ਪੰਜਾਬ ਸਰਕਾਰ ਵੱਲੋਂ ਕਾਲਜਾਂ ਤੇ ਯੂਨੀਵਰਸਿਟੀਆਂ ਦੇ ਅਧਿਆਪਕਾਂ ਦੇ UGC ਦੇ ਤਨਖਾਹ ਸਕੇਲ ਦੇਣ ਦੀ ਪ੍ਰਵਾਨਗੀ
Friday, Sep 09, 2022 - 11:46 PM (IST)
 
            
            ਚੰਡੀਗੜ੍ਹ : ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਮੈਨੂੰ ਇਹ ਦੱਸਦਿਆਂ ਖੁਸ਼ੀ ਹੋ ਰਹੀ ਹੈ ਕਿ ਅਧਿਆਪਕ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕਾਲਜ-ਯੂਨੀਵਰਸਿਟੀਆਂ ਦੇ ਅਧਿਆਪਕਾਂ ਦੀਆਂ ਚਿਰੋਕਣੀਆਂ ਮੰਗਾਂ ਮੰਨਦਿਆਂ ਕੀਤੇ ਐਲਾਨਾਂ ਨੂੰ ਅਮਲੀ ਜਾਮਾ ਪਹਿਨਾਉਂਦਿਆਂ ਅੱਜ ਮੁੱਖ ਮੰਤਰੀ ਦੀ ਅਗਵਾਈ 'ਚ ਮੰਤਰੀ ਮੰਡਲ ਨੇ ਸੂਬੇ ਦੀਆਂ ਯੂਨੀਵਰਸਿਟੀਆਂ, ਸਰਕਾਰੀ ਕਾਲਜਾਂ ਤੇ ਸਰਕਾਰੀ ਸਹਾਇਤਾ ਪ੍ਰਾਪਤ ਕਾਲਜਾਂ ਦੇ ਅਧਿਆਪਕਾਂ ਨੂੰ ਸੱਤਵੇਂ ਤਨਖਾਹ ਕਮਿਸ਼ਨ ਦੇ ਮੁਤਾਬਕ ਯੂ.ਜੀ.ਸੀ. ਦੇ ਤਨਖਾਹ ਸਕੇਲ ਦੇਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਮੰਤਰੀ ਮੰਡਲ ਨੇ 15 ਜਨਵਰੀ 2016 ਤੋਂ ਉਨ੍ਹਾਂ ਦੇ ਤਨਖਾਹ ਸਕੇਲਾਂ ਨੂੰ ਸੋਧ ਕੇ 1 ਅਕਤੂਬਰ 2022 ਤੋਂ ਲਾਗੂ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਸਾਡੀ ਪਾਰਟੀ ਵੱਲੋਂ ਚੋਣਾਂ ਦੌਰਾਨ ਦਿੱਤੀ ਇਕ ਹੋਰ ਵੱਡੀ ਗਾਰੰਟੀ ਪੂਰੀ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ਸੂਬੇ ’ਚ ਉਦਯੋਗਿਕ ਵਿਕਾਸ ਨੂੰ ਬੜ੍ਹਾਵਾ ਦੇਣ ਲਈ CM ਮਾਨ 11 ਤੋਂ 18 ਸਤੰਬਰ ਤੱਕ ਕਰਨਗੇ ਜਰਮਨੀ ਦਾ ਦੌਰਾ
ਉਨ੍ਹਾਂ ਕਿਹਾ ਕਿ ਅੱਜ ਪੰਜਾਬ ਵਜ਼ਾਰਤ ਦੀ ਮੀਟਿੰਗ ਵਿੱਚ ਇਕ ਹੋਰ ਵੱਡਾ ਫੈਸਲਾ ਲੈਂਦਿਆਂ ਸਰਕਾਰੀ ਕਾਲਜਾਂ 'ਚ ਸੇਵਾਵਾਂ ਨਿਭਾਅ ਰਹੀ ਗੈਸਟ ਫੈਕਲਟੀ ਦੇ ਮਾਣ-ਭੱਤੇ ਵਿਚ ਵਾਧਾ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਗਈ ਹੈ, ਜੋ ਯੋਗ ਤੇ ਅਯੋਗ ਗੈਸਟ-ਫੈਕਲਟੀ ਦਾ ਮਾਣ-ਭੱਤਾ ਵਧਾ ਕੇ ਘੱਟੋ-ਘੱਟ 33600 ਰੁਪਏ ਪ੍ਰਤੀ ਮਹੀਨਾ ਹੋਵੇਗਾ। ਇਕ ਹੋਰ ਅਹਿਮ ਫੈਸਲਾ ਲੈਂਦਿਆਂ ਕਾਲਜਾਂ ਵਿਚ ਟੀਚਿੰਗ ਫੈਕਲਟੀ ਦੀ ਘਾਟ ਦੂਰ ਕਰਨ ਲਈ ਵਿਜ਼ਟਿੰਗ ਰਿਸੋਰਸ ਫੈਕਲਟੀ ਨਿਯੁਕਤ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਹ ਵਿਵਸਥਾ ਖਾਲੀ ਅਸਾਮੀਆਂ 'ਤੇ ਰੈਗੂਲਰ ਭਰਤੀ ਪ੍ਰਕਿਰਿਆ ਪੂਰੀ ਹੋਣ ਤੱਕ ਹੀ ਜਾਰੀ ਰਹੇਗੀ। ਇਸੇ ਤਰ੍ਹਾਂ ਸਿੱਖਿਆ ਦੇ ਨਾਲ ਸਿਹਤ ਖੇਤਰ ਵਿੱਚ ਵੱਡਾ ਕਦਮ ਚੁੱਕਦਿਆਂ ਸੰਗਰੂਰ ਜ਼ਿਲ੍ਹੇ ਵਿਚ ਮਸਤੂਆਣਾ ਸਾਹਿਬ ਵਿਖੇ ਨਵੇਂ ਬਣਨ ਜਾ ਰਹੇ ਸੰਤ ਅਤਰ ਸਿੰਘ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਲਈ 1020 ਅਸਾਮੀਆਂ ਸਿਰਜਣ ਦੀ ਪ੍ਰਵਾਨਗੀ ਦੇ ਦਿੱਤੀ ਗਈ ਹੈ।
ਨੋਟ - ਇਸ ਖ਼ਬਰ ਬਾਰੇ ਆਪਣੇ ਵਿੱਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

 
                     
                             
                             
                             
                             
                             
                             
                             
                             
                             
                             
                             
                             
                             
                             
                             
                             
                             
                             
                            