ਭਾਈ ਲੌਂਗੋਵਾਲ ਦੀ ਪ੍ਰਧਾਨਗੀ 'ਚ ਕਮੇਟੀ ਦੀ ਇਕੱਤਰਤਾ, ਪਾਵਨ ਸਰੂਪਾਂ ਦੇ ਦੋਸ਼ੀ ਨੂੰ ਸਜ਼ਾਵਾਂ ਦੇਣ ਦੀ ਅਪੀਲ

Wednesday, Oct 14, 2020 - 03:44 PM (IST)

ਭਾਈ ਲੌਂਗੋਵਾਲ ਦੀ ਪ੍ਰਧਾਨਗੀ 'ਚ ਕਮੇਟੀ ਦੀ ਇਕੱਤਰਤਾ, ਪਾਵਨ ਸਰੂਪਾਂ ਦੇ ਦੋਸ਼ੀ ਨੂੰ ਸਜ਼ਾਵਾਂ ਦੇਣ ਦੀ ਅਪੀਲ

ਅੰਮ੍ਰਿਤਸਰ/ਚੰਡੀਗੜ੍ਹ (ਦੀਪਕ ਸ਼ਰਮਾ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੀ ਇਕੱਤਰਤਾ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਪ੍ਰਧਾਨਗੀ ਹੇਠ ਸਬ ਆਫਿਸ ਚੰਡੀਗੜ੍ਹ ਵਿਖੇ ਹੋਈ। ਇਕੱਤਰਤਾ ਦੌਰਾਨ ਸ਼੍ਰੋਮਣੀ ਕਮੇਟੀ ਪਬਲੀਕੇਸ਼ਨ ਮਹਿਕਮੇ ਦੇ ਕੁਝ ਕਰਮਚਾਰੀਆਂ-ਅਧਿਕਾਰੀਆਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਸੰਗਤ ਨੂੰ ਦੇ ਕੇ ਪ੍ਰਾਪਤ ਕੀਤੀ ਭੇਟਾ ਗਬਨ ਕਰਨ ਦਾ ਸਖ਼ਤ ਸ਼ਬਦਾਂ 'ਚ ਨਿਖ਼ੇਧੀ ਮਤਾ ਪਾਸ ਕੀਤਾ ਗਿਆ। ਕਿਹਾ ਗਿਆ ਹੈ ਕਿ ਮੰਦਭਾਗੀ ਘਟਨਾ ਨਾਲ ਸਿੱਖ ਜਗਤ ਅੰਦਰ ਭਾਰੀ ਰੋਸ ਹੈ, ਜਿਸ ਦੇ ਚੱਲਦਿਆਂ ਧਰਮ ਪ੍ਰਚਾਰ ਕਮੇਟੀ ਦੀ ਇਕੱਤਰਤਾ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਭਾਈ ਈਸ਼ਰ ਸਿੰਘ ਵੱਲੋਂ ਜਾਂਚ ਕਮਿਸ਼ਨ ਦੀ ਰਿਪੋਰਟ ਦੇ ਆਧਾਰ 'ਤੇ ਦੋਸ਼ੀ ਕਰਮਚਾਰੀਆਂ-ਅਧਿਕਾਰੀਆਂ ਨੂੰ ਪੰਥਕ ਰਵਾਇਤਾਂ ਅਨੁਸਾਰ ਮਿਸਾਲੀ ਸਜ਼ਾਵਾਂ ਦੇਣ ਦੀ ਪੁਰਜ਼ੋਰ ਅਪੀਲ ਕਰਦੀ ਹੈ ਤਾਂ ਜੋ ਸੰਗਤ ਅੰਦਰ ਪਾਇਆ ਜਾ ਰਿਹਾ ਰੋਸ ਸ਼ਾਂਤ ਹੋ ਸਕੇ।

ਇਹ ਵੀ ਪੜ੍ਹੋ : 'ਪੰਜਾਬ ਵਜ਼ਾਰਤ' ਦੀ ਖ਼ਾਸ ਬੈਠਕ ਅੱਜ, ਕੈਪਟਨ ਦਾ ਫ਼ੈਸਲਾ ਬਦਲੇਗਾ ਕਿਸਾਨੀ ਸੰਘਰਸ਼ ਦਾ ਰਾਹ

PunjabKesari

ਧਰਮ ਪ੍ਰਚਾਰ ਕਮੇਟੀ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਹੈਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੂੰ ਅਪੀਲ ਕਰਦਿਆਂ ਕਿਹਾ ਕਿ ਰੂਹਾਨੀਅਤ ਦਾ ਕੇਂਦਰ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੁਨੀਆ ਭਰ 'ਚ ਆਸਥਾ ਦਾ ਵੱਡਾ ਕੇਂਦਰ ਹੈ, ਜਿਥੇ ਹਮੇਸ਼ਾ ਚੜ•ਦੀਕਲਾ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਹੁੰਦੀ ਹੈ ਇਸ ਕਰਕੇ ਸ੍ਰੀ ਦਰਬਾਰ ਸਾਹਿਬ ਕੰਪਲੈਕਸ ਧਰਨੇ ਜਾਂ ਮੁਜ਼ਾਹਰੇ ਵਾਲੀ ਜਗ੍ਹਾ ਨਹੀਂ ਹੈ। ਸਿੱਖ ਸੰਗਤ ਦੀਆਂ ਭਾਵਨਾਵਾਂ ਨੂੰ ਮੁੱਖ ਰੱਖਦਿਆਂ ਇਸ ਲਈ ਅਪੀਲ ਕੀਤੀ ਜਾਂਦੀ ਹੈ ਕਿ ਧਰਨੇ ਜਾਂ ਮੁਜ਼ਾਹਰੇ ਨਾ ਕੀਤੇ ਜਾਣ ਸਬੰਧੀ ਵੀ ਆਦੇਸ਼ ਜਾਰੀ ਕੀਤੇ ਜਾਣ। ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਤਿੰਨ ਵੱਡੀਆਂ ਸ਼ਤਾਬਦੀਆਂ ਮਨਾਉਣ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਨਨਕਾਣਾ ਸਾਹਿਬ ਦਾ 100 ਸਾਲਾ ਸ਼ਹੀਦੀ ਸਾਕਾ ਸ਼ਤਾਬਦੀ 21 ਫਰਵਰੀ 2021 ਨੂੰ ਵਿਸ਼ਾਲ ਪੱਧਰ 'ਤੇ ਮਨਾਇਆ ਜਾਵੇਗਾ। ਉਨ੍ਹਾਂ ਕਿਹਾ ਕਿ 100 ਸਾਲਾ ਸ਼ਹੀਦੀ ਸਾਕੇ ਸਬੰਧੀ ਸਿੱਖ ਬੁੱਧੀਜੀਵੀਆਂ, ਵਿਦਵਾਨਾਂ ਦੇ ਸਹਿਯੋਗ ਨਾਲ ਇਤਿਹਾਸਕ ਦਸਤਾਵੇਜ਼ ਵੀ ਤਿਆਰ ਕੀਤੇ ਜਾਣ ਸਬੰਧੀ ਰੂਪ ਰੇਖਾ ਤਿਆਰ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸ਼ਤਾਬਦੀਆਂ ਨੂੰ ਸਮਰਪਿਤ ਭਗਤ ਨਾਮਦੇਵ ਜੀ ਦਾ 750 ਸਾਲਾ ਜਨਮ ਦਿਹਾੜਾ 25 ਨਵੰਬਰ ਨੂੰ ਮਨਾਇਆ ਜਾ ਰਿਹਾ ਹੈ ਅਤੇ ਬਾਬਾ ਬੰਦਾ ਸਿੰਘ ਬਹਾਦਰ ਜੀ ਦਾ 350 ਸਾਲਾ ਸ਼ਤਾਬਦੀ ਜਨਮ ਦਿਹਾੜਾ 18 ਅਕਤੂਬਰ ਨੂੰ ਦੁਨੀਆ ਦੀ ਮਹਾਨ ਧਰਤੀ ਫਤਹਿਗੜ੍ਹ ਸਾਹਿਬ ਵਿਖੇ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਵਿਖੇ ਵਿਸ਼ਾਲ ਪੱਧਰ 'ਤੇ ਮਨਾਇਆ ਜਾਵੇਗਾ। 

ਇਹ ਵੀ ਪੜ੍ਹੋ : ਕਿਸਾਨਾਂ ਦੇ ਧਰਨਿਆਂ ਤੋਂ ਧਿਆਨ ਹਟਾਉਣ ਲਈ ਕੇਂਦਰ ਵੱਲੋਂ ਕਿਸੇ ਵੇਲੇ ਵੀ ਹੋ ਸਕਦੈ ਗੁਰਦੁਆਰਾ ਚੋਣਾਂ ਦਾ ਐਲਾਨ

ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਗੋਵਾਲ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਮੀਰੀ-ਪੀਰੀ ਦੇ ਮਾਲਕ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਬੰਦੀ ਛੋੜ ਦਿਵਸ ਦੀ ਚੌਥੀ ਸ਼ਤਾਬਦੀ ਵੀ ਅਗਲੇ ਸਾਲ ਮਨਾਉਣ ਸਬੰਧੀ ਪ੍ਰੋਗਰਾਮ ਉਲੀਕੇ ਜਾ ਰਹੇ ਹਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਅਜੈਬ ਸਿੰਘ ਅਭਿਆਸੀ, ਅਵਤਾਰ ਸਿੰਘ ਵਣਵਾਲਾ, ਤੇਜਿੰਦਰਪਾਲ ਸਿੰਘ, ਪ੍ਰਿਤਪਾਲ ਸਿੰਘ ਲੁਧਿਆਣਾ ਤੋਂ ਇਲਾਵਾ ਨਿੱਜੀ ਸਕੱਤਰ ਮਹਿੰਦਰ ਸਿੰਘ ਆਹਲੀ, ਐਡੀਸ਼ਨਲ ਸਕੱਤਰ ਸੁਖਮਿੰਦਰ ਸਿੰਘ, ਮੀਤ ਸਕੱਤਰ ਸਿਮਰਜੀਤ ਸਿੰਘ, ਮੀਤ ਸਕੱਤਰ ਲਖਵੀਰ ਸਿੰਘ, ਨਿੱਜੀ ਸਹਾਇਕ ਦਰਸ਼ਨ ਸਿੰਘ ਆਦਿ ਵੀ ਹਾਜ਼ਰ ਸਨ।

ਇਹ ਵੀ ਪੜ੍ਹੋ : ਚੰਡੀਗੜ੍ਹ ਡਿਸਕੋ ਗੋਲੀਕਾਂਡ : ਸਾਹਮਣੇ ਆਈ ਇਹ ਵੱਡੀ ਗੱਲ


author

Anuradha

Content Editor

Related News