ਕਰਤਾਰਪੁਰ ਕੋਰੀਡੋਰ ਰਾਹੀਂ ਪਾਕਿਸਤਾਨ ਨੂੰ ਗੜਬੜ ਕਰਨ ਦੀ ਇਜਾਜ਼ਤ ਨਹੀਂ ਦੇਵਾਂਗੇ : ਅਨੁਰਾਗ ਠਾਕੁਰ
Monday, Nov 11, 2019 - 02:04 PM (IST)

ਜਲੰਧਰ (ਧਵਨ) : ਕੇਂਦਰੀ ਵਿੱਤ ਰਾਜ ਮੰਤਰੀ ਅਨੁਰਾਗ ਠਾਕੁਰ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸੂਬੇ 'ਚ ਸ੍ਰੀ ਕਰਤਾਰਪੁਰ ਸਾਹਿਬ ਕੋਰੀਡੋਰ ਦੇ ਰਾਹੀਂ ਪਾਕਿਸਤਾਨ ਵਲੋਂ ਗੜਬੜ ਕਰਨ 'ਤੇ ਸ਼ੱਕ ਜ਼ਾਹਰ ਕੀਤਾ। ਇਸ ਦੌਰਾਨ ਉਨ੍ਹਾਂ ਕਿਹਾ ਹੈ ਕਿ ਪਾਕਿਸਤਾਨ ਨੂੰ ਸ੍ਰੀ ਕਰਤਾਰਪੁਰ ਸਾਹਿਬ ਕੋਰੀਡੋਰ ਰਾਹੀਂ ਪੰਜਾਬ 'ਚ ਗੜਬੜ ਕਰਵਾਉਣ ਦੀ ਕਿਸੇ ਵੀ ਹਾਲਤ 'ਚ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਪਾਕਿਸਤਾਨ ਦੀਆਂ ਸ਼ਾਜ਼ਿਸ਼ਾਂ ਨੂੰ ਲੈ ਕੇ ਭਾਰਤ ਸਰਕਾਰ ਪੂਰੀ ਤਰ੍ਹਾਂ ਅਲਰਟ ਹੈ ਅਤੇ ਉਹ ਇਸ ਗੱਲ ਦਾ ਧਿਆਨ ਰੱਖਣਗੇ ਕਿ ਕਿਸੇ ਵੀ ਹਾਲਤ 'ਚ ਸ਼ਾਂਤੀ ਦੇ ਨਾਲ ਵੱਖਵਾਦੀ ਜਾਂ ਅੱਤਵਾਦੀ ਤੱਤ ਖਿਲਵਾੜ ਨਾ ਕਰ ਸਕਣ।
ਜਦੋਂ ਉਨ੍ਹਾਂ ਤੋਂ ਪੁੱਛਿਆ ਗਿਆ ਕਿ ਸਾਬਕਾ ਕਾਂਗਰਸ ਮੰਤਰੀ ਨਵਜੋਤ ਸਿੱਧੂ ਨੇ ਕਿਹਾ ਹੈ ਕਿ ਹੁਣ ਪਾਕਿਸਤਾਨ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਭਾਰਤ ਦੇ ਪ੍ਰਧਾਨ ਨਰਿੰਦਰ ਮੋਦੀ ਦੇ ਨਾਲ ਜੱਫੀ ਪਾਉਣੀ ਚਾਹੀਦੀ ਹੈ ਤਾਂ ਉਨ੍ਹਾਂ ਕਿਹਾ ਕਿ ਉਹ ਇਸ 'ਤੇ ਕੋਈ ਟਿੱਪਣੀ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਪਾਕਿਸਤਾਨ ਨੂੰ ਪਹਿਲਾਂ ਭਾਰਤ ਦੇ ਅੰਦਰੂਨੀ ਮਾਮਲਿਆਂ 'ਚ ਦਖਲ ਦੇਣਾ ਬੰਦ ਕਰਨਾ ਚਾਹੀਦਾ ਹੈ। ਉਸ ਦੇ ਬਾਅਦ ਹੀ ਪਾਕਿਸਤਾਨ ਨਾਲ ਕੋਈ ਗੱਲਬਾਤ ਹੋ ਸਕਦੀ ਹੈ।
ਉਨ੍ਹਾਂ ਕਿਹਾ ਕਿ ਸ੍ਰੀ ਕਰਤਾਰਪੁਰ ਸਾਹਿਬ ਕੋਰੀਡੋਰ ਨੂੰ ਖੋਲ੍ਹਣ ਦੇ ਲਈ ਉਹ ਦੋਵੇਂ ਦੇਸ਼ਾਂ ਦੇ ਪ੍ਰਧਾਨ ਮੰਤਰੀਆਂ ਨੂੰ ਵਧਾਈ ਦਿੰਦੇ ਹਨ, ਕਿਉਂਿਕ ਇਸ ਨਾਲ ਸਿੱਖ ਭਾਈਚਾਰੇ ਦੀ ਸਾਲਾਂ ਪੁਰਾਣੀ ਮੰਗ ਨੂੰ ਪੂਰਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸ੍ਰੀ ਕਰਤਾਰਪੁਰ ਸਾਹਿਬ ਕੋਰੀਡੋਰ ਦੇ ਨਿਰਮਾਣ ਨੂੰ ਲੈ ਕੇ ਪੰਜਾਬ ਸਰਕਾਰ ਨੇ ਆਪਣੇ ਵਲੋਂ ਕੇਂਦਰ ਨੂੰ ਪੂਰਾ ਸਹਿਯੋਗ ਦਿੱਤਾ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਸਬੰਧ 'ਚ ਕੇਂਦਰ ਦੇ ਨਾਲ ਲਗਾਤਾਰ ਤਾਲਮੇਲ ਬਣਾ ਕੇ ਇਸ ਮਹਾਨ ਕੰਮ ਨੂੰ ਪੂਰਾ ਕਰਨ 'ਚ ਸਹਿਯੋਗ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਨੇ ਅੱਤਵਾਦ ਦਾ ਲੰਬਾ ਸੰਤਾਪ ਝੱਲਿਆ ਹੈ। ਸੂਬੇ ਦੇ ਲੋਕ ਹੁਣ ਸੂਬੇ ਨੂੰ ਖੁਸ਼ਹਾਲੀ ਅਤੇ ਸ਼ਾਂਤੀ ਦੇ ਮਾਰਗ 'ਤੇ ਲਿਜਾਣਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਹੁਣ ਇਹ ਅਰਦਾਸ ਕੀਤੀ ਜਾਣੀ ਚਾਹੀਦੀ ਹੈ ਕਿ ਸ੍ਰੀ ਕਰਤਾਰਪੁਰ ਸਾਹਿਬ ਕੋਰੀਡੋਰ ਦੋਵੇਂ ਦੇਸ਼ਾਂ ਦੇ ਵਿਚਕਾਰ ਅਮਨ ਅਤੇ ਸ਼ਾਂਤੀ ਨੂੰ ਬੜ੍ਹਾਵਾ ਦੇਣ ਵਾਲਾ ਕੋਰੀਡੋਰ ਸਿੱਧ ਹੋ ਸਕੇ।