ਪੰਜਾਬ ਵਿਚ ਇਕ ਹੋਰ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਅੰਤਰਰਾਜੀ ਰੈਕੇਟ ਦਾ ਪਰਦਾਫਾਸ਼
Tuesday, Jul 16, 2024 - 05:21 PM (IST)
ਅੰਮ੍ਰਿਤਸਰ : ਅੰਤਰਰਾਜੀ ਹਥਿਆਰਾਂ ਦੀ ਤਸਕਰੀ ਦੇ ਇਕ ਹੋਰ ਨੈੱਟਵਰਕ ਦਾ ਪਰਦਾਫਾਸ਼ ਕਰਦਿਆਂ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐੱਸ.ਐੱਸ.ਓ.ਸੀ.) ਅੰਮ੍ਰਿਤਸਰ ਨੇ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਤਿੰਨ ਵਿਅਕਤੀਆਂ ਨੂੰ .32 ਬੋਰ ਦੇ ਤਿੰਨ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਸ (ਡੀਜੀਪੀ), ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਦੇਵ ਸਿੰਘ ਉਰਫ ਮੱਟੂ, ਸਾਹਿਲ ਕੁਮਾਰ ਉਰਫ ਮਸਤ ਦੋਵੇਂ ਵਾਸੀ ਛੋਟਾ ਹਰੀਪੁਰਾ, ਅੰਮ੍ਰਿਤਸਰ ਅਤੇ ਪ੍ਰਭਜੋਤ ਸਿੰਘ ਉਰਫ ਪ੍ਰਭ ਵਾਸੀ ਗੁਰੂ ਨਾਨਕ ਪੁਰਾ (ਅੰਮ੍ਰਿਤਸਰ) ਵਜੋਂ ਹੋਈ ਹੈ। ਪੁਲਸ ਟੀਮਾਂ ਨੇ ਮੁਲਜ਼ਮਾਂ ਦੇ ਕਬਜ਼ੇ 'ਚੋਂ ਤਿੰਨ ਪਿਸਤੌਲ ਬਰਾਮਦ ਕਰਨ ਤੋਂ ਇਲਾਵਾ ਤਿੰਨ ਮੈਗਜ਼ੀਨ ਅਤੇ ਛੇ ਜਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ। ਦੱਸਣਯੋਗ ਹੈ ਕਿ ਇਹ ਸਫ਼ਲਤਾ ਐੱਸ.ਐੱਸ.ਓ.ਸੀ. ਅੰਮ੍ਰਿਤਸਰ ਵੱਲੋਂ ਵਿਦੇਸ਼ੀ ਮੂਲ ਦੇ ਅੱਤਵਾਦੀ ਲਖਬੀਰ ਉਰਫ਼ ਲੰਡਾ ਦੀ ਹਮਾਇਤ ਪ੍ਰਾਪਤ ਹਥਿਆਰਾਂ ਦੀ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼ ਕਰਕੇ ਇਸਦੇ ਦੋ ਕਾਰਕੁਨਾਂ ਨੂੰ .32 ਬੋਰ ਦੇ ਛੇ ਅਤਿ-ਆਧੁਨਿਕ ਪਿਸਤੌਲਾਂ, ਮੈਗਜ਼ੀਨਾਂ ਅਤੇ ਗੋਲੀ-ਸਿੱਕੇ ਸਮੇਤ ਗ੍ਰਿਫਤਾਰ ਕੀਤੇ ਜਾਣ ਤੋਂ ਇਕ ਦਿਨ ਬਾਅਦ ਸਾਹਮਣੇ ਆਈ ਹੈ।
ਇਹ ਵੀ ਪੜ੍ਹੋ : ਵਾਟਰ ਕੈਨਨ ਵਾਲੇ ਨਵਦੀਪ ਨੂੰ ਮਿਲੀ ਜ਼ਮਾਨਤ
ਡੀ. ਜੀ. ਪੀ. ਗੌਰਵ ਯਾਦਵ ਨੇ ਦੱਸਿਆ ਕਿ ਐੱਸ. ਐੱਸ. ਓ. ਸੀ ਅੰਮ੍ਰਿਤਸਰ ਨੂੰ ਖੁਫ਼ੀਆ ਜਾਣਕਾਰੀ ਮਿਲੀ ਸੀ ਕਿ ਅੰਮ੍ਰਿਤਸਰ ਦੇ ਕੁਝ ਵਿਅਕਤੀ ਅੰਤਰਰਾਜੀ ਹਥਿਆਰਾਂ ਦੀ ਤਸਕਰੀ ਵਿੱਚ ਸ਼ਾਮਲ ਹਨ ਅਤੇ ਉਨ੍ਹਾਂ ਨੇ ਮੱਧ ਪ੍ਰਦੇਸ਼ ਦੇ ਗੈਰ-ਕਾਨੂੰਨੀ ਹਥਿਆਰਾਂ ਦੇ ਡੀਲਰਾਂ ਤੋਂ ਹਥਿਆਰਾਂ ਦੀ ਖੇਪ ਖਰੀਦੀ ਹੈ ਅਤੇ ਉਨ੍ਹਾਂ ਵੱਲੋਂ ਇਹ ਖੇਪ ਵੱਲਾ ਦੀ ਗੁਰੂ ਤੇਗ ਬਹਾਦਰ ਮਾਰਕੀਟ ਦੇ ਇਲਾਕੇ ਵਿੱਚ ਕੁਝ ਅਪਰਾਧਿਕ ਅਨਸਰਾਂ ਤੱਕ ਪਹੁੰਚਾਈ ਜਾਣੀ ਹੈ। ਪ੍ਰਾਪਤ ਜਾਣਕਾਰੀ ‘ਤੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਐੱਸ. ਐੱਸ. ਓ. ਸੀ. ਅੰਮ੍ਰਿਤਸਰ ਦੀਆਂ ਪੁਲਸ ਟੀਮਾਂ ਨੇ ਆਪ੍ਰੇਸ਼ਨ ਚਲਾਇਆ ਅਤੇ ਤਿੰਨੋਂ ਮੁਲਜ਼ਮਾਂ ਨੂੰ ਤਿੰਨ ਪਿਸਤੌਲਾਂ ਸਮੇਤ ਉਸ ਸਮੇਂ ਗ੍ਰਿਫ਼ਤਾਰ ਕਰ ਲਿਆ ਜਦੋਂ ਉਹ ਖੇਪ ਦੀ ਡਿਲਿਵਰੀ ਲਈ ਵੱਲਾ ਇਲਾਕੇ ਵਿਚ ਖਰੀਦਦਾਰਾਂ ਦੀ ਉਡੀਕ ਕਰ ਰਹੇ ਸਨ।
ਡੀ. ਜੀ. ਪੀ. ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਦੋ ਮੁਲਜ਼ਮਾਂ ਸੁਖਦੇਵ ਸਿੰਘ ਉਰਫ਼ ਮੱਟੂ ਅਤੇ ਸਾਹਿਲ ਕੁਮਾਰ ਉਰਫ਼ ਮਸਤ ਦਾ ਇਕ ਕਤਲ ਕੇਸ ਵਿਚ ਸ਼ਮੂਲੀਅਤ ਸਮੇਤ ਪੁਰਾਣਾ ਅਪਰਾਧਿਕ ਰਿਕਾਰਡ ਹੈ। ਉਨ੍ਹਾਂ ਕਿਹਾ ਕਿ ਇਸ ਕੇਸ ਵਿਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਜਾਂਚ ਕੀਤੀ ਜਾ ਰਹੀ ਹੈ। ਹੋਰ ਵੇਰਵੇ ਸਾਂਝੇ ਕਰਦਿਆਂ ਏ. ਆਈ. ਜੀ. ਐੱਸ. ਐੱਸ. ਓ. ਸੀ. ਅੰਮ੍ਰਿਤਸਰ ਸੁਖਮਿੰਦਰ ਸਿੰਘ ਮਾਨ ਨੇ ਦੱਸਿਆ ਕਿ ਮੱਧ ਪ੍ਰਦੇਸ਼ ਵਿਚ ਹਥਿਆਰਾਂ ਦੇ ਡੀਲਰ ਅਤੇ ਜਿਨ੍ਹਾਂ ਵਿਅਕਤੀਆਂ ਨੂੰ ਹਥਿਆਰਾਂ ਦੀ ਇਹ ਖੇਪ ਪਹੁੰਚਾਈ ਜਾਣੀ ਸੀ, ਦੀ ਪਛਾਣ ਲਈ ਅੱਗੇ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਸਬੰਧੀ ਪੁਲਿਸ ਥਾਣਾ ਐੱਸ. ਐੱਸ. ਓ. ਸੀ. ਅੰਮ੍ਰਿਤਸਰ ਵਿਖੇ ਅਸਲਾ ਐਕਟ ਦੀ ਧਾਰਾ 25 ਅਤੇ ਭਾਰਤੀ ਨਿਆ ਸੰਹਿਤਾ (ਬੀ.ਐੱਨ.ਐੱਸ.) ਐਕਟ ਦੀ ਧਾਰਾ 61 (2) ਤਹਿਤ ਐੱਫ.ਆਈ.ਆਰ. ਨੰ. 42 ਮਿਤੀ 15.07.2024 ਦਰਜ ਕੀਤੀ ਗਈ ਹੈ।