ਕੋਵਿਡ ਤੋਂ ਬਚਾਅ ਲਈ ਸਿਵਲ ਸਰਜਨ ਦੀ ਜ਼ਿਲ੍ਹਾ ਵਾਸੀਆਂ ਨੂੰ ਅਪੀਲ

Friday, Apr 21, 2023 - 03:18 PM (IST)

ਕੋਵਿਡ ਤੋਂ ਬਚਾਅ ਲਈ ਸਿਵਲ ਸਰਜਨ ਦੀ ਜ਼ਿਲ੍ਹਾ ਵਾਸੀਆਂ ਨੂੰ ਅਪੀਲ

ਮੋਹਾਲੀ (ਪਰਦੀਪ) : ਦੇਸ਼ ਦੇ ਕੁਝ ਹਿੱਸਿਆਂ ’ਚ ਕੋਵਿਡ ਪਾਜ਼ੇਟਿਵ ਕੇਸਾਂ ’ਚ ਹੋ ਰਹੇ ਵਾਧੇ ਨੂੰ ਵੇਖਦਿਆਂ ਸਿਵਲ ਸਰਜਨ ਡਾ. ਰੁਪਿੰਦਰ ਕੌਰ ਗਿੱਲ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਇਸ ਮਾਰੂ ਬੀਮਾਰੀ ਤੋਂ ਬਚਾਅ ਲਈ ਜ਼ਰੂਰੀ ਸਾਵਧਾਨੀਆਂ ਵਰਤੀਆਂ ਜਾਣ। ਉਨ੍ਹਾਂ ਕਿਹਾ ਕਿ ਭਾਵੇਂ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਵਲੋਂ ਇਸ ਮਾਰੂ ਬੀਮਾਰੀ ’ਤੇ ਕਾਫ਼ੀ ਹੱਦ ਤਕ ਕਾਬੂ ਪਾ ਲਿਆ ਗਿਆ ਹੈ ਪਰ ਇਸ ਦੇ ਮੁਕੰਮਲ ਖ਼ਾਤਮੇ ਲਈ ਲੋਕਾਂ ਨੂੰ ਵੀ ਆਪਣੀ ਜ਼ਿੰਮੇਵਾਰੀ ਸਮਝਦਿਆਂ ਭੀੜ-ਭੜੱਕੇ ਵਾਲੀਆਂ ਥਾਵਾਂ ’ਤੇ ਜਾਣ ਸਮੇਂ ਮਾਸਕ ਪਾਉਣਾ ਅਤੇ ਵਾਰ-ਵਾਰ ਹੱਥ ਧੋਣ ਜਿਹੇ ਬੁਨਿਆਦੀ ਪ੍ਰੋਟੋਕਾਲ ਦੀ ਪਾਲਣਾ ਕਰਨੀ ਚਾਹੀਦੀ ਹੈ। ਉਨ੍ਹਾਂ ਸਲਾਹ ਦਿੰਦਿਆਂ ਕਿਹਾ ਕਿ ਭੀੜ ਵਾਲੀਆਂ ਥਾਵਾਂ, ਜਨਤਕ ਬੱਸਾਂ, ਟੈਕਸੀਆਂ, ਸਿਨੇਮਾ ਹਾਲ, ਖ਼ਰੀਦਦਾਰੀ ਕੇਂਦਰਾਂ, ਦੁਕਾਨਾਂ ਤੇ ਹਸਪਤਾਲਾਂ ਆਦਿ ’ਚ ਜਾਣ ਸਮੇਂ ਮਾਸਕ ਪਾਇਆ ਜਾਵੇ। ਉਨ੍ਹਾਂ ਕਿਹਾ ਕਿ ਕੋਵਿਡ ਕੇਸਾਂ ਵਿਚ ਵਾਧੇ ਕਾਰਨ ਜ਼ਿਲ੍ਹੇ ਵਿਚ ਕੋਵਿਡ ਸੈਂਪਲਿੰਗ ਦਾ ਕੰਮ ਪਹਿਲਾਂ ਹੀ ਤੇਜ਼ ਕਰ ਦਿੱਤਾ ਗਿਆ ਹੈ। ਜ਼ਿਲ੍ਹੇ ਦੀਆਂ ਵੱਖ-ਵੱਖ ਸਰਕਾਰੀ ਸਿਹਤ ਸੰਸਥਾਵਾਂ ਵਿਚ ਕੋਵਿਡ ਮਰੀਜ਼ਾਂ ਦੇ ਸੈਂਪਲ ਲਏ ਜਾ ਰਹੇ ਹਨ।

ਇਹ ਵੀ ਪੜ੍ਹੋ : ਬੇਮੌਸਮੀ ਬਾਰਿਸ਼ ਕਾਰਨ ਗਰੀਬ ਜਨਤਾ ’ਤੇ ਪਵੇਗੀ ਮਹਿੰਗਾਈ ਦੀ ਮਾਰ

ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੇ ਲਗਾਤਾਰ ਖੰਘ, ਜ਼ੁਕਾਮ, ਬੁਖ਼ਾਰ ਆਦਿ ਵਰਗੀ ਤਕਲੀਫ਼ ਹੋਵੇ ਤਾਂ ਸਰਕਾਰੀ ਸਿਹਤ ਸੰਸਥਾ ਵਿਚ ਜਾ ਕੇ ਡਾਕਟਰ ਦੀ ਸਲਾਹ ਲਈ ਜਾਵੇ ਅਤੇ ਕੋਵਿਡ ਟੈਸਟ ਕਰਵਾਇਆ ਜਾਵੇ। ਸਿਹਤ ਵਿਭਾਗ ਦੀ ਹੈਲਪਲਾਈਨ 104 ’ਤੇ ਸੰਪਰਕ ਕਰ ਕੇ ਵੀ ਡਾਕਟਰ ਦੀ ਸਲਾਹ ਲਈ ਜਾ ਸਕਦੀ ਹੈ। ਸਿਵਲ ਸਰਜਨ ਨੇ ਦੱਸਿਆ ਕਿ ਇਸ ਬੀਮਾਰੀ ਤੋਂ ਬਚਾਅ ਵਾਸਤੇ ਕੋਵਿਡ ਟੀਕਾਕਰਨ ਬਹੁਤ ਜ਼ਰੂਰੀ ਹੈ। ਜੇ ਟੀਕਾਕਰਨ ਮਗਰੋਂ ਵੀ ਕਿਸੇ ਕਾਰਨ ਕੋਵਿਡ ਦੀ ਲਾਗ ਲੱਗ ਜਾਂਦੀ ਹੈ ਤਾਂ ਟੀਕਾਕਰਨ ਕਰਵਾ ਚੁੱਕੇ ਵਿਅਕਤੀ ਨੂੰ ਹਸਪਤਾਲ ’ਚ ਦਾਖ਼ਲ ਹੋਣ ਜਾਂ ਜ਼ਿਆਦਾ ਪ੍ਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪੈਂਦਾ।

ਇਹ ਵੀ ਪੜ੍ਹੋ : ਪਤੀ ਦੇ ਨਾਜਾਇਜ਼ ਸਬੰਧਾਂ ਤੋਂ ਤੰਗ ਆ ਕੇ ਵਿਆਹੁਤਾ ਨੇ ਨਿਗਲਿਆ ਜ਼ਹਿਰ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


author

Anuradha

Content Editor

Related News