ਨਸ਼ੀਲੀਆਂ ਗੋਲੀਆਂ ਸਮੇਤ 2 ਅੜਿੱਕੇ
Sunday, Jul 23, 2017 - 12:01 AM (IST)
ਫ਼ਰੀਦਕੋਟ(ਰਾਜਨ)- ਵੱਖ-ਵੱਖ ਪੁਲਸ ਪਾਰਟੀਆਂ ਵੱਲੋਂ 2 ਕਥਿਤ ਦੋਸ਼ੀਆਂ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਥਾਣਾ ਸਿਟੀ ਦੇ ਹੌਲਦਾਰ ਜਸਵੰਤ ਸਿੰਘ ਦੀ ਅਗਵਾਈ ਹੇਠ ਪੁਲਸ ਪਾਰਟੀ ਗਸ਼ਤ ਕਰ ਰਹੀ ਸੀ ਤਾਂ ਸਾਦਿਕ ਚੌਕ ਵਿਖੇ ਮੁਖਬਰ ਨੇ ਇਤਲਾਹ ਦਿੱਤੀ ਕਿ ਇਕ ਵਿਅਕਤੀ ਇੱਥੋਂ ਦੇ ਨਹਿਰੂ ਸਟੇਡੀਅਮ ਦੇ ਗੇਟ ਨੰਬਰ 2 'ਤੇ ਨਸ਼ੀਲੀਆਂ ਗੋਲੀਆਂ ਵੇਚ ਰਿਹਾ ਹੈ, ਜਿਸ 'ਤੇ ਪੁਲਸ ਪਾਰਟੀ ਵੱਲੋਂ ਰੇਡ ਮਾਰ ਕੇ ਦੋਸ਼ੀ ਨੂੰ 50 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰ ਲਿਆ ਗਿਆ, ਜਿਸ ਦੀ ਪਛਾਣ ਬਾਅਦ 'ਚ ਪਾਲ ਸਿੰਘ ਵਾਸੀ ਪਿੰਡ ਧੂੜਕੋਟ ਵਜੋਂ ਹੋਈ। ਇਸੇ ਤਰ੍ਹਾਂ ਜਦ ਸਹਾਇਕ ਥਾਣੇਦਾਰ ਚਰਨਜੀਤ ਸਿੰਘ ਥਾਣਾ ਸਦਰ ਫਰੀਦਕੋਟ ਦੀ ਅਗਵਾਈ ਹੇਠਲੀ ਪੁਲਸ ਪਾਰਟੀ ਗਸ਼ਤ ਕਰ ਰਹੀ ਸੀ ਤਾਂ ਪੁਲਸ ਨੇ ਪਿੰਡ ਮਚਾਕੀ ਖੁਰਦ ਤੋਂ 1 ਕਿਲੋਮੀਟਰ ਪਿੱਛੇ ਕਥਿਤ ਦੋਸ਼ੀ ਚਮਕੌਰ ਸਿੰਘ ਵਾਸੀ ਪਿੰਡ ਝੋਟੀਵਾਲਾ ਨੂੰ 190 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ। ਜਾਣਕਾਰੀ ਅਨੁਸਾਰ ਜਦ ਇਹ ਦੋਸ਼ੀ ਪੈਦਲ ਆ ਰਿਹਾ ਸੀ ਤਾਂ ਪੁਲਸ ਪਾਰਟੀ ਨੂੰ ਵੇਖ ਕੇ ਘਬਰਾ ਗਿਆ ਤੇ ਪਿੱਛੇ ਮੁੜਨ ਦੀ ਤਾਕ ਲਾ ਰਹੇ ਇਸ ਨੂੰ ਜਦ ਸ਼ੱਕ ਦੇ ਆਧਾਰ 'ਤੇ ਰੋਕ ਕੇ ਇਸ ਦੀ ਤਲਾਸ਼ੀ ਲਈ ਗਈ ਤਾਂ ਇਸ ਪਾਸੋਂ ਉਕਤ ਮਾਤਰਾ 'ਚ ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਇਨ੍ਹਾਂ ਦੋਵੇਂ ਦੋਸ਼ੀਆਂ ਵਿਰੁੱਧ ਮੁਕੱਦਮਾ ਦਰਜ ਕਰ ਕੇ ਪੁਲਸ ਵੱਲੋਂ ਅਗਲੀ ਕਾਰਵਾਈ ਜਾਰੀ ਹੈ।
