ਸਿਹਤ ਵਿਭਾਗ ''ਚ 21 ਸਪੈਸ਼ਲਿਸਟ ਡਾਕਟਰਾਂ ਦੀ ਨਿਯੁਕਤੀ

09/09/2021 8:59:05 PM

ਚੰਡੀਗੜ੍ਹ- ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਅੱਜ ਇੱਥੇ 21 ਮੈਡੀਕਲ ਅਫਸਰਾਂ (ਸਪੈਸ਼ਲਿਸਟ) ਨੂੰ ਨਿਯੁਕਤੀ ਪੱਤਰ ਸੌਂਪੇ। ਇਨ੍ਹਾਂ ਵਿੱਚ ਇੱਕ ਮੈਡੀਸਨ ਸਪੈਸ਼ਲਿਸਟ, 9 ਐਨਸਥੀਸੀਆ ਸਪੈਸ਼ਲਿਸਟ, 4 ਪੀਡੀਆਟ੍ਰਿਕਸ, ਤਿੰਨ ਇਸਤਰੀ ਰੋਗਾਂ ਦੇ ਮਾਹਰ, ਇੱਕ ਛਾਤੀ ਤੇ ਟੀਬੀ ਮਾਹਰ, ਇੱਕ ਕਮਿਊਨਿਟੀ ਮੈਡੀਸਨ ਮਾਹਰ ਅਤੇ 2 ਫੌਰੈਂਸਿਕ ਮੈਡੀਸਨ ਸਪੈਸ਼ਲਿਸਟ ਸ਼ਾਮਲ ਹਨ।


ਇਸ ਭਰਤੀ ਮੁਹਿੰਮ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਸਿਹਤ ਮੰਤਰੀ ਨੇ ਦੱਸਿਆ ਕਿ ਕੋਵਿਡ ਦੇ ਫੈਲਾਅ ਨੂੰ ਰੋਕਣ ਅਤੇ ਪੰਜਾਬ ਦੇ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਸਿਹਤ ਵਿਭਾਗ ਨੇ ਚੱਲ ਰਹੀ ਭਰਤੀ ਮੁਹਿੰਮ ਵਿੱਚ ਤੇਜ਼ੀ ਲਿਆਂਦੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ `ਘਰ ਘਰ ਰੋਜ਼ਗਾਰ ਯੋਜਨਾ` ਅਧੀਨ ਪੰਜਾਬ ਦੇ ਨੌਜਵਾਨਾਂ ਨੂੰ ਨੌਕਰੀਆਂ ਮੁਹੱਈਆ ਕਰਵਾਉਣ ਲਈ ਇੱਕ ਵਿਸ਼ੇਸ਼ ਪਹਿਲਕਦਮੀ ਦੀ ਕਲਪਨਾ ਕੀਤੀ ਸੀ। ਬੇਰੁਜ਼ਗਾਰ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨ ਦੇ ਉਦੇਸ਼ ਦੀ ਪ੍ਰਾਪਤੀ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਸਿਹਤ ਵਿਭਾਗ ਪੰਜਾਬ ਨੇ ਸਾਲ 2017 ਤੋਂ 2021 ਤੱਕ ਮੈਡੀਕਲ ਅਫਸਰਾਂ ਸਮੇਤ ਪੈਰਾ ਮੈਡੀਕਲ ਅਤੇ ਹੋਰ ਸਟਾਫ ਦੀਆਂ 13000 ਤੋਂ ਵੱਧ ਅਸਾਮੀਆਂ ਲਈ ਭਰਤੀ ਪੂਰੀ ਕਰ ਲਈ ਹੈ ਜਦੋਂ ਕਿ ਹੋਰ ਖਾਲੀ ਅਸਾਮੀਆਂ ਨੂੰ ਭਰਨ ਦੀ ਪ੍ਰਕਿਰਿਆ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਸਾਰੀਆਂ ਨਿਯੁਕਤੀਆਂ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਯੋਗਤਾ ਦੇ ਆਧਾਰ `ਤੇ ਪਾਰਦਰਸ਼ੀ ਢੰਗ ਨਾਲ ਕੀਤੀਆਂ ਜਾ ਰਹੀਆਂ ਹਨ।


ਇਹ ਖ਼ਬਰ ਪੜ੍ਹੋ- ਦੱਖਣੀ ਅਫਰੀਕਾ ਨੇ ਟੀ20 ਵਿਸ਼ਵ ਕੱਪ ਟੀਮ ਦਾ ਕੀਤਾ ਐਲਾਨ, ਇਹ ਖਿਡਾਰੀ ਹੋਏ ਬਾਹਰ


ਸ. ਸਿੱਧੂ ਨੇ ਸਿਹਤ ਵਿਭਾਗ ਵਿੱਚ ਨਵੇਂ ਨਿਯੁਕਤ ਹੋਏ ਡਾਕਟਰਾਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਨੂੰ ਸੂਬੇ ਦੀਆਂ ਵੱਖ -ਵੱਖ ਸਿਹਤ ਸੰਸਥਾਵਾਂ ਵਿੱਚ ਆਪਣੀ ਜ਼ਿੰਮੇਵਾਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਕੋਰੋਨਾ ਵਾਇਰਸ ਮਹਾਂਮਾਰੀ ਦੇ ਦੌਰਾਨ, ਸਿਹਤ ਵਿਭਾਗ ਦਾ ਸਟਾਫ ਜ਼ਿੰਮੇਵਾਰੀ ਨਾਲ ਆਪਣੀ ਡਿਊਟੀ ਨਿਭਾ ਰਿਹਾ ਹੈ ਅਤੇ ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੇ ਕਰਮਚਾਰੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ ਹੈ।
ਡਾਇਰੈਕਟਰ ਸਿਹਤ ਸੇਵਾਵਾਂ ਪੰਜਾਬ ਡਾ. ਜੀ.ਬੀ. ਸਿੰਘ ਨੇ ਸਿਹਤ ਵਿਭਾਗ ਵਿੱਚ ਨੌਕਰੀ ਪ੍ਰਾਪਤ ਕਰਨ ਵਾਲੇ ਨਵ-ਨਿਯੁਕਤ ਸਟਾਫ ਨੂੰ ਜੀ ਆਇਆਂ ਆਖਿਆ। ਉਨ੍ਹਾਂ ਨੇ ਨਵ ਨਿਯੁਕਤ ਡਾਕਟਰਾਂ ਨੂੰ ਕੁਸ਼ਲਤਾ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਇਨ੍ਹਾਂ ਨਵ ਨਿਯੁਕਤ ਕਰਮਚਾਰੀਆਂ ਨੂੰ ਪੰਜਾਬ ਦੀਆਂ ਜਨਤਕ ਸਿਹਤ ਸੰਸਥਾਵਾਂ ਵਿੱਚ ਆਪਣੀ ਡਿਊਟੀ ਵਧੇਰੇ ਕੁਸ਼ਲਤਾ ਨਾਲ ਨਿਭਾਉਂਦਿਆਂ ਇਸ ਮਹਾਂਮਾਰੀ ਨੂੰ ਖਤਮ ਕਰਨ ਵਿੱਚ ਆਪਣਾ ਯੋਗਦਾਨ ਦੇ ਕੇ ਰਾਸ਼ਟਰ ਦੀ ਸੇਵਾ ਕਰਨ ਦਾ ਮੌਕਾ ਮਿਲਿਆ ਹੈ। 


ਨੋਟ- ਇਸ ਖ਼ਬਰ ਸਬੰਧੀ ਕਮੈਂਟ ਕਰਕੇ ਦਿਓ ਆਪਣੀ ਰਾਏ।

Gurdeep Singh

This news is Content Editor Gurdeep Singh