ਨਸ਼ੇ ਵਾਲੀਆਂ ਗੋਲੀਆਂ ਤੇ ਨਾਜਾਇਜ਼ ਸ਼ਰਾਬ ਸਮੇਤ 2 ਗ੍ਰਿਫਤਾਰ

Thursday, Mar 08, 2018 - 02:10 AM (IST)

ਫਿਰੋਜ਼ਪੁਰ(ਕੁਮਾਰ, ਮਲਹੋਤਰਾ)-ਸੀ. ਆਈ. ਏ. ਸਟਾਫ ਫਿਰੋਜ਼ਪੁਰ ਦੀ ਪੁਲਸ ਨੇ ਏ. ਐੱਸ. ਆਈ. ਸੁਖਦਰਸ਼ਨ ਕੁਮਾਰ ਅਤੇ ਏ. ਐੱਸ. ਆਈ. ਪਿੱਪਲ ਸਿੰਘ ਦੀ ਅਗਵਾਈ ਹੇਠ 2 ਵਿਅਕਤੀਆਂ ਨੂੰ ਨਸ਼ੇ ਵਾਲੀਆਂ ਗੋਲੀਆਂ ਤੇ ਨਾਜਾਇਜ਼ ਸ਼ਰਾਬ ਸਮੇਤ ਗ੍ਰਿਫਤਾਰ ਕੀਤਾ ਹੈ, ਜਿਨ੍ਹਾਂ ਖਿਲਾਫ ਥਾਣਾ ਫਿਰੋਜ਼ਪੁਰ ਛਾਉਣੀ ਵਿਚ ਮੁਕੱਦਮੇ ਦਰਜ ਕੀਤੇ ਹਨ। ਜਾਣਕਾਰੀ ਦਿੰਦਿਆਂ ਸੀ. ਆਈ. ਏ. ਸਟਾਫ ਫਿਰੋਜ਼ਪੁਰ ਦੇ ਇੰਚਾਰਜ ਇੰਸਪੈਕਟਰ ਅਵਤਾਰ ਸਿੰਘ, ਰਾਜਪਾਲ ਸਿੰਘ ਨੇ ਦੱਸਿਆ ਕਿ ਐੱਸ. ਪੀ. ਇਨਵੈਸਟੀਗੇਸ਼ਨ ਫਿਰੋਜ਼ਪੁਰ ਭੁਪਿੰਦਰ ਸਿੰਘ ਬਾਠ ਅਤੇ ਡੀ. ਐੱਸ. ਪੀ. ਇਨਵੈਸਟੀਗੇਸ਼ਨ ਫਿਰੋਜ਼ਪੁਰ ਭੁਪਿੰਦਰ ਸਿੰਘ ਭੁੱਲਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਗਸ਼ਤ ਤੇ ਚੈਕਿੰਗ ਦੌਰਾਨ ਏ. ਐੱਸ. ਆਈ. ਸੁਖਦਰਸ਼ਨ ਸਿੰਘ ਅਤੇ ਉਨ੍ਹਾਂ ਦੀ ਪੁਲਸ ਪਾਰਟੀ ਨੇ ਸ਼ੱਕ ਦੇ ਆਧਾਰ 'ਤੇ ਇਕ ਵਿਅਕਤੀ ਨੂੰ ਕਾਬੂ ਕਰ ਕੇ ਉਸ ਕੋਲੋਂ 5100 ਨਸ਼ੇ ਵਾਲੀਆਂ ਗੋਲੀਆਂ ਬਰਾਮਦ ਕੀਤੀਆਂ। ਪੁੱਛਗਿੱਛ ਕਰਨ 'ਤੇ ਉਕਤ ਵਿਅਕਤੀ ਨੇ ਆਪਣਾ ਨਾਂ ਗੌਰਵ ਪੁੱਤਰ ਗੁਰਮੀਤ ਵਾਸੀ ਜ਼ਿਲਾ ਤਰਨਤਾਰਨ ਦੱਸਿਆ। ਇਸੇ ਤਰ੍ਹਾਂ ਇੰਸ. ਅਵਤਾਰ ਸਿੰਘ ਨੇ ਦੱਸਿਆ ਕਿ ਸਵੇਰ ਦੇ ਸਮੇਂ ਐੱਮ. ਐੱਲ. ਐੱਮ. ਸਕੂਲ ਫਿਰੋਜ਼ਪੁਰ ਦੀ ਗਰਾਊਂਡ ਦੇ ਕੋਲ ਏ. ਐੱਸ. ਆਈ. ਪਿੱਪਲ ਸਿੰਘ ਅਤੇ ਉਨ੍ਹਾਂ ਦੀ ਪੁਲਸ ਪਾਰਟੀ ਨੇ 500 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਹਰੂਨਾ ਪੁੱਤਰ ਬਲਕਾਰ ਨੂੰ ਗ੍ਰਿਫਤਾਰ ਕੀਤਾ ਹੈ। ਦੂਸਰੇ ਪਾਸੇ ਥਾਣਾ ਮੱਲਾਂਵਾਲਾ ਦੀ ਪੁਲਸ ਨੇ 120 ਲਿਟਰ ਲਾਹਣ ਬਰਾਮਦ ਕਰ ਕੇ ਗੁਰਭੇਜ ਸਿੰਘ ਪੁੱਤਰ ਸ਼ੇਰ ਸਿੰਘ ਖਿਲਾਫ ਮੁਕੱਦਮਾ ਦਰਜ ਕੀਤਾ ਹੈ। ਐੱਚ. ਸੀ. ਕਰਮਦੀਪ ਸਿੰਘ ਨੇ ਦੱਸਿਆ ਕਿ ਮੁਲਜ਼ਮ ਪੁਲਸ ਨੂੰ ਦੇਖਦੇ ਹੀ ਫਰਾਰ ਹੋ ਗਿਆ।


Related News