤਹਿਤ ਅੱਜ ਜ਼ਿਲਾ ਗੁਰਦਾਸਪੁਰ ਅੰਦਰ ਆਂਗਣਵਾੜੀ ਵਰਕਰਾਂ ਨੇ ਰੋਸ ਪ੍ਰਦਰਸ਼ਨ ਕੀਤਾ। ਇਸੇ ਤਹਿਤ ਆਂਗਣਵਾੜੀ ਵਰਕਰਾਂ ਨੇ ਹਯਾਤ ਨਗਰ ਸਰਕਲ ਵਿਖੇ ਵਿੱਤ ਮੰਤਰੀ ਦਾ ਪੁਤਲਾ ਫੂਕ ਕੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਤੇ ਦੋਸ਼ ਲਾਇਆ ਕਿ ਜਦੋਂ ਅਕਾਲੀ ਦਲ ਦੀ ਸਰਕਾਰ ਮੌਕੇ ਮਨਪ੍ਰੀਤ ਸਿੰਘ ਬਾਦਲ ਪੀਪਲਜ਼ ਪਾਰਟੀ ਦੀ ਅਗਵਾਈ ਕਰ ਰਹੇ ਸਨ ਤਾਂ ਉਸ ਸਮੇਂ ਮਨਪ੍ਰੀਤ ਬਾਦਲ ਖੁਦ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਰੈਲੀਆਂ 'ਚ ਆ ਕੇ ਸੰਬੋਧਨ ਕਰਦੇ ਸਨ। ਉਦੋਂ ਮਨਪ੍ਰੀਤ ਬਾਦਲ ਇਹ ਦਾਅਵਾ ਕਰਦੇ ਸਨ ਕਿ ਅਕਾਲੀ ਸਰਕਾਰ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨਾਲ ਧੱਕੇਸ਼ਾਹੀ ਕਰ ਰਹੀ ਹੈ ਪਰ ਹੁਣ ਜਦੋਂ ਉਹ ਖੁਦ ਸੱਤਾ 'ਚ ਆ ਕੇ ਵਿੱਤ ਮੰਤਰੀ ਬਣ ਗਏ ਹਨ ਤਾਂ ਆਂਗਣਵਾੜੀ ਵਰਕਰਾਂ ਨੂੰ ਰਾਹਤ ਦੇਣ ਦੀ ਬਜਾਏ ਕਥਿਤ ਧਮਕੀਆਂ ਦੇ ਰਹੇ ਹਨ ਕਿ ਉਹ ਉਨ੍ਹਾਂ ਦੀ ਕੋਈ ਗੱਲ ਨਹੀਂ ਸੁਣਨਗੇ। ਵਰਕਰਾਂ ਨੇ ਕਿਹਾ ਕਿ ਜਦੋਂ ਤੱਕ ਉਨ੍ਹਾਂ ਦੇ ਮਾਣ-ਭੱਤੇ ਵਿਚ ਵਾਧਾ ਕਰਨ ਤੋਂ ਇਲਾਵਾ ਵਿੱਤ ਮੰਤਰੀ ਵੱਲੋਂ ਬਿੱਲਾਂ ਨੂੰ ਪਾਸ ਨਹੀਂ ਕੀਤਾ ਜਾਂਦਾ, ਉਦੋਂ ਤੱਕ ਸੰਘਰਸ਼ ਜਾਰੀ ਰੱਖਿਆ ਜਾਵੇਗਾ।  ਇਸ ਮੌਕੇ ਬਲਾਕ ਪ੍ਰਧਾਨ ਗੁਰਪ੍ਰੀਤ ਕੌਰ, ਰੀਤਾ ਰਾਣੀ, ਲਖਵਿੰਦਰ ਕੌਰ, ਅਮਰਜੀਤ ਕੌਰ, ਕੰਵਲਜੀਤ ਕੌਰ, ਹਰਜਿੰਦਰ ਕੌਰ, ਪ੍ਰੀਤਮ ਕੌਰ ਆਦਿ ਹਾਜ਼ਰ ਸਨ। 


Related News