ਸ੍ਰੀ ਅਕਾਲ ਤਖਤ ਸਾਹਿਬ ਵਿਖੇ ਅੱਜ ਅਰਜੁਨ ਬਾਦਲ ਤੇ ਭੱਠਲ ਨਹੀਂ ਹੋਣਗੇ ਪੇਸ਼

10/13/2017 12:21:49 AM

ਅੰਮ੍ਰਿਤਸਰ (ਪ੍ਰਵੀਨ ਪੁਰੀ)- ਸ੍ਰੀ ਅਕਾਲ ਤਖਤ 'ਤੇ ਪੰਜ ਸਿੰਘ ਸਾਹਿਬਾਨ ਦੀ ਕੱਲ ਹੋਣ ਵਾਲੀ ਮੀਟਿੰਗ 'ਚ ਜਿਥੇ ਪੰਜਾਬ ਦੀ ਸਾਬਕਾ ਮੁੱਖ ਮੰਤਰੀ ਬੀਬੀ ਰਜਿੰਦਰ ਕੌਰ ਭੱਠਲ ਤੇ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਪੁੱਤਰ ਅਰਜੁਨ ਸਿੰਘ ਬਾਦਲ ਦੇ ਪੇਸ਼ ਹੋਣ ਦੀਆਂ ਸੰਭਾਵਨਾਵਾਂ ਘੱਟ ਹਨ, ਉਥੇ ਨਿਸ਼ਚਿਤ ਤੌਰ 'ਤੇ 13 ਅਕਤੂਬਰ ਨੂੰ ਆਖਰੀ ਮੌਕੇ ਦੇ ਤੌਰ 'ਤੇ ਗੁਰਦੁਆਰਾ ਛੋਟਾ ਘੱਲੂਘਾਰਾ ਦੇ ਪ੍ਰਧਾਨ ਮਾ. ਜੌਹਰ ਸਿੰਘ ਦੇ ਵੀ ਪੇਸ਼ ਹੋਣ ਦੀਆਂ ਸੰਭਾਵਨਾਵਾਂ ਖਤਮ ਹਨ। ਮਾ. ਜੌਹਰ ਸਿੰਘ ਨੇ ਕਿਹਾ ਕਿ ਉਹ ਸਰਬੱਤ ਖਾਲਸਾ ਧਿਰ ਦੇ ਜਥੇਦਾਰਾਂ ਨੂੰ ਮਾਨਤਾ ਦਿੰਦੇ ਹੋਏ ਪੇਸ਼ ਹੋਏ ਹਨ ਪਰ ਉਨ੍ਹਾਂ ਨੂੰ ਬਹੁਤ ਜ਼ਲੀਲ ਕਰ ਕੇ ਸ੍ਰੀ ਅਕਾਲ ਤਖਤ ਸਾਹਿਬ ਤੋਂ ਚੁੱਕ ਕੇ ਬਾਹਰ ਸੁੱਟਿਆ ਗਿਆ ਹੈ।
ਉਨ੍ਹਾਂ ਕਿਹਾ ਕਿ ਉਹ ਕੱਲ 8 ਵਜੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪੁੱਜ ਜਾਣਗੇ, ਜੇ ਉਨ੍ਹਾਂ ਨੂੰ ਅੱਜ ਵਾਂਗ ਰੋਕਣ ਦੀ ਕੋਸ਼ਿਸ਼ ਕੀਤੀ ਗਈ ਤਾਂ ਉਹ ਹਰ ਹਾਲਤ ਵਿਚ ਕੀਰਤਨ ਸੁਣਨਗੇ, ਲੰਗਰ 'ਚ ਸੇਵਾ ਕਰਨ ਅਤੇ ਜੋੜਾ ਘਰ 'ਚ ਜੁੱਤੀਆਂ ਸਾਫ ਕਰਨਗੇ। ਉਨ੍ਹਾਂ ਕਿਹਾ ਕਿ ਉਹ ਕੱਲ ਸ੍ਰੀ ਅਕਾਲ ਤਖਤ ਸਾਹਿਬ 'ਤੇ ਪੇਸ਼ ਨਹੀਂ ਹੋਣਗੇ।
ਮਨਪ੍ਰੀਤ ਸਿੰਘ ਬਾਦਲ ਨੇ ਸਪੱਸ਼ਟ ਕੀਤਾ ਹੈ ਕਿ ਉਹ ਅਤੇ ਉਨ੍ਹਾਂ ਦਾ ਪਰਿਵਾਰ ਸ੍ਰੀ ਅਕਾਲ ਤਖਤ ਸਾਹਿਬ ਨੂੰ ਨਤਮਸਤਕ ਹਨ, ਇਹ ਹੋ ਹੀ ਨਹੀਂ ਸਕਦਾ ਕਿ ਸ੍ਰੀ ਅਕਾਲ ਤਖਤ ਸਾਹਿਬ ਤੋਂ ਆਏ ਹੁਕਮ ਨੂੰ ਉਹ ਨਾ ਮੰਨਣ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਪੁੱਤਰ ਵਿਦੇਸ਼ ਵਿਚ ਪੜ੍ਹ ਰਹੇ ਹਨ, ਜਦੋਂ ਉਹ ਦੇਸ਼ ਪਰਤੇ ਤਾਂ ਸ੍ਰੀ ਅਕਾਲ ਤਖਤ ਸਾਹਿਬ 'ਤੇ ਪੇਸ਼ ਹੋਣਗੇ। ਉਨ੍ਹਾਂ ਨੂੰ ਡੇਰਾ ਸਿਰਸਾ ਵਿਖੇ ਵੋਟਾਂ ਮੰਗਣ ਦੇ ਦੋਸ਼ ਵਿਚ ਤਲਬ ਕੀਤਾ ਗਿਆ ਸੀ। ਪਤਾ ਲੱਗਾ ਹੈ ਕਿ ਸਾਬਕਾ ਮੁੱਖ ਮੰਤਰੀ ਬੀਬੀ ਰਜਿੰਦਰ ਕੌਰ ਭੱਠਲ ਦੇ ਵੀ ਆਉਣ ਦੀਆਂ ਸੰਭਾਵਨਾਵਾਂ ਘੱਟ ਹਨ। ਕੱਲ ਪੰਜ ਸਿੰਘ ਸਾਹਿਬਾਨ ਵੱਲੋਂ ਗੁਰਦੁਆਰਾ ਛੋਟਾ ਘੱਲੂਘਾਰਾ ਦੇ ਪ੍ਰਧਾਨ ਮਾ. ਜੌਹਰ ਸਿੰਘ ਵਿਰੁੱਧ ਸਖ਼ਤ ਫੈਸਲਾ ਲਏ ਜਾਣ ਦੀਆਂ ਸੰਭਾਵਨਾਵਾਂ ਵੱਧ ਹਨ।
ਜ਼ਿਕਰਯੋਗ ਹੈ ਕਿ ਪੰਥ 'ਚੋਂ ਛੇਕੇ ਗਏ ਸੁੱਚਾ ਸਿੰਘ ਲੰਗਾਹ ਨੇ ਮਾ. ਜੌਹਰ ਸਿੰਘ ਵਿਰੁੱਧ ਸ੍ਰੀ ਅਕਾਲ ਤਖਤ ਸਾਹਿਬ 'ਤੇ ਸ਼ਿਕਾਇਤ ਕੀਤੀ ਸੀ ਕਿ ਉਸ ਨੂੰ ਗੁਰਦੁਆਰਾ ਸਾਹਿਬ ਦੇ ਅੰਦਰ ਇਕ ਔਰਤ ਨਾਲ ਇਤਰਾਜ਼ਯੋਗ ਹਾਲਾਤ ਵਿਚ ਫੜਿਆ ਗਿਆ ਸੀ। ਇਸ ਮਾਮਲੇ 'ਚ ਕਮੇਟੀ ਜੌਹਰ ਸਿੰਘ ਸਮੇਤ ਹੋਰਨਾਂ ਨੂੰ ਦੋਸ਼ੀ ਕਰਾਰ ਦੇ ਚੁੱਕੀ ਹੈ। ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਜੌਹਰ ਸਿੰਘ ਨੂੰ ਆਖਰੀ ਮੌਕਾ ਸ੍ਰੀ ਅਕਾਲ ਤਖਤ ਸਾਹਿਬ 'ਤੇ ਪੇਸ਼ ਹੋਣ ਦਾ ਦਿੱਤਾ ਗਿਆ ਹੈ।


Related News