ਭ੍ਰਿਸ਼ਟਾਚਾਰ ਵਿਰੁੱਧ ਵਿਜੀਲੈਂਸ ਦੀ ਕਾਰਵਾਈ, ਨੰਬਰਦਾਰ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
Monday, Mar 06, 2023 - 08:44 PM (IST)
ਚੰਡੀਗੜ੍ਹ (ਬਿਊਰੋ) : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ’ਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਸੋਮਵਾਰ ਨੂੰ ਜ਼ੋਨ ਡੀ, ਨਗਰ ਨਿਗਮ (ਐੱਮ. ਸੀ.) ਲੁਧਿਆਣਾ ’ਚ ਨੰਬਰਦਾਰ ਵਜੋਂ ਤਾਇਨਾਤ ਕਰਮਚਾਰੀ ਸੋਨੂੰ ਨੂੰ 10,00 ਰੁਪਏ ਦੀ ਰਿਸ਼ਵਤ ਦੀ ਮੰਗ ਕਰਨ ਅਤੇ ਲੈਣ ਦੇ ਦੋਸ਼ ਹੇਠ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਕਰਮਚਾਰੀ ਨੂੰ ਦਰਜਾਚਾਰ ਕਰਮਚਾਰੀ ਬੌਬੀ, ਵਾਸੀ ਮਹਾਂ ਸਿੰਘ ਨਗਰ, ਡਾਬਾ, ਲੁਧਿਆਣਾ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ’ਤੇ ਦਰਜ ਕਰਵਾਈ ਆਨਲਾਈਨ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ : ਮੂਸੇਵਾਲਾ ਦੇ ਪਿਤਾ ਨੇ ਸੋਸ਼ਲ ਮੀਡੀਆ ’ਤੇ ਸਿੱਧੂ ਦੀ ਬਰਸੀ ਨੂੰ ਲੈ ਕੇ ਸਾਂਝੀ ਕੀਤੀ ਪੋਸਟ
ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਨਲਾਈਨ ਸ਼ਿਕਾਇਤ ’ਚ ਦੋਸ਼ ਲਗਾਇਆ ਹੈ ਕਿ ਉਕਤ ਕਰਮਚਾਰੀ ਨੇ ਉਸ ਨੂੰ ਡਿਊਟੀ ਤੋਂ ਗੈਰ-ਹਾਜ਼ਰ ਹੋਣ ਦਾ ਡਰਾਵਾ ਦੇ ਕੇ ਉਸ ਦੀ 5 ਮਹੀਨਿਆਂ ਦੀ ਕੁਲ ਤਨਖਾਹ, 70,000 ਵਿੱਚੋਂ 2000 ਰੁਪਏ ਪ੍ਰਤੀ ਮਹੀਨਾ ਯਾਨੀ ਕੁਲ 10,000 ਰੁਪਏ ਰਿਸ਼ਵਤ ਦੇਣ ਦੀ ਮੰਗ ਕੀਤੀ ਸੀ। ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਉਕਤ ਦੋਸ਼ੀ ਪਹਿਲਾਂ ਹੀ 1,000 ਰਿਸ਼ਵਤ ਵਜੋਂ ਲੈ ਚੁੱਕਾ ਹੈ ਅਤੇ ਬਾਕੀ ਦੇ ਪੈਸੇ ਦੇਣ ਦੀ ਮੰਗ ਕਰ ਰਿਹਾ ਸੀ। ਵਿਜੀਲੈਂਸ ਬਿਊਰੋ ਵੱਲੋਂ ਇਸ ਸ਼ਿਕਾਇਤ ਦੀ ਪੜਤਾਲ ਦੌਰਾਨ ਪਾਇਆ ਗਿਆ ਕਿ ਉਕਤ ਦੋਸ਼ੀ ਨੇ ਸ਼ਿਕਾਇਤਕਰਤਾ ਕੋਲੋਂ 1,000 ਰੁਪਏ ਦੀ ਰਿਸ਼ਵਤ ਲਈ ਸੀ, ਜਿਸ ਦੇ ਆਧਾਰ ’ਤੇ ਉਕਤ ਕਰਮਚਾਰੀ ਦੇ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਇਸ ਸਬੰਧੀ ਥਾਣਾ ਵਿਜੀਲੈਂਸ ਬਿਊਰੋ ਲੁਧਿਆਣਾ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਉਸ ਨੂੰ ਭਲਕੇ ਲੁਧਿਆਣਾ ਦੀ ਅਦਾਲਤ ’ਚ ਪੇਸ਼ ਕੀਤਾ ਜਾਵੇਗਾ।
ਇਹ ਖ਼ਬਰ ਵੀ ਪੜ੍ਹੋ : ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਅਧਿਆਪਕਾਂ ਨੂੰ ਲਿਖਿਆ ਪੱਤਰ, ਕੀਤੀ ਖ਼ਾਸ ਅਪੀਲ