ਪੁਲਸ ਨੇ ਨਾਜਾਇਜ਼ ਸ਼ਰਾਬ ਸਮੇਤ 2 ਨੂੰ ਕੀਤਾ ਕਾਬੂ

10/17/2017 2:26:51 AM

ਤਲਵੰਡੀ ਸਾਬੋ(ਮੁਨੀਸ਼)-ਤਲਵੰਡੀ ਸਾਬੋ ਪੁਲਸ ਨੇ ਵੱਖ-ਵੱਖ ਮਾਮਲਿਆਂ ਚ ਵੱਡੀ ਮਾਤਰਾ 'ਚ ਸ਼ਰਾਬ ਸਮੇਤ ਦੋ ਲੋਕਾਂ ਨੂੰ ਗ੍ਰਿਫਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ। ਮਨੋਜ ਸ਼ਰਮਾ ਥਾਣਾ ਮੁਖੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੌਲਦਾਰ ਕੁਲਦੀਪ ਸਿੰਘ ਨੇ ਪੁਲਸ ਪਾਰਟੀ ਸਮੇਤ ਰਾਮਾਂ ਰੋਡ 'ਤੇ ਸੂਏ ਨੇੜੇ ਨਾਕਾਬੰਦੀ ਕੀਤੀ ਹੋਈ ਸੀ ਕਿ ਇਸ ਦੌਰਾਨ ਰਾਮਾਂ ਵੱਲੋਂ ਆ ਰਹੀ ਇਕ ਮਾਰੂਤੀ ਕਾਰ ਨੂੰ ਰੁਕਣ ਦਾ ਇਸ਼ਾਰਾ ਕੀਤਾ ਗਿਆ ਤਾਂ ਉਨ੍ਹਾਂ ਭੱਜਣ ਦੀ ਕੋਸ਼ਿਸ਼ ਕੀਤੀ ਪਰ ਪੁਲਸ ਨੇ ਉਨ੍ਹਾਂ ਨੂੰ ਕਾਬੂ ਕਰ ਕੇ ਕਾਰ ਦੀ ਤਲਾਸ਼ੀ ਲਈ ਤਾਂ ਉਸ 'ਚੋਂ 120 ਬੋਤਲਾਂ ਸ਼ਰਾਬ ਠੇਕਾ ਦੇਸੀ ਹਰਿਆਣਾ ਬਰਾਮਦ ਕੀਤੀ ਗਈ। ਪੁਲਸ ਨੇ ਕਾਰ ਤੇ ਸ਼ਰਾਬ ਨੂੰ ਆਪਣੇ ਕਬਜ਼ੇ 'ਚ ਲੈ ਕੇ ਕਥਿਤ ਮੁਲਜ਼ਮ ਹਰਦੇਵ ਸਿੰਘ ਵਾਸੀ ਗਿਆਨਾ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਥਾਣਾ ਮੁਖੀ ਨੇ ਦੱਸਿਆ ਕਿ ਦੂਜੇ ਮਾਮਲੇ 'ਚ ਹੌਲਦਾਰ ਕੁਲਦੀਪ ਸਿੰਘ ਨੇ ਪੁਲਸ ਪਾਰਟੀ ਸਮੇਤ ਅਮਰੀਕ ਸਿੰਘ ਵਾਸੀ ਭਾਗੀਵਾਂਦਰ ਦੇ ਘਰ 'ਚ ਛਾਪਾਮਾਰੀ ਕਰ ਕੇ 4 ਪੇਟੀਆਂ ਸ਼ਰਾਬ ਠੇਕਾ ਦੇਸੀ ਹਰਿਆਣਾ ਬਰਾਮਦ ਕੀਤੀਆਂ ਹਨ। ਪੁਲਸ ਪਾਰਟੀ ਨੇ ਸ਼ਰਾਬ ਨੂੰ ਕਬਜ਼ੇ 'ਚ ਲੈ ਕੇ ਅਮਰੀਕ ਸਿੰਘ ਵਾਸੀ ਭਾਗੀਵਾਂਦਰ ਖਿਲਾਫ ਮਾਮਲਾ ਦਰਜ ਕਰ ਲਿਆ ਹੈ ।


Related News