ਚੰਨੀ ਦੀ ਕੋਠੀ ਦਾ ਘਿਰਾਓ ਕਰਨ ਜਾ ਰਹੀਆਂ ਆਂਗਨਵਾੜੀ ਵਰਕਰਾਂ ਨਾਲ ਪੁਲਸ ਵਲੋਂ ਧੱਕਾ-ਮੁੱਕੀ

Thursday, Nov 23, 2017 - 07:40 AM (IST)

ਚੰਨੀ ਦੀ ਕੋਠੀ ਦਾ ਘਿਰਾਓ ਕਰਨ ਜਾ ਰਹੀਆਂ ਆਂਗਨਵਾੜੀ ਵਰਕਰਾਂ ਨਾਲ ਪੁਲਸ ਵਲੋਂ ਧੱਕਾ-ਮੁੱਕੀ

ਖਰੜ  (ਅਮਰਦੀਪ, ਰਣਬੀਰ, ਗਗਨਦੀਪ) – ਆਂਗਨਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਸੀਟੂ ਵਲੋਂ ਦਿੱਤੇ ਸੱਦੇ 'ਤੇ ਅੱਜ ਜ਼ਿਲਾ ਆਂਗਨਵਾੜੀ ਮੁਲਾਜ਼ਮ ਯੂਨੀਅਨ ਦੀ ਪ੍ਰਧਾਨ ਗੁਰਪ੍ਰੀਤ ਕੌਰ ਧਨੋਨੀ ਦੀ ਅਗਵਾਈ ਵਿਚ ਜਦੋਂ ਜ਼ਿਲੇ ਦੀਆਂ ਸਮੂਹ ਆਂਗਨਵਾੜੀ ਵਰਕਰਾਂ ਅਤੇ ਹੈਲਪਰ ਖਰੜ ਬੱਸ ਸਟੈਂਡ ਤੋਂ ਤਕਨੀਕੀ ਸਿੱਖਿਆ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਦੀ ਖਰੜ ਸਥਿਤ ਕੋਠੀ ਦਾ ਘਿਰਾਓ ਕਰਨ ਲਈ ਜਾ ਰਹੀਆਂ ਸਨ ਤਾਂ ਪੁਲਸ ਨੇ ਬਿਨਾਂ ਮਹਿਲਾ ਪੁਲਸ ਮੁਲਾਜ਼ਮਾਂ ਦੇ ਆਂਗਨਵਾੜੀ ਵਰਕਰਾਂ ਤੇ ਹੈਲਪਰਾਂ ਨਾਲ ਧੱਕਾ-ਮੁੱਕੀ ਕਰਕੇ ਜਦੋਂ ਉਨ੍ਹਾਂ ਨੂੰ ਰਸਤੇ ਵਿਚ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਆਂਗਨਵਾੜੀ ਵਰਕਰਾਂ ਤੇ ਹੈਲਪਰਾਂ ਨੇ ਪੁਲਸ ਵਲੋਂ ਬਣਾਈ ਚੇਨ ਤੋੜ ਕੇ ਮੰਤਰੀ ਦੀ ਕੋਠੀ ਵੱਲ ਕੂਚ ਕਰ ਦਿੱਤਾ ਤੇ ਕੋਠੀ ਦੇ ਨੇੜੇ ਕਾਂਗਰਸ ਸਰਕਾਰ ਖਿਲਾਫ ਰੋਸ ਧਰਨਾ ਦਿੱਤਾ।
ਇਸ ਮੌਕੇ ਗੁਰਦੀਪ ਕੌਰ ਨੇ ਕਿਹਾ ਕਿ ਕਾਂਗਰਸ ਸਰਕਾਰ ਨੇ ਆਂਗਨਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਬੇਰੁਜ਼ਗਾਰ ਕਰ ਦਿੱਤਾ ਹੈ। ਜਦੋਂ ਹੁਣ ਵਰਕਰ ਆਪਣਾ ਹੱਕ ਲੈਣ ਲਈ ਸੰਘਰਸ਼ ਕਰ ਰਹੇ ਹਨ ਤਾਂ ਉਨ੍ਹਾਂ ਨਾਲ ਪੰਜਾਬ ਸਰਕਾਰ ਦੀ ਸ਼ਹਿ 'ਤੇ ਪੁਲਸ ਧੱਕੇਸ਼ਾਹੀ ਕਰ ਰਹੀ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਨੇ ਆਉਂਦਿਆਂ ਹੀ ਸੂਬੇ ਦੇ ਲੋਕਾਂ ਨੂੰ ਬੇਰੁਜ਼ਗਾਰ ਕਰ ਦਿੱਤਾ, ਜਦੋਂਕਿ ਚੋਣਾਂ ਤੋਂ ਪਹਿਲਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਹਰ ਘਰ ਵਿਚ ਨੌਕਰੀ ਦੇਣ ਦੇ ਰਾਗ ਅਲਾਪ ਰਹੇ ਸਨ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਸਰਕਾਰੀ ਸਕੂਲਾਂ ਵਿਚ ਪ੍ਰੀ-ਪ੍ਰਾਇਮਰੀ ਕਲਾਸਾਂ ਦਾ ਫੈਸਲਾ ਬਿਨਾਂ ਵਿਉਂਤਬੰਦੀ ਤੇ ਜਲਦਬਾਜ਼ੀ ਵਿਚ ਕਰਕੇ ਗਲਤ ਕਾਰਵਾਈ ਕੀਤੀ ਹੈ। ਉਨ੍ਹਾਂ ਕਿਹਾ ਕਿ ਆਂਗਨਵਾੜੀ ਮੁਲਾਜ਼ਮ ਯੂਨੀਅਨ ਸੀਟੂ ਜਿਥੇ ਆਪਣੇ ਹੱਕਾਂ ਤੇ ਜਾਇਜ਼ ਮੰਗਾਂ ਲਈ ਸੰਘਰਸ਼ ਵਿਚ ਖੜ੍ਹੀ ਹੈ, ਉਥੇ ਹੀ ਮਾਸੂਮ ਬਚਪਨ ਦੇ ਵਿਕਾਸ ਤੇ ਰਾਖੀ ਲਈ ਡਟ ਕੇ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਆਂਗਨਵਾੜੀ ਕੇਂਦਰਾਂ ਵਿਚ ਛੋਟੇ ਬੱਚਿਆਂ ਦੀ ਸਾਂਭ-ਸੰਭਾਲ ਹੁੰਦੀ ਸੀ, ਉਹ ਪ੍ਰਾਇਮਰੀ ਸਕੂਲਾਂ ਵਿਚ ਨਹੀਂ ਹੋ ਰਹੀ। ਕਾਂਗਰਸ ਸਰਕਾਰ ਨੇ ਪੰਜਾਬ ਦੇ ਬਚਪਨ ਨੂੰ ਰੋਲ ਕੇ ਰੱਖ ਦਿੱਤਾ ਹੈ।
ਉਨ੍ਹਾਂ ਐਲਾਨ ਕੀਤਾ ਕਿ ਜੇਕਰ ਕਾਂਗਰਸ ਸਰਕਾਰ ਨੇ ਬੇਰੁਜ਼ਗਾਰ ਹੋਈਆਂ ਆਂਗਨਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਰੁਜ਼ਗਾਰ ਦੇ ਵਸੀਲੇ ਮੁਹੱਈਆ ਨਾ ਕਰਵਾਏ ਤਾਂ ਸੂਬੇ ਭਰ ਵਿਚ ਤਿੱਖਾ ਸੰਘਰਸ਼ ਕਰਕੇ ਚੱਕਾ ਜਾਮ ਕੀਤਾ ਜਾਵੇਗਾ। ਜਦੋਂ ਖਰੜ ਦੇ ਤਹਿਸੀਲਦਾਰ ਤਰਸੇਮ ਮਿੱਤਲ ਧਰਨਾਕਾਰੀਆਂ ਕੋਲ ਪੁੱਜੇ ਤਾਂ ਆਂਗਨਵਾੜੀ ਵਰਕਰਾਂ ਨੇ ਕਿਹਾ ਕਿ ਉਹ ਤਹਿਸੀਲਦਾਰ ਨੂੰ ਮੰਗ ਪੱਤਰ ਨਹੀਂ ਦੇਣਗੀਆਂ ਤਾਂ ਮੌਕੇ ਤੋਂ ਤਹਿਸੀਲਦਾਰ ਵਾਪਸ ਚਲੇ ਗਏ।
ਇਸ ਮੌਕੇ ਗੁਰਪ੍ਰੀਤ ਕੌਰ, ਜਸਵਿੰਦਰ ਕੌਰ, ਭਿੰਦਰ ਕੌਰ, ਰਾਜਿੰਦਰ ਕੌਰ ਤੇ ਚਰਨਜੀਤ ਕੌਰ ਨੇ ਵੀ ਸੰਬੋਧਨ ਕੀਤਾ, ਜਦੋਂਕਿ ਸੀ. ਆਈ. ਡੀ. ਦੀਆਂ ਰਿਪੋਰਟਾਂ ਪੰਜਾਬ ਪੁਲਸ ਤਕ ਪੁੱਜੀਆਂ ਹੋਈਆਂ ਸਨ ਕਿ ਆਂਗਨਵਾੜੀ ਵਰਕਰਾਂ ਤੇ ਹੈਲਪਰਾਂ ਵਲੋਂ ਪੰਜਾਬ ਭਰ ਵਿਚ ਕੈਬਨਿਟ ਮੰਤਰੀਆਂ ਦੇ ਘਰਾਂ ਅੱਗੇ ਰੋਸ ਧਰਨੇ ਦੇਣੇ ਹਨ, ਤਾਂ ਵੀ ਖਰੜ ਪੁਲਸ ਨੇ ਮੰਤਰੀ ਦੀ ਕੋਠੀ ਨੇੜੇ ਕੋਈ ਬੈਰੀਕੇਡ ਨਹੀਂ ਲਾਏ ਤੇ ਨਾ ਹੀ ਮਹਿਲਾ ਪੁਲਸ ਮੁਲਾਜ਼ਮ ਤਾਇਨਾਤ ਕੀਤੀਆਂ। ਅੱਜ ਆਂਗਨਵਾੜੀ ਵਰਕਰਾਂ ਨੇ ਜਦੋਂ ਮੰਤਰੀ ਦੀ ਕੋਠੀ ਵੱਲ ਕੂਚ ਕੀਤਾ ਤਾਂ ਪੁਲਸ ਮੁਲਾਜ਼ਮਾਂ ਨੇ ਆਂਗਨਵਾੜੀ ਵਰਕਰਾਂ ਨਾਲ ਹੱਥੋਪਾਈ ਕੀਤੀ ਤੇ ਉਨ੍ਹਾਂ ਨੂੰ ਗਾਲ੍ਹਾਂ ਵੀ ਕੱਢੀਆਂ। ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਪੁਰਜ਼ੋਰ ਮੰਗ ਕੀਤੀ ਹੈ ਕਿ ਉਹ ਉਨ੍ਹਾਂ ਪੁਲਸ ਮੁਲਾਜ਼ਮਾਂ ਖਿਲਾਫ ਵੀ ਬਣਦੀ ਕਾਰਵਾਈ ਕਰਨ, ਜਿਨ੍ਹਾਂ ਨੇ ਮਹਿਲਾ ਆਂਗਨਵਾੜੀ ਵਰਕਰਾਂ ਨੂੰ ਧੱਕੇ ਮਾਰੇ ਤੇ ਗਾਲੀ-ਗਲੋਚ ਕੀਤਾ।
ਕੀ ਕਹਿਣਾ ਹੈ ਐੱਸ. ਐੱਚ. ਓ. ਦਾ
ਇਸ ਸਬੰਧੀ ਸੰਪਰਕ ਕਰਨ 'ਤੇ ਐੱਸ. ਐੱਚ. ਓ. ਸਿਟੀ ਰਾਜੇਸ਼ ਹਸਤੀਰ ਨੇ ਆਖਿਆ ਕਿ ਕਿਸੇ ਵੀ ਪੁਲਸ ਮੁਲਾਜ਼ਮ ਨੇ ਆਂਗਨਵਾੜੀ ਵਰਕਰਾਂ ਨਾਲ ਗਾਲੀ-ਗਲੋਚ ਨਹੀਂ ਕੀਤਾ ਤੇ ਇਸ ਮੌਕੇ ਮਹਿਲਾ ਪੁਲਸ ਮੁਲਾਜ਼ਮ ਵੀ ਤਾਇਨਾਤ ਕੀਤੀਆਂ ਗਈਆਂ ਸਨ।


Related News