ਦੇਸ਼ ਭਰ ਵਿਚ ਸਾਢੇ ਤਿੰਨ ਲੱਖ ਕਿਸਾਨ ਕਰ ਚੁੱਕੇ ਹਨ ਖੁਦਕੁਸ਼ੀਆਂ

06/18/2022 12:35:59 PM

ਮੰਡੀ ਲੱਖੇਵਾਲੀ/ਸ੍ਰੀ ਮੁਕਤਸਰ ਸਾਹਿਬ(ਸੁਖਪਾਲ ਢਿੱਲੋਂ/ਪਵਨ ਤਨੇਜਾ): ਕਿਸਾਨ ਖੁਦਕੁਸ਼ੀਆਂ ਖੇਤੀ ਖੇਤਰ ਦੀ ਆਰਥਿਕ ਮੰਦਹਾਲੀ ’ਚੋਂ ਉਪਜਿਆ ਆਤਮਘਾਤੀ ਕਦਮ ਹੈ। ਮਾੜੀ ਆਰਥਿਕ ਹਾਲਤ ਨਾਲ ਜਦੋਂ ਗੁਜਾਰਾ ਕਰਨਾ ਅਸੰਭਵ ਹੋ ਜਾਵੇ ਜਾਂ ਕਰਜ਼ਾ ਹੱਦ ਤੋਂ ਵਧ ਜਾਵੇ ਤਾਂ ਢਹਿੰਦੀ ਕਲਾ ’ਚ ਆ ਕੇ ਕਿਸਾਨ ਵਲੋਂ ਕੀਤੀ ਆਤਮਹੱਤਿਆ ਨੂੰ ਕਿਸਾਨ ਖੁਦਕੁਸ਼ੀ ਕਿਹਾ ਜਾਂਦਾ ਹੈ। 2014 ਵਿਚ ਭਾਰਤ ਦੀ ਨੈਸ਼ਨਲ ਕ੍ਰਾਇਮ ਰਿਕਾਰਡ ਬਿਊਰੋ ਨੇ 5650 ਕਿਸਾਨ ਖੁਦਕੁਸ਼ੀਆਂ ਦੀ ਰਿਪੋਰਟ ਦਿੱਤੀ ਸੀ । ਜਦੋਂ ਕਿ 2004 ਵਿਚ ਸਭ ਤੋਂ ਵੱਧ ਕਿਸਾਨ ਖੁਦਕੁਸ਼ੀਆਂ ਦਰਜ ਕੀਤੀਆਂ ਗਈਆਂ ਜਦੋਂ 18,241 ਕਿਸਾਨ ਖੁਦਕੁਸ਼ੀ ਕਰ ਗਏ ਸਨ। ਦੇਸ਼ ਭਰ ਵਿਚ ਸਾਢੇ ਤਿੰਨ ਲੱਖ ਤੋਂ ਵੱਧ ਕਿਸਾਨ ਕਰਜ਼ੇ ਦੇ ਬੋਝ ਕਾਰਨ ਖੁਦਕੁਸ਼ੀਆਂ ਕਰ ਚੁੱਕੇ ਹਨ ਅਤੇ ਇਹ ਖੁਦਕੁਸ਼ੀਆਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ। ਪੰਜਾਬ 'ਚ 2000 ਤੋਂ 2015 ਤੱਕ ਦੇ 16 ਸਾਲਾਂ ਦੌਰਾਨ 16,000 ਤੋਂ ਵੱਧ ਕਿਸਾਨਾਂ ਤੇ ਖੇਤ ਮਜਦੂਰਾਂ ਨੇ ਖੁਦਕੁਸ਼ੀ ਕੀਤੀ ਹੈ। ਅੰਕੜਿਆਂ ਅਨੁਸਾਰ ਜ਼ਿਆਦਾ ਕਰਜ਼ਾ ਵੱਡੇ ਕਿਸਾਨਾਂ ’ਤੇ ਹੈ ਪਰ ਜ਼ਿਆਦਾ ਖੁਦਕੁਸ਼ੀ ਛੋਟੀ ਮਾਲਕੀ ਵਾਲੇ ਕਿਸਾਨ ਕਰਦੇ ਹਨ ।

ਇਹ ਹਨ ਅੰਕੜੇ

ਪੰਜਾਬ ਵਿਚ ਪਿਛਲੇਂ ਸਮੇਂ ਦੌਰਾਨ ਇਹ ਕਿਹਾ ਜਾਂਦਾ ਰਿਹਾ ਹੈ ਕਿ ਇੱਥੇ ਪਿਛਲੇ 15 ਸਾਲਾਂ ਵਿਚ 2,116 ਖ਼ੁਦਕੁਸ਼ੀਆਂ ਹੋਈਆਂ ਹਨ ਜਦੋਂਕਿ ਪੰਜਾਬ ਦੇ ਸਰਵੇਖਣ ਤੋਂ ਪਤਾ ਲੱਗਿਆ ਹੈ ਕਿ ਸਾਲ 2000 ਤੋਂ 2018 ਦੌਰਾਨ ਸੂਬੇ ਵਿਚ ਖੇਤੀ ਕਿੱਤੇ ਨਾਲ ਸਬੰਧਿਤ ਲਗਭਗ 16,600 ਵਿਅਕਤੀ ਖੁਦਕੁਸ਼ੀ ਕਰ ਚੁੱਕੇ ਹਨ। ਜਿਨ੍ਹਾਂ ਵਿਚ 9,300 ਕਿਸਾਨ ਅਤੇ 7,300 ਮਜ਼ਦੂਰ ਸਨ। ਹਰ ਰੋਜ਼ ਲਗਭਗ ਦੋ ਕਿਸਾਨ ਅਤੇ ਇਕ ਮਜ਼ਦੂਰ ਆਪਣੀ ਜੀਵਨ ਲੀਲਾ ਖਤਮ ਕਰ ਰਿਹਾ ਹੈ। ਇਨ੍ਹਾਂ ਵਿਚੋਂ ਵੱਡੀ ਗਿਣਤੀ ਲੋਕਾਂ ਨੇ ਕਰਜ਼ੇ ਕਰ ਕੇ ਖ਼ੁਦਕੁਸ਼ੀ ਕੀਤੀ ਹੈ। ਸਾਫ਼ ਹੈ ਕਿ ਕਿਸਾਨੀ ਵਿਚ ਖ਼ੁਦਕੁਸ਼ੀਆਂ ਦਾ ਵਰਤਾਰਾ ਬਹੁਤ ਗੰਭੀਰ ਰੂਪ ਅਖਤਿਆਰ ਕਰ ਗਿਆ ਹੈ। ਅਸਲ ਵਿਚ ਐੱਨ.ਸੀ.ਆਰ.ਬੀ. ਦੀ ਰਿਪੋਰਟ ਮੁੱਖ ਤੌਰ ’ਤੇ ਪੁਲਸ ਰਿਕਾਰਡ ਉਪਰ ਆਧਾਰਤ ਹੁੰਦੀ ਹੈ। ਖ਼ੁਦਕੁਸ਼ੀਆਂ ਦੇ ਕੇਸਾਂ ਦੀ ਵੱਡੀ ਗਿਣਤੀ ਪੁਲਸ ਰਿਕਾਰਡ ਵਿਚ ਨਹੀਂ ਹੁੰਦੀ ਕਿਉਂਕਿ ਇਸ ਦੀਆਂ ਕਾਨੂੰਨੀ ਉਲਝਣਾਂ ਤੋਂ ਬੱਚਣ ਲਈ ਲੋਕ ਪੋਸਟਮਾਰਟਮ ਜਾਂ ਪੁਲਸ ਇਤਲਾਹ ਬਿਨਾਂ ਹੀ ਸਸਕਾਰ ਕਰ ਦਿੰਦੇ ਹਨ। ਇਸ ਕਰ ਕੇ ਖ਼ੁਦਕੁਸ਼ੀਆਂ ਦੀ ਗਿਣਤੀ ਅਸਲ ਨਾਲੋਂ ਕਿਤੇ ਘੱਟ ਦਿਖਾਈ ਜਾਂਦੀ ਹੈ। ਭਾਰਤ ਵਿਚ ਹਰ ਘੰਟੇ ਵਿਚ ਔਸਤਨ ਦੋ ਕਿਸਾਨ ਖੁਦਕੁਸ਼ੀਆਂ ਕਰ ਰਹੇ ਹਨ। ਜੇ ਪੰਜਾਬ ਵਾਂਗ ਦੂਸਰੇ ਸੂਬਿਆਂ ਵਿਚ ਵੀ ਸਰਵੇ ਕੀਤੇ ਜਾਣ ਤਾਂ ਕਿਸਾਨ ਖ਼ੁਦਕੁਸ਼ੀਆਂ ਦੀ ਗਿਣਤੀ ਕਈ ਗੁਣਾਂ ਵੱਧ ਹੋਵੇਗੀ।

ਕਿਸਾਨ ਖੁਦਕੁਸ਼ੀਆਂ ਦਾ ਕਾਰਨ

ਕਿਸਾਨਾਂ ਦੇ ਖੁਦਕੁਸ਼ੀਆਂ ਦੇ ਰਸਤੇ ਪੈਣ ਦੇ ਕਾਰਨ ਖੇਤੀ ਦਾ ਲਾਹੇਵੰਦ ਨਾ ਹੋਣਾ ਹੈ। ਖੇਤੀ ਦੀਆਂ ਲਾਗਤਾਂ ਵੱਧਣ ਅਤੇ ਇਸ ਦੇ ਮੁਕਾਬਲੇ ਫ਼ਸਲਾਂ ਦੀਆਂ ਕੀਮਤਾਂ ਵਿਚ ਘੱਟ ਵਾਧਾ ਹੋਣ ਕਾਰਨ ਆਮਦਨ ਅਤੇ ਖ਼ਰਚ ਦੇ ਪਾੜੇ ਦਾ ਲਗਾਤਾਰ ਵੱਧਣਾ ਹੀ ਕਿਸਾਨ ਪਰਿਵਾਰਾਂ ਨੂੰ ਆਰਥਿਕ ਸੰਕਟ ਵੱਲ ਧੱਕਦਾ ਹੈ। ਇਸ ਕਰ ਕੇ ਕਿਸਾਨ ਗੰਭੀਰ ਸੰਕਟ ਦੇ ਸ਼ਿਕਾਰ ਹਨ। ਛੋਟੀ ਅਤੇ ਮਧਲੀ ਕਿਸਾਨੀ ਖੇਤੀ ਛੱਡਣ ਲਈ ਮਜਬੂਰ ਹੈ। ਭਾਰਤ ਵਿਚ ਹਰ ਰੋਜ਼ ਅਨੇਕਾਂ ਕਿਸਾਨ ਖੇਤੀ ਛੱਡ ਜਾਂਦੇ ਹਨ। ਖੇਤੀ ਸੈਕਟਰ ਵਿਚ ਮਿਲਣ ਵਾਲਾ ਰੋਜ਼ਗਾਰ ਲਗਾਤਾਰ ਘੱਟ ਰਿਹਾ ਹੈ। ਖੇਤੀ ਕਾਮਿਆਂ ਦੀ ਉਤਪਾਦਕਤਾ ਦੂਜੇ ਸੈਕਟਰਾਂ ਵਿਚ ਕੰਮ ਕਰਨ ਵਾਲੇ ਲੋਕਾਂ ਦੀ ਉਤਪਾਦਕਤਾ ਨਾਲੋਂ ਕਾਫੀ ਘੱਟ ਹੈ। ਸਿਹਤ ਸੇਵਾਵਾਂ ਅਤੇ ਸਿੱਖਿਆ ਦੇ ਨਿੱਜੀਕਰਨ ਅਤੇ ਹੋਰ ਜੀਵਨ ਹਾਲਾਤ ਦੀ ਮਹਿੰਗਾਈ ਨੇ ਕਿਸਾਨਾਂ ਦੀ ਹਾਲਤ ਤਰਸਯੋਗ ਬਣਾ ਦਿੱਤੀ। ਬੱਚਿਆਂ ਨੂੰ ਮਹਿੰਗੀ ਵਿੱਦਿਆ ਦੇਣ ਦੇ ਬਾਵਜੂਦ ਰੋਜ਼ਗਾਰ ਦੇ ਮੌਕੇ ਨਾ ਹੋਣ ਕਾਰਨ ਲੋਕ ਬੇਵਸੀ ਦੀ ਹਾਲਤ ਵਿਚ ਧੱਕੇ ਗਏ। ਪਰਵਾਸ ਦਾ ਅਮਲ ਵੀ ਇਨ੍ਹਾਂ ਹਾਲਾਤ ’ਚੋਂ ਹੀ ਜਨਮ ਲੈਂਦਾ ਹੈ।  ਦੇਸ਼ ਭਰ 'ਚ ਕਿਸਾਨਾਂ ਵੱਲੋਂ ਖੁਦਕੁਸ਼ੀਆਂ ਕਰਨ ਦੇ ਮਾਮਲੇ 'ਚ ਪੰਜਾਬ ਸਭ ਤੋਂ ਉੱਪਰ ਨਜ਼ਰ ਆ ਰਿਹਾ ਹੈ।

ਘੱਟ ਰਿਹਾ ਹੈ ਰੋਜ਼ਗਾਰ

ਖੇਤੀ ਸੈਕਟਰ ਵਿਚ ਮਿਲਣ ਵਾਲਾ ਰੋਜ਼ਗਾਰ ਲਗਾਤਾਰ ਘੱਟ ਰਿਹਾ ਹੈ। ਦੇਸ ਵਿਚ ਜਿੱਥੇ 1972-73 ਵਿਚ ਇਹ ਸੈਕਟਰ 74 ਫੀਸਦ ਲੋਕਾਂ ਨੂੰ ਰੋਜ਼ਗਾਰ ਦਿੰਦਾ ਸੀ, ਉੱਥੇ 1993-94 ਵਿਚ 64 ਫੀਸਦ ਅਤੇ ਹੁਣ ਸਿਰਫ 54 ਫੀਸਦੀ ਲੋਕਾਂ ਨੂੰ ਹੀ ਰੋਜ਼ਗਾਰ ਮੁਹੱਈਆ ਕਰਦਾ ਹੈ। ਇਸੇ ਤਰ੍ਹਾਂ ਖੇਤੀਬਾੜੀ ਦਾ ਕੁੱਲ ਘਰੇਲੂ ਉਤਪਾਦਨ ਵਿਚ ਹਿੱਸਾ 1972-73 ਵਿਚ 41 ਫੀਸਦੀ, 1993-94 ਵਿਚ 30 ਫੀਸਦੀ ਅਤੇ ਹੁਣ ਘਟ ਕੇ ਸਿਰਫ਼ 14 ਫੀਸਦੀ ਰਹਿ ਗਿਆ। ਇੱਥੇ ਹੀ ਬੱਸ ਨਹੀਂ, ਖੇਤੀ ਕਾਮਿਆਂ ਦੀ ਉਤਪਾਦਕਤਾ ਦੂਜੇ ਸੈਕਟਰਾਂ ਵਿਚ ਕੰਮ ਕਰਨ ਵਾਲੇ ਲੋਕਾਂ ਦੀ ਉਤਪਾਦਕਤਾ ਨਾਲੋਂ ਕਾਫੀ ਘੱਟ ਹੈ। ਸਿਹਤ ਸੇਵਾਵਾਂ ਅਤੇ ਸਿੱਖਿਆ ਦੇ ਨਿੱਜੀਕਰਨ ਅਤੇ ਹੋਰ ਜੀਵਨ ਹਾਲਾਤ ਦੀ ਮਹਿੰਗਾਈ ਨੇ ਕਿਸਾਨਾਂ ਦੀ ਹਾਲਤ ਤਰਸਯੋਗ ਬਣਾ ਦਿੱਤੀ। ਬੱਚਿਆਂ ਨੂੰ ਮਹਿੰਗੀ ਵਿੱਦਿਆ ਦੇਣ ਦੇ ਬਾਵਜੂਦ ਰੋਜ਼ਗਾਰ ਦੇ ਮੌਕੇ ਨਾ ਹੋਣ ਕਾਰਨ ਲੋਕ ਬੇਵਸੀ ਦੀ ਹਾਲਤ ਵਿਚ ਧੱਕੇ ਗਏ। ਪਰਵਾਸ ਦਾ ਅਮਲ ਵੀ ਇਨ੍ਹਾਂ ਹਾਲਾਤ ’ਚੋਂ ਹੀ ਜਨਮ ਲੈਂਦਾ ਹੈ।

ਖੇਤੀ ਦੇ ਪੂੰਜੀਵਾਦੀ ਮਾਡਲ ਅਤੇ ਸਿਫਤੀ ਤੌਰ ’ਤੇ ਸੰਸਾਰੀਕਰਨ ਦੀਆਂ ਨੀਤੀਆਂ ਕਰ ਕੇ ਖੇਤੀ ਖੇਤਰ ਨੂੰ ਦਿੱਤੀਆਂ ਜਾਣ ਵਾਲੀਆਂ ਸਬਸਿਡੀਆਂ/ਰਿਆਇਤਾਂ ਦਾ ਵੀ ਖ਼ਾਤਮਾ ਹੋ ਗਿਆ ਅਤੇ ਕੌਮਾਂਤਰੀ ਮੰਡੀ ਦੇ ਪ੍ਰਭਾਵ ਕਰ ਕੇ ਫ਼ਸਲਾਂ ਦੇ ਵਾਜਬ ਭਾਅ ਵੀ ਮਿਲਣੇ ਬੰਦ ਹੋ ਗਏ। ਇਸ ਨਾਲ ਕਿਸਾਨੀ ਦੇ ਸ਼ੁੱਧ ਮੁਨਾਫੇ ਘਟ ਗਏ ਤੇ ਉਹ ਕਰਜ਼ੇ ਦੇ ਜਾਲ ਵਿਚ ਫਸ ਗਏ। ਕਰਜ਼ਾ ਵਧਣ ਦਾ ਮੁੱਖ ਕਾਰਨ ਕਿਸਾਨਾਂ ਦੀ ਅਸਲ ਆਮਦਨ ਦਾ ਘਟਣਾ ਹੀ ਹੈ। ਅੱਜ ਪੰਜਾਬ ਦੇ ਖੇਤੀ ਸੈਕਟਰ ਉੱਪਰ ਇੱਕ ਲੱਖ ਕਰੋੜ ਰੁਪਏ ਕਰਜ਼ਾ ਹੈ ਜੋ ਹਰ ਪਰਿਵਾਰ ਸਿਰ ਔਸਤਨ 10 ਲੱਖ ਰੁਪਏ ਕਰਜ਼ਾ ਆਉਂਦਾ ਹੈ।

ਪੰਜਾਬ ਦੇ ਮਾਲਵਾ ’ਚ ਸਭ ਤੋਂ ਵੱਧ ਖੁਦਕੁਸ਼ੀਆਂ

ਪੰਜਾਬ ਵਿਚ ਖੁਦਕੁਸ਼ੀਆਂ ਕਰਨ ਦੇ ਮਾਮਲੇ ਵਿਚ ਮਾਲਵਾ ਜ਼ੋਨ ਸਭ ਤੋਂ ਅੱਗੇ ਹੈ। ਪੰਜਾਬ ਦੇ ਵਿਚ ਸਭ ਤੋਂ ਵੱਧ ਹੋਣ ਵਾਲੀਆਂ ਖ਼ੁਦਕੁਸ਼ੀਆਂ ਵਿਚੋਂ 97 ਫੀਸਦੀ ਦੇ ਕਰੀਬ ਖ਼ੁਦਕੁਸ਼ੀਆਂ ਇਕਲਿਆਂ ਮਾਲਵਾ ਰੀਜਨ ਵਿਚ ਹੁੰਦੀਆਂ ਹਨ ਜਿਸ ਦਾ ਇਕ ਵੱਡਾ ਕਾਰਨ ਖੇਤੀ ਦਾ ਠੇਕਾ ਹੈ ਜੋ ਕਿ ਮਾਲਵਾ ਰੀਜਨ ਦੇ ਵਿਚ 50000 ਰੁਪਏ ਤੋਂ ਲੈ ਕੇ 65000 ਪੰਜ ਸੌ ਰੁਪਏ ਪ੍ਰਤੀ ਏਕੜ ਹੈ ਜਦੋਂਕਿ ਦੋਆਬਾ ਦੇ ਵਿਚ ਇਹ 30000-45000 ਦੇ ਕਰੀਬ ਹੈ। ਇਹ ਤਸਵੀਰ ਪੰਜਾਬ ਦੀ ਹੀ ਨਹੀਂ ਸਗੋਂ ਸਮੁੱਚੇ ਭਾਰਤ ਦੀ ਹੈ। ਸਭ ਤੋਂ ਵੱਧ ਕਿਸਾਨ ਖੁਦਕੁਸ਼ੀਆਂ ਮਹਾਂਰਾਸ਼ਟਰ ਵਿਚ ਹੁੰਦੀਆਂ ਹਨ ਜਿੱਥੇ ਕੁਲ ਖੁਦਕੁਸ਼ੀਆਂ ਦਾ 45 ਫੀਸਦੀ ਖੁਦਕੁਸ਼ੀਆਂ ਹੁੰਦੀਆਂ ਹਨ।

ਖੇਤ ਮਜ਼ਦੂਰਾਂ ਦੀ ਹਾਲਤ ਜ਼ਿਆਦਾ ਭੈੜੀ

ਇਕ ਖੇਤ ਮਜ਼ਦੂਰ ਪਰਿਵਾਰ ਉੱਪਰ ਔਸਤਨ 66,330 ਰੁਪਏ ਦਾ ਕਰਜ਼ਾ ਹੈ ਤੇ 80 ਫੀਸਦੀ ਮਜ਼ਦੂਰ ਪਰਿਵਾਰ ਕਰਜ਼ਾਈ ਹਨ। ਇਨ੍ਹਾਂ ਵਿਚੋਂ 92 ਫੀਸਦੀ ਮਜ਼ਦੂਰਾਂ ਦੇ ਕਰਜ਼ੇ ਗੈਰ-ਸੰਸਥਾਗਤ ਹਨ। ਭਾਵ ਖੇਤ ਮਜ਼ਦੂਰ ਜ਼ਿਆਦਾਤਰ ਧਨੀ ਕਿਸਾਨੀ ਦੇ ਹੀ ਕਰਜ਼ਾਈ ਹਨ। ਇਹ ਕਰਜ਼ਾ ਲਾਹੁਣ ਲਈ ਉਨ੍ਹਾਂ ਦਾ ਪੂਰਾ ਪਰਿਵਾਰ ਕੰਮ ਕਰਦਾ ਹੈ। ਮਰਦਾਂ ਤੋਂ ਬਿਨਾਂ ਔਰਤਾਂ ਤੇ ਬੱਚੇ ਵੀ ਖੇਤਾਂ ਵਿਚ ਫਸਲਾਂ ਦੀ ਬਿਜਾਈ, ਵਾਢੀ, ਸਬਜ਼ੀਆਂ ਤੇ ਫਲਾਂ ਦੀ ਤੁੜਾਈ, ਸਾਂਭ-ਸੰਭਾਲ ਆਦਿ ਦੇ ਕੰਮ ਕਰਦੀਆਂ ਹਨ। ਖੇਤਾਂ ਦੇ ਨਾਲ-ਨਾਲ ਮਜ਼ਦੂਰ ਪਰਿਵਾਰਾਂ ਦੀਆਂ ਔਰਤਾਂ ਤੇ ਬੱਚੇ ਕਰਜ਼ਾ ਦੇਣ ਵਾਲਿਆਂ ਦੇ ਘਰਾਂ ਵਿਚ ਸਾਫ-ਸਫਾਈ, ਗੋਹਾ-ਕੂੜਾ, ਪਸ਼ੂਆਂ ਦੀ ਦੇਖਭਾਲ ਆਦਿ ਜਿਹੇ ਘਰੇਲੂ ਕੰਮ ਕਰਦੇ ਹਨ। ਇਨ੍ਹਾਂ ਖੇਤ ਮਜ਼ਦੂਰਾਂ ਦੇ ਮਾਮਲੇ ਵਿਚ ਮਨਮਰਜ਼ੀ ਦੇ ਵਿਆਜ ਲਾਏ ਜਾਂਦੇ ਹਨ ਅਤੇ ਉਨ੍ਹਾਂ ਦੀ ਕਿਰਤ ਦਾ ਵੀ ਕੋਈ ਬੱਝਵਾਂ ਮੁੱਲ ਨਹੀਂ ਹੁੰਦਾ ਤੇ ਉਨ੍ਹਾਂ ਤੋਂ ਬਹੁਤ ਜ਼ਿਆਦਾ ਕੰਮ ਲਿਆ ਜਾਂਦਾ ਹੈ। ਖੇਤ ਮਜ਼ਦੂਰਾਂ ਨੂੰ ਮਕਾਨ ਉਸਾਰੀ, ਦਵਾ-ਇਲਾਜ, ਪੜਾਈ, ਵਿਆਹ ਆਦਿ ਕਾਰਨ ਕਰਜ਼ਾ ਲੈਣਾ ਪੈਂਦਾ ਹੈ ਜੋ ਮੁੜ ਸਾਰੇ ਟੱਬਰ ਵਲੋਂ ਵਗਾਰ ਕਰਨ ’ਤੇ ਵੀ ਨਹੀਂ ਲਹਿੰਦਾ। ਜਦੋਂ ਗੱਲ ਤੁਰ ਕੇ ਇਸ ਨੁਕਤੇ ’ਤੇ ਆਉਂਦੀ ਹੈ ਕਿ ਇਸ ਕਰਜ਼ੇ ਦਾ ਕਾਰਨ ਕੀ ਹੈ ਤਾਂ ਉੱਥੇ ਅਕਸਰ ਅਸਪੱਸ਼ਟਤਾ ਤੇ ਰੌਲ-ਘਚੌਲਾ ਹੀ ਵੇਖਣ ਨੂੰ ਮਿਲਦਾ ਹੈ।

ਨੋਟ- ਇਸ ਖ਼ਬਰ ਬਾਰੇ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਦਿਓ ਜਵਾਬ।


Anuradha

Content Editor

Related News