ਕਿਸਾਨ ਅੰਦੋਲਨ ਦੌਰਾਨ ਜਾਨਾਂ ਗਵਾਉਣ ਵਾਲੇ ਮੋਗਾ ਦੇ 20 ਕਿਸਾਨਾਂ ਦੇ ਵਾਰਸਾਂ ਨੂੰ ਵੰਡੇ ਨਿਯੁਕਤੀ ਪੱਤਰ

Wednesday, Aug 07, 2024 - 10:34 PM (IST)

ਮੋਗਾ (ਕਸ਼ਿਸ਼ ਸਿੰਗਲਾ) - ਕੇਂਦਰ ਸਰਕਾਰ ਵੱਲੋਂ ਲਿਆਂਦੇ ਕਾਲੇ ਖੇਤੀ ਕਾਨੂੰਨਾਂ ਨੂੰ ਲੈ ਕੇ ਦੇਸ਼ ਭਰ ਵਿੱਚ ਚੱਲੇ ਕਿਸਾਨ ਅੰਦੋਲਨ ਦੌਰਾਨ ਮੋਗਾ ਜ਼ਿਲ੍ਹੇ ਦੇ ਜਾਨਾਂ ਗਵਾਉਣ ਵਾਲੇ 32 ਕਿਸਾਨਾਂ ਦੇ ਵਾਰਸਾਂ ਨੂੰ ਨਿਯੁਕਤੀ ਪੱਤਰ ਵੰਡਣ ਲਈ ਜ਼ਿਲ੍ਹਾ ਪੱਧਰੀ ਸਮਾਗਮ ਮੋਗਾ ਵਿਖੇ ਕੀਤਾ ਗਿਆ, ਜਿਸ ਵਿੱਚ 20 ਨਿਯੁਕਤੀ ਪੱਤਰ ਵੰਡੇ ਗਏ। ਜਦਕਿ 12 ਰਹਿੰਦੇ ਵਾਰਸਾਂ ਨੂੰ ਵੀ ਜਲਦੀ ਹੀ ਨਿਯੁਕਤੀ ਪੱਤਰ ਵੰਡੇ ਜਾਣਗੇ। 

ਸਮਾਗਮ ਨੂੰ ਸੰਬੋਧਨ ਕਰਦਿਆਂ ਹਲਕਾ ਮੋਗਾ ਦੀ ਵਿਧਾਇਕਾ ਡਾਕਟਰ ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੀ ਯੋਗ ਅਗਵਾਈ ਵਿੱਚ ਮ੍ਰਿਤਕ ਕਿਸਾਨਾਂ ਦੇ ਪਰਿਵਾਰ ਵਾਲਿਆਂ ਨੂੰ ਖੇਤੀਬਾੜੀ ਅਤੇ ਭਲਾਈ ਵਿਭਾਗ ਵੱਲੋਂ ਉਨ੍ਹਾਂ ਦੀ ਯੋਗਤਾ ਅਨੁਸਾਰ ਦਰਜਾ-ਡੀ ਕਰਮਚਾਰੀ ਦੀ ਨੌਕਰੀ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜਿਹੜੇ ਯੋਗ ਪਰਿਵਾਰ ਨਿਯੁਕਤੀ ਪੱਤਰ ਪ੍ਰਾਪਤ ਕਰਨ ਤੋਂ ਰਹਿ ਗਏ ਉਨ੍ਹਾਂ ਨੂੰ ਵੀ ਜਲਦੀ ਹੀ ਨਿਯੁਕਤੀ ਪੱਤਰ ਵੰਡੇ ਜਾਣਗੇ। 

ਸਮਾਗਮ ਨੂੰ ਸੰਬੋਧਨ ਕਰਦਿਆਂ ਹਲਕਾ ਧਰਮਕੋਟ ਦੇ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਨੇ ਕਿਹਾ ਕਿ ਜਾਨਾਂ ਗਵਾਉਣ ਵਾਲੇ ਕਿਸਾਨਾਂ ਦੀ ਦੇਣ ਦਾ ਮੁੱਲ ਮੋੜਿਆ ਨਹੀਂ ਜਾ ਸਕਦਾ ਪਰ ਉਨ੍ਹਾਂ ਦੇ ਪਿੱਛੇ ਰਹਿੰਦੇ ਪਰਿਵਾਰਾਂ ਨੂੰ ਸੰਭਾਲਣ ਦੀ ਜਿੰਮੇਵਾਰੀ ਪੰਜਾਬ ਸਰਕਾਰ ਨੇ ਨਿਭਾਈ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮੋਗਾ ਜਿਲ੍ਹੇ ਦੇ ਉਨ੍ਹਾਂ 32 ਕਿਸਾਨਾਂ ਦੇ ਵਾਰਸਾਂ ਨੂੰ ਤਰਸ ਦੇ ਅਧਾਰ 'ਤੇ ਗਰੁੱਪ ’ਡੀ’ ਵਿਚ ਨੌਕਰੀ ਦੇਣ ਲਈ ਹੁਕਮ ਜਾਰੀ ਕੀਤੇ ਹਨ ਜਿੰਨ੍ਹਾਂ ਦੀ ਕੇਂਦਰ ਸਰਕਾਰ ਵੱਲੋਂ ਲਿਆਂਦੇ ਕਾਲੇ ਖੇਤੀ ਕਾਨੂੰਨਾਂ ਨੂੰ ਲੈ ਕੇ ਦੇਸ਼ ਭਰ ਚੱਲੇ ਕਿਸਾਨ ਅੰਦੋਲਨ ਦੌਰਾਨ ਆਪਣੀਆਂ ਜਾਨਾਂ ਗਵਾ ਚੁੱਕੇ ਹਨ। 

ਦੱਸਣਯੋਗ ਹੈ ਕਿ ਸਰਕਾਰ ਵੱਲੋਂ ਜਾਰੀ ਪੱਤਰ ਮੁਤਾਬਕ ਬਲਾਕ ਕੋਟ ਈਸੇ ਖਾਂ ਅਧੀਨ ਵੱਖ-ਵੱਖ 14, ਬਲਾਕ ਬਾਘਾਪੁਰਾਣਾ ਦੇ 12, ਬਲਾਕ ਨਿਹਾਲ ਸਿੰਘ ਵਾਲਾ ਅਤੇ ਮੋਗਾ ਦੇ 6 ਸ਼ਹੀਦ ਕਿਸਾਨਾਂ ਦੇ ਵਾਰਸਾਂ ਨੂੰ ਤਰਸ ਦੇ ਅਧਾਰ 'ਤੇ ਨੌਕਰੀ ਦੀ ਸਰਕਾਰ ਵੱਲੋਂ ਮੰਨਜ਼ੂਰੀ ਦਿੱਤੀ ਗਈ ਹੈ। ਇਸ ਤੋਂ ਇਲਾਵਾ ਸਮਾਗਮ ਦੌਰਾਨ ਖੇਤੀਬਾੜੀ ਵਿਭਾਗ ਰਾਹੀਂ ਇਕ ਹਫਤੇ ਦੀ ਸਵੈ ਰੁਜ਼ਗਾਰ ਕਿੱਤਾਮੁਖੀ ਸਿਖਲਾਈ ਪ੍ਰਾਪਤ ਕਰਨ ਵਾਲੀਆਂ 30 ਲੜਕੀਆਂ ਨੂੰ ਵੀ ਸਰਟੀਫਿਕੇਟ ਵੰਡੇ ਗਏ। ਸਮਾਗਮ ਦੌਰਾਨ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ, ਨਗਰ ਨਿਗਮ ਮੋਗਾ ਦੇ ਮੇਅਰ ਬਲਜੀਤ ਸਿੰਘ ਚੰਨੀ, ਮਾਰਕੀਟ ਕਮੇਟੀ ਮੋਗਾ ਦੇ ਚੇਅਰਮੈਨ ਹਰਜਿੰਦਰ ਸਿੰਘ ਰੋਡੇ, ਮੁੱਖ ਖੇਤੀਬਾੜੀ ਅਫ਼ਸਰ ਜਸਵਿੰਦਰ ਸਿੰਘ ਬਰਾੜ ਅਤੇ ਹੋਰ ਅਧਿਕਾਰੀ ਅਤੇ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ।


Inder Prajapati

Content Editor

Related News