ਜਾਖੜ, ਰਾਣਾ ਗੁਰਜੀਤ ਸਮੇਤ ਕਈ ਮੰਤਰੀਆਂ ਨੇ ਕੈਪਟਨ ਦੇ ਫੈਸਲੇ ਦੀ ਕੀਤੀ ਸ਼ਲਾਘਾ

11/19/2017 11:24:15 AM


ਜਲੰਧਰ (ਧਵਨ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪੰਜਾਬ ਦੀ ਸਿਆਸਤ 'ਚ ਲੰਬੀ ਪਾਰੀ ਖੇਡਣ ਦੇ ਦਿੱਤੇ ਸੰਕੇਤ ਤੋਂ ਬਾਅਦ ਉਨ੍ਹਾਂ ਦੇ ਫੈਸਲੇ ਦੇ ਸਮਰਥਨ 'ਚ ਕੈਬਨਿਟ ਦੇ ਮੰਤਰੀ ਅੱਗੇ ਆ ਗਏ ਹਨ। ਪੰਜਾਬ ਕਾਂਗਰਸ ਕਮੇਟੀ ਪ੍ਰਧਾਨ ਸੁਨੀਲ ਜਾਖੜ, ਸਿੰਚਾਈ ਅਤੇ ਬਿਜਲੀ ਮੰਤਰੀ ਰਾਣਾ ਗੁਰਜੀਤ ਸਿੰਘ, ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ, ਸਿਹਤ ਮੰਤਰੀ ਬ੍ਰਹਮ ਮਹਿੰਦਰਾ ਅਤੇ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਕੈਪਟਨ ਦੇ ਫੈਸਲੇ ਦੀ ਸ਼ਲਾਘਾ ਕੀਤੀ ਹੈ।
ਜਾਖੜ ਨੇ ਕਿਹਾ ਕਿ ਪੰਜਾਬ ਇਸ ਸਮੇਂ ਬਹੁਤ ਉਲਟ ਸਥਿਤੀਆਂ 'ਚੋਂ ਲੰਘ ਰਿਹਾ ਹੈ ਜਿਸ ਲਈ ਸਾਬਕਾ ਅਕਾਲੀ-ਭਾਜਪਾ ਸਰਕਾਰ ਦਾ 10 ਸਾਲਾਂ ਦਾ ਸ਼ਾਸਨ ਜ਼ਿੰਮੇਵਾਰ ਹੈ। ਇਨ੍ਹਾਂ ਸਥਿਤੀਆਂ ਨੂੰ ਸਿਰਫ 5 ਸਾਲਾਂ 'ਚ ਸੁਧਾਰਿਆ ਨਹੀਂ ਜਾ ਸਕਦਾ। ਉਨ੍ਹਾਂ ਨੇ ਕਿਹਾ ਕਿ ਕੈਪਟਨ ਨੇ ਜੋ ਫੈਸਲਾ ਲਿਆ ਹੈ ਉਹ ਸੋਚ-ਸਮਝ ਕੇ ਹੀ ਕੀਤਾ ਹੈ। ਅਸੀਂ ਸਾਰੇ ਉਨ੍ਹਾਂ ਦੇ ਫੈਸਲੇ ਨਾਲ ਹਾਂ।  ਪੰਜਾਬ ਦੇ ਬਿਜਲੀ ਅਤੇ ਸਿੰਚਾਈ ਮੰਤਰੀ ਰਾਣਾ ਗੁਰਜੀਤ ਸਿੰਘ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਜੇਕਰ ਇਕ ਹੋਰ ਪਾਰੀ ਖੇਡਦੇ ਹਨ ਤਾਂ ਇਸ 'ਚ ਕੋਈ ਬੁਰਾਈ ਨਹੀਂ ਹੈ ਕਿਉਂਕਿ ਪੰਜਾਬ ਇਸ ਸਮੇਂ ਬੁਰੇ ਦੌਰ 'ਚੋਂ ਲੰਘ ਰਿਹਾ ਹੈ। ਸੂਬੇ ਦੀ ਆਰਥਿਕ ਹਾਲਤ ਨੂੰ ਪਿਛਲੀ ਅਕਾਲੀ ਸਰਕਾਰ ਤਹਿਸ-ਨਹਿਸ ਕਰ ਗਈ ਸੀ। ਉਨ੍ਹਾਂ ਨੇ ਕਿਹਾ ਕਿ ਆਰਥਿਕ ਸਥਿਤੀ ਨੂੰ ਸੁਧਾਰਨ ਦੀ ਜ਼ਿੰਮੇਵਾਰੀ ਹੁਣ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਮੋਢਿਆਂ 'ਤੇ ਚੁੱਕ ਲਈ ਹੈ।  
ਇਸੇ ਤਰ੍ਹਾਂ ਸਿਹਤ ਮੰਤਰੀ ਬ੍ਰਹਮ ਮਹਿੰਦਰਾ ਅਤੇ ਵਿੱਤ ਮੰਤਰੀ ਮਨਪ੍ਰੀਤ  ਬਾਦਲ ਨੇ ਵੀ ਕਿਹਾ ਹੈ ਕਿ ਜੇਕਰ ਬਾਦਲ ਪੰਜਾਬ ਦੀ ਸਿਆਸਤ 'ਚ 89 ਸਾਲ ਦੀ ਉਮਰ  'ਚ ਬਣੇ ਰਹਿ ਸਕਦੇ ਹਨ ਤਾਂ ਫਿਰ ਕੈਪਟਨ ਅਮਰਿੰਦਰ ਸਿੰਘ ਦੁਬਾਰਾ ਪੰਜਾਬ ਦੀ  ਨੁਮਾਇੰਦਗੀ ਕਿਉਂ ਨਹੀਂ ਕਰ ਸਕਦੇ। ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਵੀ ਕੈਪਟਨ ਦੇ ਬਿਆਨ ਦਾ ਸਮਰਥਨ ਕਰਦੇ ਹੋਏ ਕਿਹਾ ਹੈ ਕਿ ਇਹ ਪੰਜਾਬ ਦੀ ਖੁਸ਼ਕਿਸਮਤੀ ਹੋਵੇਗੀ ਕਿ ਕੈਪਟਨ ਸੂਬੇ ਦੀ ਸਿਆਸਤ 'ਚ ਲੰਬੀ ਪਾਰੀ ਖੇਡਦੇ ਹਨ।