ਪੁਰਾਣੀ ਰੰਜਿਸ਼ ਦੇ ਚੱਲਦਿਆਂ ਤੇਜ਼ਧਾਰ ਹਥਿਆਰਾਂ ਨਾਲ ਵੱਢੀਆਂ ਦੋ ਔਰਤਾਂ

Thursday, Sep 05, 2024 - 05:44 PM (IST)

ਬਟਾਲਾ (ਸਾਹਿਲ) : ਪੁਰਾਣੀ ਰੰਜਿਸ਼ ਦੇ ਚੱਲਦਿਆਂ ਪਿੰਡ ਕੋਟ ਖਾਨ ਮੁਹੰਮਦ ਵਿਚ ਇਕ ਪਰਿਵਾਰ ਦੇ ਉੱਪਰ ਨਜ਼ਦੀਕ ਰਹਿੰਦੇ ਕੁਝ ਲੋਕਾਂ ਦੇ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਦੋ ਔਰਤਾਂ ਨੂੰ ਗੰਭੀਰ ਰੂਪ ਵਿਚ ਜ਼ਖਮੀ ਕੀਤੇ ਜਾਣ ਦਾ ਸਮਾਚਾਰ ਮਿਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਨਿਸ਼ਾ ਦੇਵੀ ਪਤਨੀ ਮਨਦੀਪ ਕੁਮਾਰ ਤੇ ਪਰਮਜੀਤ ਕੌਰ ਪਤਨੀ ਪਵਨ ਕੁਮਾਰ ਨੇ ਸਾਂਝੇ ਤੌਰ 'ਤੇ ਦੱਸਿਆ ਕਿ ਉਹ ਘਰ ਵਿਚ ਇਕੱਲੀਆਂ ਸਨ ਕਿ ਰੰਜਿਸ਼ਨ ਨੇ ਚੱਲਦਿਆਂ ਨਜ਼ਦੀਕ ਇਕ ਘਰ ਵਿਚ ਰਹਿੰਦੇ ਦੋ ਨੌਜਵਾਨਾਂ ਅਤੇ ਇਕ ਔਰਤ ਵੱਲੋਂ ਉਨ੍ਹਾਂ ਉੱਪਰ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ, ਜਿਸ ਦੌਰਾਨ ਉਹ ਦੋਵੇਂ ਗੰਭੀਰ ਰੂਪ ਵਿਚ ਜ਼ਖਮੀ ਹੋ ਗਈਆਂ। ਉਨ੍ਹਾਂ ਦੱਸਿਆ ਕਿ ਆਸ ਪਾਸ ਦੇ ਲੋਕਾਂ ਨੇ ਤੁਰੰਤ ਉਨ੍ਹਾਂ ਦੇ ਪਰਿਵਾਰਿਕ ਮੈਂਬਰਾਂ ਨੂੰ ਸੂਚਿਤ ਕੀਤਾ, ਜਿਸ ਤੋਂ ਬਾਅਦ ਉਨ੍ਹਾਂ ਨੂੰ ਹਰਚੋਵਾਲ ਦੇ ਸਰਕਾਰੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ।

ਜ਼ਖਮੀ ਹੋਈ ਔਰਤ ਪਰਮਜੀਤ ਕੌਰ ਦੇ ਪਤੀ ਪਵਨ ਕੁਮਾਰ ਨੇ ਦੱਸਿਆ ਕਿ ਇਸ ਸਬੰਧੀ ਉਨ੍ਹਾਂ ਨੇ ਪੁਲਸ ਥਾਣਾ ਭੈਣੀ ਮੀਆਂ ਖਾਨ ਨੂੰ ਸੂਚਿਤ ਕਰ ਦਿੱਤਾ ਹੈ ਅਤੇ ਮੌਕੇ 'ਤੇ ਪਹੁੰਚੀ ਪੁਲਸ ਵੱਲੋਂ ਵੀ ਘਟਨਾ ਸਥਾਨ ਦਾ ਜਾਇਜ਼ਾ ਲਿਆ ਗਿਆ। ਜ਼ਖਮੀ ਔਰਤਾਂ ਨੇ ਅਤੇ ਪਰਿਵਾਰਿਕ ਮੈਂਬਰਾਂ ਨੇ ਪੁਲਸ ਜ਼ਿਲ੍ਹਾ ਗੁਰਦਾਸਪੁਰ ਦੇ ਐੱਸਐੱਸਪੀ ਅਤੇ ਮਾਨਯੋਗ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਤੋਂ ਮੰਗ ਕੀਤੀ ਹੈ ਕਿ ਹਮਲਾ ਕਰਨ ਵਾਲਿਆਂ ਵਿਰੁੱਧ ਬਣਦੀ ਕਾਨੂੰਨ ਮੁਤਾਬਕ ਕਾਰਵਾਈ ਕੀਤੀ ਜਾਵੇ। ਉਧਰ ਦੂਜੇ ਪਾਸੇ ਸਬੰਧਤ ਥਾਣੇ ਦੀ ਪੁਲਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।


Gurminder Singh

Content Editor

Related News