ਨੌਕਰੀ ਮੰਗਦੇ ਬੇਰੁਜ਼ਗਾਰ ਅਧਿਆਪਕਾਂ ਨੂੰ ਗ੍ਰਿਫ਼ਤਾਰ ਕਰਨਾ ਮੰਦਭਾਗਾ: ਮੁਕੇਸ਼ ਮਲੌਦ

Monday, Apr 05, 2021 - 12:13 AM (IST)

ਭਵਾਨੀਗੜ੍ਹ, (ਵਿਕਾਸ)- ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਨੇ ਬੀਤੇ ਦਿਨੀਂ ਸੰਗਰੂਰ ਵਿਖੇ ਸੰਘਰਸ਼ ਕਰ ਰਹੇ ਬੇਰੁਜ਼ਗਾਰ ਅਧਿਆਪਕਾਂ ਨੂੰ ਸਿੱਖਿਆ ਮੰਤਰੀ ਦੇ ਕਥਿਤ ਇਸ਼ਾਰੇ 'ਤੇ ਗ੍ਰਿਫ਼ਤਾਰ ਕਰਨ ਦੀ ਕਾਰਵਾਈ ਦੀ ਸਖਤ ਸ਼ਬਦਾਂ 'ਚ ਨਿਖੇਧੀ ਕੀਤੀ ਹੈ। ਸੰਘਰਸ਼ ਕਮੇਟੀ ਦੇ ਜ਼ੋਨਲ ਪ੍ਰਧਾਨ ਮੁਕੇਸ਼ ਮਲੌਦ ਨੇ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਸੰਘਰਸ਼ ਕਰਦੇ ਅਧਿਆਪਕਾਂ ਉੱਪਰ ਕੈਬਨਿਟ ਮੰਤਰੀ ਦੀ ਸ਼ਹਿ 'ਤੇ ਹਮਲਾ ਕਰਕੇ ਉਨ੍ਹਾਂ ਨੂੰ ਜ਼ਖਮੀ ਕਰਨ ਸਮੇਤ ਅੱਧੇ ਦਰਜ਼ਨ ਨੌਜਵਾਨਾਂ ਖਿਲਾਫ਼ ਝੂਠਾ ਪਰਚਾ ਦਰਜ ਕਰਕੇ ਜੇਲ੍ਹ ਭੇਜਣਾ ਅਤਿ ਨਿੰਦਣਯੋਗ ਹੈ।  
ਮਲੌਦ ਨੇ ਆਖਿਆ ਕਿ ਘਰ-ਘਰ ਨੌਕਰੀਆਂ ਦੇਣ ਦੇ ਵੱਡੇ ਵਾਅਦੇ ਕਰਨ ਵਾਲੀ ਕੈਪਟਨ ਸਰਕਾਰ ਤੋਂ ਬੇਰੁਜ਼ਗਾਰ ਅਧਿਆਪਕ ਪਿਛਲੇ ਲੰਮੇ ਸਮੇਂ ਤੋਂ ਰੋਜ਼ਗਾਰ ਦੇਣ ਦੀ ਮੰਗ ਕਰ ਰਹੇ ਹਨ ਪਰੰਤੂ ਗੂੰਗੀ-ਬੋਲੀ ਬਣੀ ਬੈਠੀ ਸਰਕਾਰ ਇਨ੍ਹਾਂ ਸੰਘਰਸ਼ਕਾਰੀ ਅਧਿਆਪਕਾਂ ਦੀ ਸੁਣਵਾਈ ਨਹੀਂ ਕਰ ਰਹੀ ਬਲਕਿ ਇਨ੍ਹਾਂ ਨੂੰ ਪੁਲਸ ਦੀਆਂ ਲਾਠੀਆਂ ਦਾ ਸ਼ਿਕਾਰ ਹੋਣਾ ਪੈ ਰਿਹਾ ਹੈ। ਉਨ੍ਹਾਂ ਨੇ ਬੇਰੁਜ਼ਗਾਰ ਅਧਿਆਪਕਾਂ ਦੇ ਸੰਘਰਸ਼ ਦੀ ਹਮਾਇਤ ਕਰਦਿਆਂ ਪੰਜਾਬ ਸਰਕਾਰ ਤੋਂ ਉਨ੍ਹਾਂ ਦੀਆਂ ਮੰਗਾਂ ਤੁਰੰਤ ਮੰਨਣ ਅਤੇ ਅਧਿਆਪਕਾਂ ਉਪਰ ਹਮਲਾ ਕਰਨ ਵਾਲੇ ਗੁੰਡਿਆਂ ਖਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ।


Bharat Thapa

Content Editor

Related News