ਸੂਬੇ ''ਚ ਸਿੱਖਿਆ ਦੇ ਖੇਤਰ ''ਚ ਸੁਧਾਰ ਲਈ ਕੀਤਾ ਜਾਵੇਗਾ ਰੈਗੂਲੇਟਰੀ ਕਮਿਸ਼ਨ ਦਾ ਗਠਨ : ਚੰਨੀ

Sunday, Oct 29, 2017 - 07:20 AM (IST)

ਸੂਬੇ ''ਚ ਸਿੱਖਿਆ ਦੇ ਖੇਤਰ ''ਚ ਸੁਧਾਰ ਲਈ ਕੀਤਾ ਜਾਵੇਗਾ ਰੈਗੂਲੇਟਰੀ ਕਮਿਸ਼ਨ ਦਾ ਗਠਨ : ਚੰਨੀ

ਮੋਗਾ  (ਪਵਨ ਗਰੋਵਰ/ਗੋਪੀ ਰਾਊਕੇ) - ਪੰਜਾਬ 'ਚ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ, ਸਿੱਖਿਆ ਦਾ ਵਪਾਰੀਕਰਨ ਰੋਕਣ ਅਤੇ ਵਿਦਿਆਰਥੀਆਂ ਨੂੰ ਸਿੱਖਿਆ ਸਹੂਲਤਾਂ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਇਕ ਮਹੱਤਵਪੂਰਨ ਫੈਸਲਾ ਕਰਨ ਜਾ ਰਹੀ ਹੈ, ਜਿਸ ਤਹਿਤ ਸਰਕਾਰ ਵੱਲੋਂ ਸੂਬੇ 'ਚ ਰੈਗੂਲੇਟਰੀ ਕਮਿਸ਼ਨ ਦਾ ਗਠਨ ਕੀਤਾ ਜਾ ਰਿਹਾ ਹੈ, ਜਿਸ ਨੂੰ ਆਉਣ ਵਾਲੇ ਮੰਤਰੀ ਮੰਡਲ ਦੀ ਮੀਟਿੰਗ 'ਚ ਮਨਜ਼ੂਰੀ ਦੇ ਦਿੱਤੀ ਜਾਵੇਗੀ। ਇਹ ਪ੍ਰਗਟਾਵਾ ਪੰਜਾਬ ਦੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸਥਾਨਕ ਆਈ. ਐੱਸ. ਐੱਫ. ਕਾਲਜ ਆਫ ਫਾਰਮੇਸੀ ਵਿਖੇ ਗੱਲਬਾਤ ਕਰਦਿਆਂ ਕੀਤਾ। ਉਹ ਇੱਥੇ ਨੈਸ਼ਨਲ ਪੱਧਰ ਦੀ ਕਾਨਫਰੰਸ 'ਚ ਹਿੱਸਾ ਲੈਣ ਲਈ ਆਏ ਸਨ।
ਇਸ ਮੌਕੇ ਉਨ੍ਹਾਂ ਨਾਲ ਵਿਧਾਇਕ ਮੋਗਾ ਡਾ. ਹਰਜੋਤ ਕਮਲ ਸਿੰਘ, ਪੰਜਾਬ ਕਾਂਗਰਸ ਦੇ ਮੁੱਖ ਬੁਲਾਰੇ ਡਾ. ਤਾਰਾ ਸਿੰਘ ਸੰਧੂ, ਸਾਬਕਾ ਮੰਤਰੀ ਡਾ. ਮਾਲਤੀ ਥਾਪਰ, ਜ਼ਿਲਾ ਕਾਂਗਰਸ ਪ੍ਰਧਾਨ ਕਰਨਲ ਬਾਬੂ ਸਿੰਘ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ। ਚੰਨੀ ਨੇ ਕਿਹਾ ਕਿ ਪੰਜਾਬ 'ਚ ਕਈ ਪ੍ਰਾਈਵੇਟ ਸੰਸਥਾਵਾਂ ਵੱਲੋਂ ਸਿੱਖਿਆ ਦਾ ਵਪਾਰੀਕਰਨ ਕੀਤਾ ਜਾ ਰਿਹਾ ਹੈ, ਜੋ ਕਿ ਵਿਦਿਆਰਥੀਆਂ ਦੇ ਭਵਿੱਖ ਲਈ ਖਤਰਨਾਕ ਸਾਬਤ ਹੋ ਸਕਦਾ ਹੈ, ਜਿਸ ਕਾਰਨ ਪੰਜਾਬ ਸਰਕਾਰ ਅਜਿਹੀਆਂ ਸੰਸਥਾਵਾਂ 'ਤੇ ਨਕੇਲ ਕੱਸਣ ਲਈ ਸਖ਼ਤ ਰਵੱਈਆ ਅਪਣਾ ਰਹੀ ਹੈ। ਸੂਬੇ 'ਚ ਕਈ ਕਾਲਜਾਂ ਵਿਚ ਆਪਣੀਆਂ ਸੀਟਾਂ ਭਰਨ ਲਈ ਕੀਤੇ ਜਾ ਰਹੇ ਫਰਜ਼ੀ ਦਾਖਲਿਆਂ 'ਤੇ ਰੋਕ ਲਾਉਣ ਲਈ ਬਹੁਤ ਜਲਦ ਬਾਇਓਮੈਟ੍ਰਿਕ ਹਾਜ਼ਰੀ ਸਿਸਟਮ ਸ਼ੁਰੂ ਕੀਤਾ ਜਾ ਰਿਹਾ ਹੈ, ਜਿਸ ਨਾਲ ਸਹੀ ਤਰੀਕੇ ਨਾਲ ਪੜ੍ਹਨ ਵਾਲੇ ਵਿਦਿਆਰਥੀਆਂ ਦਾ ਸਨਮਾਨ ਬਹਾਲ ਹੋਵੇਗਾ।
ਉਨ੍ਹਾਂ ਕਿਹਾ ਕਿ ਸੂਬੇ 'ਚ ਬੇਰੋਜ਼ਗਾਰੀ ਨੂੰ ਠੱਲ੍ਹ ਪਾਉਣ ਲਈ ਕੈਪਟਨ ਸਰਕਾਰ ਵੱਲੋਂ 'ਘਰ-ਘਰ ਨੌਕਰੀ' ਦੇ ਨਾਅਰੇ ਹੇਠ ਜ਼ਿਲਾ ਪੱਧਰ 'ਤੇ ਰੋਜ਼ਗਾਰ ਮੇਲੇ ਲਾਏ ਜਾ ਰਹੇ ਹਨ ਅਤੇ ਹੁਣ ਤੱਕ 30 ਹਜ਼ਾਰ ਨੌਜਵਾਨਾਂ ਨੂੰ ਰੋਜ਼ਗਾਰ ਪ੍ਰਾਪਤ ਹੋ ਚੁੱਕਾ ਹੈ। ਸਰਕਾਰ ਵੱਲੋਂ ਫਰਵਰੀ ਮਹੀਨੇ ਦੋਆਬੇ 'ਚ ਮੈਗਾ ਰੋਜ਼ਗਾਰ ਮੇਲਾ ਵੀ ਲਾਇਆ ਜਾ ਰਿਹਾ ਹੈ, ਇਸ ਤੋਂ ਇਲਾਵਾ ਸਰਕਾਰੀ ਪੱਧਰ 'ਤੇ ਵੀ ਨੌਕਰੀਆਂ ਜਲਦ ਦਿੱਤੀਆਂ ਜਾ ਰਹੀਆਂ ਹਨ। ਕਿੱਤਾ ਮੁਖੀ ਕੋਰਸਾਂ ਨੂੰ ਉਤਸ਼ਾਹਿਤ ਕਰ ਕੇ ਨੌਜਵਾਨਾਂ ਨੂੰ ਪੈਰਾਂ ਸਿਰ ਖੜ੍ਹੇ ਕਰਨ ਲਈ ਵੀ ਉਪਰਾਲੇ ਕੀਤੇ ਜਾ ਰਹੇ ਹਨ। ਪੰਜਾਬ 'ਚ ਬਿਜਲੀ ਰੇਟਾਂ ਦੇ ਹੋਏ ਵਾਧੇ ਸਬੰਧੀ ਉਨ੍ਹਾਂ ਕਿਹਾ ਕਿ ਬਿਜਲੀ ਰੈਗੂਲੇਟਰੀ ਕਮਿਸ਼ਨ ਵੱਲੋਂ ਬਿਜਲੀ ਦੇ ਰੇਟਾਂ 'ਚ ਕੀਤੇ ਵਾਧੇ ਕਾਰਨ ਪੰਜਾਬ ਦੇ ਲੋਕਾਂ ਨੂੰ ਭਾਰੀ ਇਤਰਾਜ਼ ਹੈ ਅਤੇ ਜਲਦ ਹੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਲੋਕਾਂ ਦੀਆਂ ਭਾਵਨਾਵਾਂ ਤੋਂ ਜਾਣੂ ਕਰਵਾ ਕੇ, ਬਿਜਲੀ ਬਿੱਲਾਂ ਦੇ ਵਾਧੇ 'ਤੇ ਦੁਬਾਰਾ ਵਿਚਾਰ ਕੀਤਾ ਜਾ ਸਕਦਾ ਹੈ।
ਇਸ ਦੌਰਾਨ ਪੰਜਾਬ ਦੇ ਵੱਖ-ਵੱਖ ਵਰਗਾਂ ਨੂੰ ਮਿਲ ਰਹੀਆਂ ਸਹੂਲਤਾਂ ਨੂੰ ਉਸੇ ਤਰ੍ਹਾਂ ਜਾਰੀ ਰੱਖਣ ਦੀ ਗੱਲ ਦੁਹਰਾਉਂਦਿਆਂ ਉਨ੍ਹਾਂ ਕਿਹਾ ਕਿ ਕਿਸੇ ਵੀ ਵਰਗ ਨਾਲ ਵਾਅਦਾ ਖਿਲਾਫੀ ਨਹੀਂ ਕੀਤੀ ਜਾਵੇਗੀ। ਪੰਜਾਬ ਦੇ ਕਾਂਗਰਸੀ ਵਿਧਾਇਕਾਂ ਵੱਲੋਂ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਖਿਲਾਫ ਡਰੱਗ ਮਾਮਲੇ 'ਚ ਕਾਰਵਾਈ ਦੀ ਮੰਗ ਦਾ ਸਮਰਥਨ ਕਰਦਿਆਂ ਸ. ਚੰਨੀ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਬੀਤੇ ਕੱਲ ਬਿਆਨ ਦੇ ਕੇ, ਮਜੀਠੀਆ ਦੀ ਡਰੱਗ ਧੰਦੇ 'ਚ ਕਥਿਤ ਸ਼ਮੂਲੀਅਤ ਉਪਰ ਮੋਹਰ ਲਾ ਦਿੱਤੀ ਹੈ ਅਤੇ ਪੰਜਾਬ ਸਰਕਾਰ ਠੋਸ ਸਬੂਤ ਮਿਲਦੇ ਹੀ ਮਜੀਠੀਆ ਖਿਲਾਫ਼ ਕਾਰਵਾਈ ਜ਼ਰੂਰ ਕਰੇਗੀ।
ਇਸ ਸਮੇਂ ਆਈ. ਐੱਸ. ਐੱਫ. ਕਾਲਜ ਦੇ ਚੇਅਰਮੈਨ ਪ੍ਰਵੀਨ ਗਰਗ, ਸਕੱਤਰ ਜਨੇਸ਼ ਗਰਗ, ਕਾਂਗਰਸ ਸ਼ਹਿਰੀ ਪ੍ਰਧਾਨ ਵਿਨੋਦ ਬਾਂਸਲ, ਜਾਟ ਮਹਾਸਭਾ ਜ਼ਿਲਾ ਮੋਗਾ ਦੇ ਪ੍ਰਧਾਨ ਹਰੀ ਸਿੰਘ ਖਾਈ, ਸੂਬਾ ਸਕੱਤਰ ਸਵਰਨ ਸਿੰਘ ਆਦੀਵਾਲ, ਡਾਇਰੈਕਟਰ ਤਕਨੀਕੀ ਸਿੱਖਿਆ ਪ੍ਰਵੀਨ ਕੁਮਾਰ ਥਿੰਦ, ਦਵਿੰਦਰਪਾਲ ਸਿੰਘ ਰਿੰਪੀ ਆਦਿ ਮੌਜੂਦ ਸਨ।


Related News