CM ਮਾਨ ਦੇ ਗਲਫ਼ ਨਿਊਜ਼ 'ਚ ਚਰਚੇ, ਕੌਮਾਂਤਰੀ ਪੱਧਰ 'ਤੇ ਹੋ ਰਹੀ ਦਫ਼ਤਰਾਂ ਦਾ ਸਮਾਂ ਬਦਲਣ ਦੇ ਫ਼ੈਸਲੇ ਦੀ ਸ਼ਲਾਘਾ

Friday, May 12, 2023 - 09:46 PM (IST)

CM ਮਾਨ ਦੇ ਗਲਫ਼ ਨਿਊਜ਼ 'ਚ ਚਰਚੇ, ਕੌਮਾਂਤਰੀ ਪੱਧਰ 'ਤੇ ਹੋ ਰਹੀ ਦਫ਼ਤਰਾਂ ਦਾ ਸਮਾਂ ਬਦਲਣ ਦੇ ਫ਼ੈਸਲੇ ਦੀ ਸ਼ਲਾਘਾ

ਚੰਡੀਗੜ੍ਹ (ਬਿਊਰੋ) : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ 'ਚ ਸਰਕਾਰੀ ਦਫ਼ਤਰਾਂ ਦਾ ਸਮਾਂ ਬਦਲਣ ਦੇ ਫ਼ੈਸਲੇ ਦੀ ਅੰਤਰਰਾਸ਼ਟਰੀ ਪੱਧਰ 'ਤੇ ਸ਼ਲਾਘਾ ਹੋ ਰਹੀ ਹੈ। ਦੱਸਣਯੋਗ ਹੈ ਕਿ ਯੂ.ਏ.ਈ. ਸਥਿਤ ਅਖ਼ਬਾਰ 'ਗਲਫ਼ ਨਿਊਜ਼' ਨੇ ਇਸ ਕਦਮ ਦੀ ਸ਼ਲਾਘਾ ਕਰਦਿਆਂ ਭਾਰਤ ਸਰਕਾਰ ਨੂੰ ਦੇਸ਼ ਭਰ ਵਿੱਚ ਇਸ ਫ਼ੈਸਲੇ ਨੂੰ ਲਾਗੂ ਕਰਨ ਦੀ ਵਕਾਲਤ ਕੀਤੀ ਹੈ।

ਇਸ ਬਾਰੇ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ 'ਗਲਫ਼ ਨਿਊਜ਼' ਵੱਲੋਂ ਇਸ ਲੋਕ ਪੱਖੀ ਪਹਿਲਕਦਮੀ ਦੀ ਭਰਵੀਂ ਸ਼ਲਾਘਾ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਕਦਮ ਦੀ ਅੰਤਰਰਾਸ਼ਟਰੀ ਮੀਡੀਆ ਵੱਲੋਂ ਕੀਤੀ ਗਈ ਸ਼ਲਾਘਾ ਨੇ ਉਨ੍ਹਾਂ ਨੂੰ ਲੋਕਾਂ ਦੀ ਸੇਵਾ ਹੋਰ ਨਿਮਰਤਾ ਅਤੇ ਜ਼ਿੰਮੇਵਾਰੀ ਨਾਲ ਕਰਨ ਦੀ ਭਾਵਨਾ ਨਾਲ ਭਰ ਦਿੱਤਾ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਨੇ ਪੰਜਾਬ ਸਰਕਾਰ ਦੇ ਸੂਬੇ ਦੀ ਭਲਾਈ ਅਤੇ ਲੋਕਾਂ ਦੀ ਖੁਸ਼ਹਾਲੀ ਲਈ ਕੋਈ ਵੀ ਫ਼ੈਸਲਾ ਲੈਣ ਦੇ ਸਟੈਂਡ ਦੀ ਵੀ ਗਵਾਹੀ ਭਰੀ ਹੈ।

ਇਹ ਵੀ ਪੜ੍ਹੋ : ਸ਼ਹੀਦ ਫ਼ੌਜੀ ਜਸਵੀਰ ਸਿੰਘ ਵਜੀਦਕੇ ਕਲਾਂ ਦਾ ਸਰਕਾਰੀ ਸਨਮਾਨਾਂ ਨਾਲ ਹੋਇਆ ਅੰਤਿਮ ਸੰਸਕਾਰ

ਮੁੱਖ ਮੰਤਰੀ ਨੇ ਕਿਹਾ ਕਿ ਉਹ ਦਿਨ ਦੂਰ ਨਹੀਂ ਜਦੋਂ ਪੰਜਾਬ ਦੇਸ਼ ਦੀ ਅਗਵਾਈ ਕਰੇਗਾ ਅਤੇ ਲੋਕ-ਭਲਾਈ ਦਾ ਰਾਹ ਦਿਖਾਏਗਾ। ਉਨ੍ਹਾਂ ਕਿਹਾ ਕਿ ਅੱਜ ਸਮੇਂ ਦੀ ਲੋੜ ਹੈ ਕਿ ਅਸੀਂ ਸਾਰੇ ਮਿਲ ਕੇ ਦੇਸ਼ ਦੀ ਸਮਾਜਿਕ-ਆਰਥਿਕ ਤਰੱਕੀ ਲਈ ਆਪਣਾ ਯੋਗਦਾਨ ਪਾਈਏ। ਅੰਤਰਰਾਸ਼ਟਰੀ ਮੀਡੀਆ ਦੀਆਂ ਰਿਪੋਰਟਾਂ ਇਸ ਗੱਲ ਦਾ ਪ੍ਰਮਾਣ ਹਨ ਕਿ ਪੰਜਾਬ ਅੱਜ ਵਡੇਰੇ ਲੋਕ ਹਿੱਤਾਂ ਨਾਲ ਸਬੰਧਤ ਮਾਮਲਿਆਂ ਵਿੱਚ ਦੇਸ਼ 'ਚੋਂ ਮੋਹਰੀ ਹੈ।

PunjabKesari

ਗੌਰਤਲਬ ਹੈ ਕਿ 'ਗਲਫ਼ ਨਿਊਜ਼' ਨੇ ਆਪਣੀ ਤਾਜ਼ਾ ਸਟੋਰੀ ਵਿੱਚ ਮੁੱਖ ਮੰਤਰੀ ਦੀ ਇਸ ਨੇਕ ਪਹਿਲਕਦਮੀ ਦੀ ਸ਼ਲਾਘਾ ਕੀਤੀ ਹੈ। ਇਸ ਪ੍ਰਮੁੱਖ ਅਖ਼ਬਾਰ ਨੇ ਅੱਗੇ ਕਿਹਾ ਹੈ ਕਿ ਭਾਰਤ ਨੂੰ ਦਫ਼ਤਰਾਂ ਦਾ ਸਮਾਂ ਸਵੇਰੇ 7:30 ਤੋਂ ਦੁਪਹਿਰ 2 ਵਜੇ ਤੱਕ ਕਰਨ ਸਬੰਧੀ ਭਗਵੰਤ ਮਾਨ ਦੇ ਫ਼ੈਸਲੇ ਨੂੰ ਅਪਨਾਉਣਾ ਚਾਹੀਦਾ ਹੈ। ਇਸ ਵਿੱਚ ਕਿਹਾ ਗਿਆ ਹੈ ਕਿ ਭਾਰਤ ਦੀ ਪੰਜਾਬ ਸਰਕਾਰ ਨੇ ਦਫ਼ਤਰਾਂ ਦਾ ਸਮਾਂ ਬਦਲਿਆ ਹੈ ਅਤੇ ਇਸ ਪਹਿਲਕਦਮੀ 'ਤੇ ਗੌਰ ਕਰਦਿਆਂ ਵਡੇਰੇ ਜਨਤਕ ਹਿੱਤਾਂ ਲਈ ਪੂਰੇ ਦੇਸ਼ ਵਿੱਚ ਇਸ ਫ਼ੈਸਲੇ ਨੂੰ ਅਪਣਾਇਆ ਜਾਣਾ ਚਾਹੀਦਾ ਹੈ।

ਇਹ ਵੀ ਪੜ੍ਹੋ : ਮੰਤਰੀ ਧਾਲੀਵਾਲ ਨੇ ਵਿਦੇਸ਼ ਮੰਤਰੀ ਨੂੰ ਪੱਤਰ ਲਿਖ ਮਸਕਟ 'ਚ ਫਸੀਆਂ ਪੰਜਾਬੀ ਔਰਤਾਂ ਨੂੰ ਲੈ ਕੇ ਕੀਤੀ ਇਹ ਮੰਗ

ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ ਵਡੇਰੇ ਲੋਕ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਹਾਲ ਹੀ 'ਚ ਦਫ਼ਤਰਾਂ ਦਾ ਸਮਾਂ ਸਵੇਰੇ 9 ਤੋਂ ਸ਼ਾਮ 5 ਵਜੇ ਤੋਂ ਬਦਲ ਕੇ ਸਵੇਰੇ 7:30 ਤੋਂ ਦੁਪਹਿਰ 2 ਵਜੇ ਤੱਕ ਕਰ ਦਿੱਤਾ ਹੈ। ਵੱਡੇ ਪੱਧਰ 'ਤੇ ਲੋਕਾਂ ਨੂੰ ਸਹੂਲਤ ਦੇਣ ਦੇ ਨਾਲ-ਨਾਲ ਇਸ ਕਦਮ ਰਾਹੀਂ ਸੂਬਾ ਸਰਕਾਰ ਰੋਜ਼ਾਨਾ 350 ਮੈਗਾਵਾਟ ਬਿਜਲੀ ਦੀ ਬੱਚਤ ਕਰ ਰਹੀ ਹੈ। ਆਪਣੀ ਤਰ੍ਹਾਂ ਦੇ ਇਸ ਪਹਿਲੇ ਕਦਮ ਨਾਲ ਸ਼ਹਿਰਾਂ 'ਚ ਟ੍ਰੈਫਿਕ ਜਾਮ ਦੀ ਸਮੱਸਿਆ ਹੱਲ ਹੋਣ ਦੇ ਨਾਲ-ਨਾਲ ਲਗਭਗ 50 ਕਰੋੜ ਰੁਪਏ ਦੀ ਬੱਚਤ ਹੋਵੇਗੀ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।


author

Mukesh

Content Editor

Related News